ਵਿਰਾਸਤੀ ਮਾਰਗ 'ਤੇ ਹੋਏ ਧਮਾਕਿਆਂ ਦੀ ਡੂੰਘਾਈ ਨਾਲ ਜਾਂਚ ਕਰਕੇ ਸਾਹਮਣੇ ਲਿਆਂਦਾ ਜਾਵੇ ਸੱਚ : ਐਡਵੋਕੇਟ ਧਾਮੀ

05/08/2023 6:43:36 PM

ਅੰਮ੍ਰਿਤਸਰ : ਸ੍ਰੀ ਅੰਮ੍ਰਿਤਸਰ ਸ਼ਹਿਰ ਅੰਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਵਿਰਾਸਤੀ ਮਾਰਗ ਉੱਤੇ ਹੋਏ ਦੋ ਧਮਾਕਿਆਂ ਮਗਰੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਅਤੇ ਪੁਲਸ ਪ੍ਰਸ਼ਾਸ਼ਨ ਇਸ ਮਾਮਲੇ ਦੀ ਸੰਜੀਦਗੀ ਨਾਲ ਮੁਕੰਮਲ ਜਾਂਚ ਕਰਕੇ ਸੱਚ ਸਾਹਮਣੇ ਲਿਆਵੇ, ਤਾਂ ਜੋ ਸ਼ਰਧਾਲੂ ਭੈਅ ਮੁਕਤ ਹੋ ਕੇ ਸ਼ਰਧਾ ਪ੍ਰਗਟਾਅ ਸਕਣ।

ਇਹ ਵੀ ਪੜ੍ਹੋ : ਨਾਬਾਲਗ ਮੁੰਡੇ ਦੀ ਵਾਇਰਲ ਵੀਡੀਓ ਨੇ ਸੋਸ਼ਲ ਮੀਡੀਆ 'ਤੇ ਮਚਾਈ ਤੜਥੱਲੀ, ਵੇਖ ਹਰ ਕੋਈ ਹੈਰਾਨ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸਿੱਖਾਂ ਦਾ ਕੇਂਦਰੀ ਅਸਥਾਨ ਹੈ, ਜਿੱਥੇ ਇਕ ਪਾਸੇ ਵੱਡੀ ਗਿਣਤੀ ਵਿੱਚ ਸਿੱਖ ਸੰਗਤ ਨਤਮਸਤਕ ਹੋਣ ਆਉਂਦੀ ਹੈ, ਉੱਥੇ ਹੀ ਦੇਸ਼ ਦੁਨੀਆ ਤੋਂ ਵੱਖ-ਵੱਖ ਧਰਮਾਂ, ਫਿਰਕਿਆਂ ਅਤੇ ਵਰਗਾਂ ਦੇ ਲੋਕ ਵੀ ਇੱਥੇ ਪੁੱਜਦੇ ਹਨ। ਉਨ੍ਹਾਂ ਕਿਹਾ ਕਿ ਦੋ ਦਿਨਾਂ ਅੰਦਰ ਵਾਪਰੀਆਂ ਧਮਾਕੇ ਦੀ ਘਟਨਾਵਾਂ ਨਾਲ ਦੇਸ਼ ਦੁਨੀਆ ਤੋਂ ਅੰਮ੍ਰਿਤਸਰ ਪੁੱਜਦੇ ਲੋਕਾਂ ਅਤੇ ਸੰਗਤ ਦੇ ਮਨਾਂ ਅੰਦਰ ਕਈ ਤਰ੍ਹਾਂ ਦੇ ਸ਼ੰਕੇ ਅਤੇ ਸਵਾਲਾਂ ਦੇ ਨਾਲ-ਨਾਲ ਡਰ ਭੈਅ ਵੀ ਪੈਦਾ ਹੋਇਆ ਹੈ, ਜਿਸ ਬਾਰੇ ਪੰਜਾਬ ਸਰਕਾਰ ਨੂੰ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਇਨ੍ਹਾਂ ਘਟਨਾਵਾਂ ਦਾ ਪਰਦਾਫਾਸ਼ ਕਰਕੇ ਸੰਗਤ ਅਤੇ ਅੰਮ੍ਰਿਤਸਰ ਪੁੱਜਦੇ ਲੋਕਾਂ ਨੂੰ ਭੈਅ ਮੁਕਤ ਕਰਕੇ ਆਉਣ ਲਈ ਮਾਹੌਲ ਦੇਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਟੀਚਰ ਐਲਿਜੀਬਿਲਿਟੀ ਟੈਸਟ ਦੇਣ ਵਾਲਿਆਂ ਲਈ ਵੱਡੀ ਖ਼ਬਰ, ਹੁਣ ਇਸ ਆਧਾਰ 'ਤੇ ਹੋਵੇਗਾ ਭਰਤੀ ਦਾ ਫ਼ੈਸਲਾ

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਸਰਕਾਰ ਅਤੇ ਪੁਲਸ ਪ੍ਰਸ਼ਾਸ਼ਨ ਨੂੰ ਲੋੜ ਪੈਣ ਉੱਤੇ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨ ਨੂੰ ਤਿਆਰ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਪੁਲਸ ਪ੍ਰਸ਼ਾਸ਼ਨ ਇਨ੍ਹਾਂ ਘਟਨਾਵਾਂ ਦੀ ਪਹਿਲਾਂ ਹੀ ਜਾਂਚ ਕਰ ਰਿਹਾ ਹੈ ਪਰ ਘਟਨਾਵਾਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨੂੰ ਆਉਂਦੇ ਰਸਤੇ ਨਾਲ ਜੁੜੀਆਂ ਹੋਣ ਕਰਕੇ ਡੂੰਘਾਈ ਨਾਲ ਜਾਂਚ ਹੋਣੀ ਅਤਿ ਜ਼ਰੂਰੀ ਹੈ। ਐਡਵੋਕੇਟ ਧਾਮੀ ਨੇ ਕਿਹਾ ਇਸ ਘਟਨਾ ਸਬੰਧੀ ਮੀਡੀਆ ਵਿੱਚ ਪ੍ਰਕਾਸ਼ਿਤ ਖ਼ਬਰਾਂ ਕਰਕੇ ਵੀ ਸੰਗਤ ਅਤੇ ਲੋਕਾਂ ਦੇ ਮਨਾਂ ਵਿੱਚ ਸ਼ੰਕੇ ਪੈਦਾ ਹੋਏ ਹਨ, ਇਸ ਲਈ ਸਰਕਾਰ ਨੂੰ ਜਲਦ ਹੀ ਜਾਂਚ ਮੁਕੰਮਲ ਕਰਕੇ ਸੱਚ ਸਾਹਮਣੇ ਲਿਆਉਣਾ ਚਾਹੀਦਾ ਹੈ।

ਇਹ ਵੀ ਪੜ੍ਹੋ : ਪੰਜਾਬ ਪੁਲਸ ਅਧਿਕਾਰੀਆਂ 'ਤੇ ਨਜ਼ਰਸਾਨੀ ਰੱਖਣ ਲਈ ਮਹਿਕਮੇ ਦਾ ਵੱਡਾ ਫ਼ੈਸਲਾ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


Harnek Seechewal

Content Editor

Related News