ਜੇਲ੍ਹ ''ਚ ਇੰਟਰਵਿਊ ਦੇ ਮਾਮਲੇ ਦੀ ਜਾਂਚ ਪੂਰੀ, SIT ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ

Tuesday, Aug 19, 2025 - 12:51 PM (IST)

ਜੇਲ੍ਹ ''ਚ ਇੰਟਰਵਿਊ ਦੇ ਮਾਮਲੇ ਦੀ ਜਾਂਚ ਪੂਰੀ, SIT ਨੇ ਹਾਈਕੋਰਟ ਨੂੰ ਸੌਂਪੀ ਰਿਪੋਰਟ

ਚੰਡੀਗੜ੍ਹ (ਗੰਭੀਰ) : ਲਾਰੈਂਸ ਬਿਸ਼ਨੋਈ ਦੇ ਹਿਰਾਸਤ ’ਚ ਇੰਟਰਵਿਊ ਮਾਮਲੇ ਦੀ ਜਾਂਚ ਪੂਰੀ ਹੋ ਗਈ ਹੈ। ਆਈ. ਪੀ. ਐੱਸ. ਪ੍ਰਬੋਧ ਕੁਮਾਰ ਦੀ ਪ੍ਰਧਾਨਗੀ ਹੇਠ ਗਠਿਤ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਬੈਂਚ ਸਾਹਮਣੇ ਆਪਣੀ ਸੀਲਬੰਦ ਰਿਪੋਰਟ ਪੇਸ਼ ਕੀਤੀ। ਅਦਾਲਤ ਨੇ ਕਿਹਾ ਕਿ ਪਹਿਲਾਂ ਰਿਪੋਰਟ ਦਾ ਅਧਿਐਨ ਕੀਤਾ ਜਾਵੇਗਾ ਤੇ ਉਸ ਤੋਂ ਬਾਅਦ ਹੀ ਅਗਲੇ ਹੁਕਮ ਜਾਰੀ ਕੀਤੇ ਜਾਣਗੇ। ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਦਲੀਲ ਦਿੱਤੀ ਕਿ ਉਨ੍ਹਾਂ ਨੂੰ ਰਿਪੋਰਟ ਦੀ ਇਕ ਕਾਪੀ ਵੀ ਦਿੱਤੀ ਜਾਵੇ ਤਾਂ ਜੋ ਦੋਸ਼ੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾ ਸਕੇ। ਇਸ ’ਤੇ ਅਦਾਲਤ ਨੇ ਸਖ਼ਤ ਰੁਖ਼ ਅਪਣਾਉਂਦੇ ਹੋਏ ਕਿਹਾ ਕਿ ਸਰਕਾਰ ਨੇ ਹੁਣ ਤੱਕ ਇਸ ਮਾਮਲੇ ਵਿਚ ਕੀ ਕੀਤਾ ਹੈ? ਅਦਾਲਤ ਨੇ ਟਿੱਪਣੀ ਕੀਤੀ ਕਿ ਪੰਜਾਬ ’ਚ ਵਿਗੜਦੀ ਕਾਨੂੰਨ ਵਿਵਸਥਾ ਕਿਸੇ ਤੋਂ ਲੁਕੀ ਨਹੀਂ ਹੈ ਅਤੇ ਹਰ ਰੋਜ਼ ਗੋਲੀਆਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਸਰਕਾਰ ਨੇ ਕਿਹਾ ਕਿ ਸਥਿਤੀ ਸੁਧਰ ਰਹੀ ਹੈ ਪਰ ਅਦਾਲਤ ਨੇ ਇਸ ਦਾਅਵੇ ’ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਇਹ ਕਿਸ ਆਧਾਰ ’ਤੇ ਕਿਹਾ ਜਾ ਰਿਹਾ ਹੈ? ਅਦਾਲਤ ਨੇ ਸਪੱਸ਼ਟ ਕੀਤਾ ਕਿ ਲਾਰੈਂਸ ਇੰਟਰਵਿਊ ਮਾਮਲੇ ਵਿਚ ਸਿਰਫ਼ ਇਕ ਡੀ. ਐੱਸ. ਪੀ. ਪੱਧਰ ਦੇ ਅਧਿਕਾਰੀ ਖ਼ਿਲਾਫ਼ ਕਾਰਵਾਈ ਕੀਤੀ ਗਈ ਹੈ ਅਤੇ ਉਹ ਵੀ ਅਦਾਲਤ ਦੇ ਦਖ਼ਲ ਤੋਂ ਬਾਅਦ।
ਜੂਨੀਅਰ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਬਣਾ ਕੇ ਮਾਮਲਾ ਸ਼ਾਂਤ ਨਹੀਂ ਕੀਤਾ ਜਾਵੇਗਾ
ਅਦਾਲਤ ਨੇ ਕਿਹਾ ਕਿ ਪੰਜਾਬ ਦੀ ਸਥਿਤੀ ਚਿੰਤਾਜਨਕ ਹੈ, ਇਸ ਨਾਲ ਨਾ ਸਿਰਫ਼ ਆਮ ਲੋਕ ਸਗੋਂ ਉਦਯੋਗ ਵੀ ਪ੍ਰਭਾਵਿਤ ਹੋ ਰਹੇ ਹਨ। ਅਦਾਲਤ ਨੇ ਇਹ ਵੀ ਕਿਹਾ ਕਿ ਇੰਟਰਵਿਊ ਸਾਹਮਣੇ ਆਉਣ ਤੋਂ ਬਾਅਦ ਪੂਰੇ ਮਾਮਲੇ ਨੂੰ ਦਬਾਉਣ ਦੀ ਕੋਸ਼ਿਸ਼ ਕੀਤੀ ਗਈ। ਐੱਸ. ਆਈ. ਟੀ. ਦਾ ਗਠਨ ਅਤੇ ਪੰਜਾਬ ’ਚ ਇੰਟਰਵਿਊ ਨਾ ਹੋਣ ਦਾ ਦਾਅਵਾ ਅਸਲ ’ਚ ਕਵਰ-ਅਪ ਦੀ ਪ੍ਰਕਿਰਿਆ ਸੀ, ਜਿਸ ਰਾਹੀਂ ਸੀਨੀਅਰ ਅਧਿਕਾਰੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕੀਤੀ ਗਈ।

ਹਾਈਕੋਰਟ ਨੇ ਕਿਹਾ ਕਿ ਲਾਰੈਂਸ ਇੰਟਰਵਿਊ ਤੋਂ ਬਾਅਦ ਸੂਬੇ ’ਚ ਅਪਰਾਧ ਵਧਿਆ ਹੈ। ਅਦਾਲਤ ਨੇ ਸਪੱਸ਼ਟ ਕੀਤਾ ਕਿ ਦੋਸ਼ੀਆਂ ਨੂੰ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਅਤੇ ਜੂਨੀਅਰ ਅਧਿਕਾਰੀਆਂ ਨੂੰ ਬਲੀ ਦਾ ਬੱਕਰਾ ਬਣਾ ਕੇ ਮਾਮਲੇ ਨੂੰ ਸ਼ਾਂਤ ਨਹੀਂ ਕੀਤਾ ਜਾਵੇਗਾ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੂਬੇ ’ਚ ਵਿਗੜਦੀ ਕਾਨੂੰਨ ਵਿਵਸਥਾ ਦੀ ਸਥਿਤੀ ’ਤੇ ਗੰਭੀਰ ਚਿੰਤਾ ਪ੍ਰਗਟ ਕੀਤੀ ਹੈ। ਸੁਣਵਾਈ ਦੌਰਾਨ ਅਦਾਲਤ ਨੇ ਪੁੱਛਿਆ ਕਿ ਕੀ ਪੰਜਾਬ ’ਚ ਕਾਨੂੰਨ ਵਿਵਸਥਾ ਦੀ ਸਥਿਤੀ ’ਚ ਸੁਧਾਰ ਹੋਇਆ ਹੈ ਜਾਂ ਵਿਗੜ ਗਿਆ ਹੈ।
 


author

Babita

Content Editor

Related News