ਜਥੇਦਾਰ ਹਰਪ੍ਰੀਤ ਸਿੰਘ ਤੇ ਐਡਵੋਕੇਟ ਧਾਮੀ ਨੇ ਸਿੱਖ ਨੌਜਵਾਨੀ ਨੂੰ ਸਿੱਖ ਸ਼ਸਤਰ ਵਿੱਦਿਆ ਨਾਲ ਜੁੜਨ ਦਾ ਦਿੱਤਾ ਸੱਦਾ

Saturday, Jul 09, 2022 - 11:15 PM (IST)

ਜਥੇਦਾਰ ਹਰਪ੍ਰੀਤ ਸਿੰਘ ਤੇ ਐਡਵੋਕੇਟ ਧਾਮੀ ਨੇ ਸਿੱਖ ਨੌਜਵਾਨੀ ਨੂੰ ਸਿੱਖ ਸ਼ਸਤਰ ਵਿੱਦਿਆ ਨਾਲ ਜੁੜਨ ਦਾ ਦਿੱਤਾ ਸੱਦਾ

ਅੰਮ੍ਰਿਤਸਰ : ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮੀਰੀ ਪੀਰੀ ਦਿਵਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਤ ਕਰਨ ਦੀ ਅਰਦਾਸ ਉਪਰੰਤ ਰਸਮੀ ਸ਼ੁਰੂਆਤ ਕੀਤੀ। ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵਿਸ਼ੇਸ਼ ਤੌਰ ’ਤੇ ਸ਼ਿਰਕਤ ਕੀਤੀ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਘੰਟਾ ਘਰ ਦੇ ਬਾਹਰ ਬਣੇ ਪਲਾਜ਼ਾ ਵਿਖੇ ਵੱਖ-ਵੱਖ ਗੱਤਕਾ ਅਖਾੜਿਆਂ ਦੀਆਂ ਟੀਮਾਂ ਨੇ ਗੱਤਕੇ ਦੇ ਜੌਹਰ ਦਿਖਾਏ।

ਖ਼ਬਰ ਇਹ ਵੀ : ਸਾਬਕਾ ਅਕਾਲੀ ਮੰਤਰੀ ਦਾ ਭਤੀਜਾ ਗ੍ਰਿਫ਼ਤਾਰ, ਉਥੇ ਵੱਖਰੀ ਵਿਧਾਨ ਸਭਾ ਬਣਾਏਗਾ ਹਰਿਆਣਾ, ਪੜ੍ਹੋ TOP 10

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਜਿਥੇ ਸਾਨੂੰ ਗੁਰਬਾਣੀ, ਸਿਮਰਨ ਰਾਹੀਂ ਰੂਹਾਨੀਅਤ ਤੌਰ ’ਤੇ ਬਲਵਾਨ ਹੋਣ ਲਈ ਪ੍ਰੇਰਿਆ, ਉਥੇ ਹੀ ਸਰੀਰਕ ਤੇ ਰਾਜਸੀ ਤੌਰ ’ਤੇ ਤਗੜੇ ਹੋਣ ਅਤੇ ਸ਼ਸਤਰ ਕਲਾ 'ਚ ਨਿਪੁੰਨ ਹੋਣ ਲਈ ਵੀ ਕਿਹਾ। ਉਨ੍ਹਾਂ ਨੌਜਵਾਨਾਂ ਤੇ ਬੱਚੇ-ਬੱਚੀਆਂ ਨੂੰ ਸ਼ਸਤਰ ਵਿੱਦਿਆ ਨਾਲ ਜੁੜਨ ਤੇ ਅਭਿਆਸ ਕਰਨ ਦੀ ਪ੍ਰੇਰਣਾ ਵੀ ਕੀਤੀ। ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਨੇ ਮੀਰੀ ਪੀਰੀ ਦੇ ਸਿਧਾਂਤ ਨੂੰ ਸਮਰਪਿਤ ਦੋ ਕਿਰਪਾਨਾਂ ਪਹਿਨ ਕੇ ਸਿੱਖਾਂ ਲਈ ਪਾਤਸ਼ਾਹੀ ਜੀਵਨ ਦੀ ਮਿਸਾਲ ਦਿੱਤੀ। ਉਨ੍ਹਾਂ ਕਿਹਾ ਕਿ ਛੇਵੇਂ ਪਾਤਸ਼ਾਹ ਨੇ ਸਿੱਖਾਂ ਨੂੰ ਚੰਗੇ ਘੋੜੇ ਅਤੇ ਸ਼ਸਤਰ ਭੇਟ ਕਰਨ ਲਈ ਹੁਕਮ ਕੀਤੇ ਤੇ ਸ਼ਸਤਰ ਵਿੱਦਿਆ ਵਿੱਚ ਨਿਪੁੰਨ ਕੀਤਾ। ਉਨ੍ਹਾਂ ਕਿਹਾ ਕਿ ਸਿੱਖ ਸ਼ਸਤਰ ਕਲਾ ਗੱਤਕਾ ਆਤਮ ਰੱਖਿਆ ਦੇ ਨਾਲ-ਨਾਲ ਚੜ੍ਹ ਕੇ ਆਏ ਦੁਸ਼ਮਣ ਨਾਲ ਟਾਕਰੇ ਲਈ ਵੀ ਸਹਾਈ ਹੁੰਦਾ ਹੈ। ਉਨ੍ਹਾਂ ਨੌਜਵਾਨੀ ਨੂੰ ਸਿੱਖ ਸ਼ਸਤਰ ਕਲਾ ਗੱਤਕੇ ਨਾਲ ਜੁੜਨ ਦੀ ਅਪੀਲ ਕੀਤੀ।

ਇਹ ਵੀ ਪੜ੍ਹੋ : PSTCL ਦੇ ਵਧਦੇ ਕਦਮ, ਬਿਜਲੀ ਟਰਾਂਸਮਿਸ਼ਨ 'ਚ ਨਿਭਾ ਰਿਹਾ ਅਹਿਮ ਭੂਮਿਕਾ : ਏ. ਵੇਣੂ ਪ੍ਰਸਾਦ

ਇਸੇ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਗੱਤਕਾ ਫੈਡਰੇਸ਼ਨਾਂ, ਐਸੋਸੀਏਸ਼ਨਾਂ ਅਤੇ ਅਖਾੜਿਆਂ ਦੇ ਨੁਮਾਇੰਦਿਆਂ ਨਾਲ ਇਕੱਤਰਤਾ ਕੀਤੀ ਤੇ ਸਿੱਖ ਸ਼ਸਤਰ ਵਿੱਦਿਆ ਗੱਤਕਾ ਨੂੰ ਪ੍ਰਫੁੱਲਤ ਕਰਨ ਲਈ ਸਹਿਯੋਗ ਕਰਨ ਲਈ ਪ੍ਰੇਰਿਆ। ਗੁਰਚਰਨ ਸਿੰਘ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ, ਗੁਰਤੇਜ ਸਿੰਘ ਸ਼੍ਰੋਮਣੀ ਗੱਤਕਾ ਫੈਡਰੇਸ਼ਨ ਆਫ ਇੰਡੀਆ, ਹਰਚਰਨ ਸਿੰਘ ਭੁੱਲਰ ਤੇ ਬਲਜਿੰਦਰ ਸਿੰਘ ਗੱਤਕਾ ਫੈਡਰੇਸ਼ਨ ਆਫ ਇੰਡੀਆ, ਰਾਜਿੰਦਰ ਸਿੰਘ ਪੰਜਾਬ ਗੱਤਕਾ ਐਸੋਸੀਏਸ਼ਨ, ਰਵਿੰਦਰ ਸਿੰਘ ਗੱਤਕਾ ਐਸੋਸੀਏਸ਼ਨ ਆਫ ਜੰਮੂ ਕਸ਼ਮੀਰ, ਗੁਰਚਰਨ ਸਿੰਘ ਪੁਰਾਤਨ ਸਿੱਖ ਸ਼ਾਸਤਰ ਵਿੱਦਿਆ ਕੈਬਨਿਟ ਦਿੱਲੀ, ਮਨਜੀਤ ਸਿੰਘ ਸਿੱਖ ਸ਼ਸਤਰ ਵਿੱਦਿਆ ਕਾਊਂਸਲ, ਜ਼ੋਰਾਵਰ ਸਿੰਘ ਗੱਤਕਾ ਐਸੋਸੀਏਸ਼ਨ ਦਿੱਲੀ ਸਮੇਤ ਵੱਖ-ਵੱਖ ਗੱਤਕਾ ਅਖਾੜਿਆਂ ਦੇ ਨੁਮਾਇੰਦੇ ਸ਼ਾਮਲ ਹੋਏ। ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਸੁਖਵਰਸ਼ ਸਿੰਘ ਪੰਨੂੰ, ਵਧੀਕ ਸਕੱਤਰ ਪਰਮਜੀਤ ਸਿੰਘ ਸਰੋਆ, ਪ੍ਰਤਾਪ ਸਿੰਘ, ਮੀਤ ਸਕੱਤਰ ਕੁਲਵਿੰਦਰ ਸਿੰਘ ਰਮਦਾਸ, ਬਲਵਿੰਦਰ ਸਿੰਘ ਕਾਹਲਵਾਂ, ਤੇਜਿੰਦਰ ਸਿੰਘ ਪੱਡਾ, ਮੈਨੇਜਰ ਸੁਲੱਖਣ ਸਿੰਘ ਭੰਗਾਲੀ, ਇੰਚਾਰਜ ਸ਼ਾਹਬਾਜ਼ ਸਿੰਘ ਆਦਿ ਮੌਜੂਦ ਸਨ।

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


author

Mukesh

Content Editor

Related News