ਲੁਧਿਆਣਾ ਬੰਬ ਧਮਾਕੇ ਦੀ ਜਾਂਚ ਮਜੀਠੀਆ ਖਿਲਾਫ਼ FIR ਨਾਲ ਜੋੜ ਕੇ ਵੀ ਕੀਤੀ ਜਾ ਰਹੀ : ਮੁੱਖ ਮੰਤਰੀ ਚੰਨੀ

12/24/2021 11:53:32 AM

ਚੰਡੀਗੜ੍ਹ/ ਮੁੱਲਾਂਪੁਰ ਦਾਖਾਂ (ਬਿਊਰੋ) : ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਵਿਰੁੱਧ ਐੱਫ਼. ਆਈ. ਆਰ. ਦਰਜ ਕਰਨ ਤੋਂ ਬਾਅਦ ਲੁਧਿਆਣਾ ਸ਼ਹਿਰ ਨੂੰ ਹਿਲਾਉਣ ਵਾਲੇ ਬੰਬ ਧਮਾਕੇ ਦੇ ਨਾਲ-ਨਾਲ ਬੇਅਦਬੀ ਦੀਆਂ ਤਾਜਾ ਘਟਨਾਵਾਂ ਬਾਰੇ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸਵਾਲ ਕੀਤਾ ਕਿ ਮਜੀਠੀਆ ਵਿਰੁੱਧ ਐੱਫ਼. ਆਈ. ਆਰ. ਦਰਜ ਹੋਣ ਤੋਂ ਬਾਅਦ ਹੀ ਅਜਿਹੀਆਂ ਘਿਨਾਉਣੀਆਂ ਘਟਨਾਵਾਂ ਕਿਉਂ ਵਾਪਰੀਆਂ? ਇਹ ਦਲੀਲ ਦਿੰਦਿਆਂ ਕਿ ਕੁਝ ਪੰਜਾਬ ਵਿਰੋਧੀ ਤਾਕਤਾਂ ਹਨ ਜੋ ਸੂਬੇ ਦੀ ਸ਼ਾਂਤੀ ਨੂੰ ਭੰਗ ਕਰਨਾ ਚਾਹੁੰਦੀਆਂ ਹਨ, ਉਨ੍ਹਾਂ ਵੀ ਕਿਹਾ ਕਿ ਮਜੀਠੀਆ ’ਤੇ ਮਾਮਲਾ ਦਰਜ ਹੋਣ ਤੋਂ ਬਾਅਦ ਹੀ ਸਾਰੀਆਂ ਬੇਅਦਬੀ ਵਾਲੀਆਂ ਘਟਨਾਵਾਂ ਅਤੇ ਧਮਾਕੇ ਕਿਉਂ ਹੋ ਰਹੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਅਸੀਂ ਹਾਲ ਹੀ ’ਚ ਵਾਪਰੀਆਂ ਘਿਨਾਉਣੀਆਂ ਘਟਨਾਵਾਂ ਦੀ ਜਾਂਚ ਇਸ ਪੱਖੋਂ ਵੀ ਕਰ ਰਹੇ ਹਾਂ। ਉਨ੍ਹਾਂ ਅੱਗੇ ਕਿਹਾ ਕਿ ਸਿਰਫ਼ ਇਕ ਕੇਸ ਨੇ ਮਜੀਠੀਆ ਨੂੰ ਲੁਕਣ ਲਈ ਮਜਬੂਰ ਕਰ ਦਿੱਤਾ ਹੈ ਅਤੇ ਜੇਕਰ ਅਕਾਲੀ ਆਗੂ ਨੇ ਕੁਝ ਗਲਤ ਨਹੀਂ ਕੀਤਾ ਹੈ ਤਾਂ ਉਸ ਨੂੰ ਕਾਨੂੰਨੀ ਪ੍ਰਕਿਰਿਆ ਦਾ ਸਾਹਮਣਾ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਸੁਖਬੀਰ ਬਾਦਲ ਅਤੇ ਬਿਕਰਮ ਮਜੀਠੀਆ ’ਤੇ ਨਿਸ਼ਾਨਾ ਵਿੰਨ੍ਹਦਿਆਂ ਮੁੱਖ ਮੰਤਰੀ ਚੰਨੀ ਨੇ ਕਿਹਾ ਕਿ ਦੋਵਾਂ ਨੇ ਵੱਡੀ ਪੁਰਾਣੀ ਪਾਰਟੀ ਸ਼੍ਰੋਮਣੀ ਅਕਾਲੀ ਦਲ ਦੀ ਮਹਾਨ ਵਿਰਾਸਤ ਨੂੰ ਢਾਹ ਲਾਈ ਹੈ ਅਤੇ ਨਸ਼ਾ ਤਸਕਰੀ ਅਤੇ ਬੇਅਦਬੀ ਵਾਲੀਆਂ ਘਟਨਾਵਾਂ ’ਚ ਸ਼ਾਮਲ ਹੋ ਕੇ ਅਕਾਲੀ ਦਲ ਦੇ ਨਾਮ ਨੂੰ ਗੰਧਲਾ ਕੀਤਾ ਹੈ।

ਇਹ ਵੀ ਪੜ੍ਹੋ : ਤੁਸੀਂ ਉਹੀ ਕੱਟਦੇ ਹੋ, ਜੋ ਬੀਜਦੇ ਹੋ, ਹਰੀਸ਼ ਰਾਵਤ ’ਤੇ ਕੈਪਟਨ ਨੇ ਕੀਤੀ ਟਿੱਪਣੀ

ਇੱਥੇ ਦੱਸਣਯੋਗ ਹੈ ਕਿ ਅਕਾਲੀ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਅਗਾਊਂ ਜ਼ਮਾਨਤ ਲਈ ਮੋਹਾਲੀ ਅਦਾਲਤ ਵਿਚ ਅਰਜ਼ੀ ਦਾਇਰ ਕੀਤੀ ਹੈ। ਇਸ ਅਰਜ਼ੀ ਵਿਚ ਆਖਿਆ ਗਿਆ ਹੈ ਕਿ ਪੁਲਸ ਕੋਲ ਮਜੀਠੀਆ ਖ਼ਿਲਾਫ਼ ਕੋਈ ਸਬੂਤ ਨਹੀਂ ਹੈ ਅਤੇ ਇਹ ਮਾਮਲਾ ਗ਼ਲਤ ਢੰਗ ਨਾਲ ਦਰਜ ਕੀਤਾ ਗਿਆ ਹੈ। ਚੋਣਾਂ ਨੇੜੇ ਹੋਣ ਕਰਕੇ ਮਜੀਠੀਆ ਨੂੰ ਫਸਾਉਣ ਅਤੇ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਮਜੀਠੀਆ ਦੀ ਜ਼ਮਾਨਤ ਅਰਜ਼ੀ ’ਤੇ ਮੋਹਾਲੀ ਦੇ ਵਧੀਕ ਤੇ ਜ਼ਿਲ੍ਹਾ ਸੈਸ਼ਨ ਜੱਜ ਸੰਦੀਪ ਕੁਮਾਰ ਸਿੰਗਲਾ ਦੀ ਅਦਾਲਤ ਵਿਚ ਸੁਣਵਾਈ ਹੋਈ। ਇਸ ਦੌਰਾਨ ਸਰਕਾਰੀ ਵਕੀਲ ਅਤੇ ਬਚਾਅ ਪੱਖ ਦੇ ਵਕੀਲਾਂ ਵਿਚ ਜ਼ਬਰਦਸਤ ਬਹਿਸ ਹੋਈ। ਅਦਾਲਤ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਰਾਖਵਾਂ ਰੱਖ ਲਿਆ ਹੈ।

ਇਹ ਵੀ ਪੜ੍ਹੋ : ਕੇਂਦਰ ਸਰਕਾਰ ਪੰਜਾਬੀਆਂ ਦੇ ਲੰਬਿਤ ਮਸਲੇ ਹੱਲ ਕਰੇ, ਸਾਡੇ ਲਈ ਪੰਥ ਅਤੇ ਪੰਜਾਬ ਦੇ ਹਿੱਤ ਵਡੇਰੇ : ਢੀਂਡਸਾ

ਨੋਟ : ਇਸ ਖ਼ਬਰ ਬਾਰੇ ਤੁਸੀਂ ਕੀ ਕਹਿਣਾ ਚਾਹੁੰਦੇ ਹੋ, ਕੁਮੈਂਟ ਬਾਕਸ ’ਚ ਦਿਓ ਆਪਣੀ ਰਾਏ
 


Anuradha

Content Editor

Related News