ਹੁਣ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਵੀ ਕਰਵਾਏਗੀ ਪੰਜਾਬ ਸਰਕਾਰ

07/19/2019 11:18:22 AM

ਮੋਗਾ (ਗੋਪੀ ਰਾਊਕੇ)—'ਘਰ-ਘਰ ਰੋਜ਼ਗਾਰ ਯੋਜਨਾ' ਤਹਿਤ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਮੁਹੱਈਆ ਕਰਾਉਣ ਲਈ ਹੁਣ ਪੰਜਾਬ ਸਰਕਾਰ ਨੇ ਬੇਰੋਜ਼ਗਾਰ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਕਰਾਉਣ ਦਾ ਵੀ ਫੈਸਲਾ ਕੀਤਾ ਹੈ। ਇਸ ਲਈ ਹਰੇਕ ਜ਼ਿਲੇ ਵਿਚ ਇੰਟਰਵਿਊ ਅਤੇ ਬਾਇਓਡਾਟਾ ਆਦਿ ਤਿਆਰ ਕਰਾਉਣ ਲਈ ਮਾਹਿਰਾਂ ਨੂੰ ਤਾਇਨਾਤ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਸੰਦੀਪ ਹੰਸ ਨੇ ਦੱਸਿਆ ਕਿ ਬੇਰੋਜ਼ਗਾਰ ਨੌਜਵਾਨਾਂ ਨੂੰ ਪੰਜਾਬ ਸਰਕਾਰ ਵਲੋਂ ਨੌਕਰੀਆਂ ਦੇ ਮੌਕੇ ਤਾਂ ਬਹੁਤ ਮੁਹੱਈਆ ਕਰਵਾਏ ਜਾ ਰਹੇ ਹਨ ਪਰ ਆਮ ਤੌਰ 'ਤੇ ਦੇਖਣ 'ਚ ਆਉਂਦਾ ਹੈ ਕਿ ਨੌਜਵਾਨ ਕਈ ਕਾਰਣਾਂ ਕਰਕੇ ਇੰਟਰਵਿਊ ਵਿਚ ਪਛੜ ਜਾਂਦੇ ਹਨ ਜਾਂ ਆਪਣੇ ਆਪ ਨੂੰ ਜਾਂ ਆਪਣੀ ਯੋਗਤਾ ਨੂੰ ਸਿੱਧ ਕਰਨ ਵਿਚ ਅਸਫ਼ਲ ਰਹਿੰਦੇ ਹਨ। ਕਿਤੇ ਨਾ ਕਿਤੇ ਉਨ੍ਹਾਂ ਦੇ ਦਸਤਾਵੇਜ਼ਾਂ ਵਿਚ ਵੀ ਕਮੀ ਪੇਸ਼ੀ ਰਹਿ ਜਾਂਦੀ ਹੈ। ਪੰਜਾਬ ਸਰਕਾਰ ਇਨ੍ਹਾਂ ਕਮੀਆਂ ਪੇਸ਼ੀਆਂ ਨੂੰ ਦੂਰ ਕਰਨ ਅਤੇ ਨੌਜਵਾਨਾਂ ਨੂੰ ਰੋਜ਼ਗਾਰ ਮੇਲਿਆਂ ਵਿਚ ਭਾਗ ਲੈਣ ਤੋਂ ਪਹਿਲਾਂ ਇੰਟਰਵਿਊ ਦੀ ਤਿਆਰੀ ਕਰਾਉਣ ਲਈ ਵੱਖ-ਵੱਖ ਏਜੰਸੀਆਂ ਨਾਲ ਗੱਲ ਕਰ ਰਹੀ ਹੈ, ਜੋ ਇਨ੍ਹਾਂ ਨੌਜਵਾਨਾਂ ਨੂੰ ਇੰਟਰਵਿਊ ਦੀ ਤਿਆਰੀ ਕਰਾਉਣ ਦੇ ਨਾਲ-ਨਾਲ ਨੌਜਵਾਨਾਂ ਦੀ ਸਖ਼ਸ਼ੀਅਤ ਉਸਾਰੀ (ਪ੍ਰਸਨੈਲਟੀ ਡਿਵੈੱਲਪਮੈਂਟ) ਅਤੇ ਦਸਤਾਵੇਜ਼ਾਂ ਦੀ ਤਿਆਰੀ ਆਦਿ ਕਰਾਉਣਗੀਆਂ। ਨੌਜਵਾਨਾਂ ਦੀ ਵਿਸ਼ੇਸ਼ ਤੌਰ 'ਤੇ ਮਾਹਿਰਾਂ ਵੱਲੋਂ ਕੌਂਸਲਿੰਗ ਕਰਵਾਈ ਜਾਇਆ ਕਰੇਗੀ।

ਜ਼ਿਲਾ ਦਫ਼ਤਰ ਵਿਚ ਏਜੰਸੀ ਅਤੇ ਮਾਹਿਰਾਂ ਦੀ ਤਾਇਨਾਤੀ ਜਲਦ ਕਰ ਦਿੱਤੀ ਜਾਵੇਗੀ। ਸੰਦੀਪ ਹੰਸ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਘਰ-ਘਰ ਰੋਜ਼ਗਾਰ ਯੋਜਨਾ ਤਹਿਤ ਸੂਬੇ ਭਰ ਵਿਚ 19 ਸਤੰਬਰ ਤੋਂ ਲੈ ਕੇ 30 ਸਤੰਬਰ ਤੱਕ ਮੈਗਾ ਰੋਜ਼ਗਾਰ ਮੇਲੇ ਲਗਾਏ ਜਾ ਰਹੇ ਹਨ। ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦੀ ਲੜੀ ਤਹਿਤ ਪਹਿਲਾ ਰੋਜ਼ਗਾਰ ਮੇਲਾ 19 ਸਤੰਬਰ ਨੂੰ ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਲਗਾਇਆ ਜਾ ਰਿਹਾ ਹੈ। ਜਿਨ੍ਹਾਂ ਲਈ ਤਿਆਰੀਆਂ ਹੁਣੇ ਤੋਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ। ਇਨ੍ਹਾਂ ਤਿਆਰੀਆਂ ਸੰਬੰਧੀ ਡਿਪਟੀ ਕਮਿਸ਼ਨਰ ਨੇ ਅੱਜ ਸਥਾਨਕ ਜ਼ਿਲਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸੰਦੀਪ ਹੰਸ ਨੇ ਦੱਸਿਆ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਦਾ ਮਕਸਦ ਵੱਧ ਤੋਂ ਵੱਧ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਸਮੂਹ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ-ਆਪਣੇ ਸੰਪਰਕ ਵਿਚ ਆਉਣ ਵਾਲੇ ਉਦਯੋਗਪਤੀਆਂ, ਛੋਟੇ ਕਾਰੋਬਾਰੀਆਂ ਅਤੇ ਕੰਪਨੀਆਂ ਨੂੰ ਲੋੜੀਂਦੀ ਮਨੁੱਖੀ ਸ਼ਕਤੀ ਬਾਰੇ ਜਾਣਕਾਰੀ ਹਾਸਲ ਕਰਕੇ ਬਿਊਰੋ ਦਫ਼ਤਰ ਵਿਖੇ ਜਲਦ ਤੋਂ ਜਲਦ ਪਹੁੰਚਦੀ ਕਰਨ ਤਾਂ ਜੋ ਬਿਊਰੋ ਵਿਖੇ ਰਜਿਸਟਰਡ ਪ੍ਰਾਰਥੀਆਂ ਨੂੰ ਇਨ੍ਹਾਂ ਰੋਜ਼ਗਾਰ ਮੇਲਿਆਂ ਬਾਰੇ ਜਾਣੂ ਕਰਵਾਇਆ ਜਾ ਸਕੇ।

ਜ਼ਿਲਾ ਰੋਜ਼ਗਾਰ ਅਫ਼ਸਰ ਪਰਮਿੰਦਰ ਕੌਰ ਨੇ ਦੱਸਿਆ ਕਿ ਦੱਸਿਆ ਕਿ ਜਿਹੜੇ ਨੌਜਵਾਨ ਸਵੈ ਰੋਜ਼ਗਾਰ ਅਪਣਾਉਣਾ ਚਾਹੁੰਦੇ ਹਨ ਉਨ੍ਹਾਂ ਨੂੰ ਇਸ ਮੇਲੇ ਦੌਰਾਨ ਵੱਖ-ਵੱਖ ਬੈਕਾਂ ਵੱਲੋਂ ਲੋਨ ਵੀ ਮੁਹੱਈਆ ਕਰਵਾਏ ਜਾਣਗੇ। ਸੰਦੀਪ ਹੰਸ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਨ੍ਹਾਂ ਰੋਜ਼ਗਾਰ ਮੇਲਿਆਂ ਵਿਚ ਵੱਧ ਤੋਂ ਵੱਧ ਨੌਜਵਾਨਾਂ ਨੂੰ ਲਿਆਉਣ ਅਤੇ ਨੌਕਰੀ ਮੁਹੱਈਆ ਕਰਾਉਣ ਲਈ ਵੱਧ ਤੋਂ ਵੱਧ ਉਪਰਾਲੇ ਕੀਤੇ ਜਾਣ। ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸਹਾਇਕ ਕਮਿਸ਼ਨਰ ਲਾਲ ਵਿਸ਼ਵਾਸ ਬੈਸ, ਵਧੀਕ ਡਿਪਟੀ ਕਮਿਸ਼ਨਰ ਵਿਕਾਸ ਰਜਿੰਦਰ ਬਤਰਾ, ਵਧੀਕ ਡਿਪਟੀ ਕਮਿਸ਼ਨਰ ਜਨਰਲ-ਕਮ-ਕਮਿਸ਼ਨਰ ਨਗਰ ਨਿਗਮ ਮੋਗਾ ਅਨੀਤਾ ਦਰਸ਼ੀ, ਉਪ ਮੰਡਲ ਮੈਸਿਟ੍ਰੇਟ ਮੋਗਾ ਗੁਰਬਿੰਦਰ ਸਿੰਘ ਜੌਹਲ, ਉਪ ਮੰਡਲ ਮੈਜਿਸਟ੍ਰੇਟ ਬਾਘਾਪੁਰਾਣਾ ਸਵਰਨਜੀਤ ਕੌਰ, ਉਪ ਮੰਡਲ ਮੈਜਿਸਟ੍ਰੇਟ ਨਿਹਾਲ ਸਿੰਘ ਵਾਲਾ ਡਾ. ਮਨਦੀਪ ਕੌਰ, ਉਪ ਮੰਡਲ ਮੈਜਿਸਟ੍ਰੇਟ ਧਰਮਕੋਟ ਨਰਿੰਦਰ ਸਿੰਘ ਧਾਲੀਵਾਲ, ਪਲੇਸਮੈਟ ਅਫ਼ਸਰ ਸੋਨੀਆ ਬਾਜਵਾ, ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ ਦੇ ਪ੍ਰਿੰਸੀਪਲ ਹਰਦੇਵ ਸਿੰਘ, ਜ਼ਿਲਾ ਸਿੱਖਿਆ ਅਫਸਰ (ਸੈ) ਪਰਦੀਪ ਸ਼ਰਮਾ ਹਾਜ਼ਰ ਸਨ।


Shyna

Content Editor

Related News