ਕੱਲ ਤੋਂ ਮਰਨ ਵਰਤ ’ਤੇ ਬੈਠਣਗੇ ਜਗਜੀਤ ਸਿੰਘ ਡੱਲੇਵਾਲ

Monday, Nov 25, 2024 - 04:23 AM (IST)

ਜੈਤੋ/ਚੰਡੀਗੜ੍ਹ (ਜਿੰਦਲ, ਅੰਕੁਰ) - ਖਨੌਰੀ ਬਾਰਡਰ ’ਤੇ 26 ਨਵੰਬਰ ਤੋਂ ਜਗਜੀਤ ਸਿੰਘ ਡੱਲੇਵਾਲ ਵਲੋਂ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਜਿੱਥੇ ਜਗਜੀਤ ਸਿੰਘ ਡੱਲੇਵਾਲ ਵਲੋਂ ਮਰਨ ਵਰਤ ’ਤੇ ਬੈਠਿਆ ਜਾਵੇਗਾ, ਉਸ ਸਟੇਜ ਦੀਆਂ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਅੰਦੋਲਨ-01 ਦੌਰਾਨ 750 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋਈ ਸੀ, ਜਿਸ ਉਪਰੰਤ 13 ਫਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ 02 ਦੌਰਾਨ ਵੀ 33 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ। ਹੁਣ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵਲੋਂ ਮੰਗਾਂ ਲਾਗੂ ਕਰਵਾਉਣ ਲਈ ਮਰਨ ਵਰਤ ’ਤੇ ਬੈਠ ਕੇ ਸ਼ਹਾਦਤ ਦਿੱਤੀ ਜਾਵੇਗੀ ਤੇ ਇਹ ਲੜਾਈ ਉਸ ਸਮੇਂ ਤਕ ਚੱਲਦੀ ਰਹੇਗੀ, ਜਦੋਂ ਤਕ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ।

ਕਿਸਾਨ ਆਗੂਆਂ ਨੇ ਕਿਹਾ ਕਿ 13 ਫ਼ਰਵਰੀ 2024 ਤੋਂ ਕਿਸਾਨਾਂ ਤੇ ਮਜ਼ਦੂਰਾਂ ਵੱਲੋਂ ਖਨੌਰੀ, ਸ਼ੰਭੂ ਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਆਪਣੀਆ ਹੱਕੀਂ ਮੰਗਾਂ ਐੱਮ. ਐੱਸ. ਪੀ. ਦਾ ਗਾਰੰਟੀ ਕਾਨੂੰਨ, ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ, ਸਵਾਮੀਨਾਥਨ ਕਮਿਸ਼ਨ ਦੇ ਸੀ²+50 ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ, 2013 ਦਾ ਜ਼ਮੀਨ ਐਕਵਾਇਰ ਕਾਨੂੰਨ ਲਾਗੂ ਕਰਨ, ਮਨਰੇਗਾ ਮਜ਼ਦੂਰਾਂ ਨੂੰ ਸਾਲ ’ਚ 200 ਦਿਨ ਰੋਜ਼ਗਾਰ ਦੇਣ ਤੇ ਮਨਰੇਗਾ ਨੂੰ ਖੇਤੀ ਨਾਲ ਜੋੜਨ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੰਦੋਲਨ ਲੜਿਆ ਜਾ ਰਿਹਾ ਹੈ।

ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੇ 2018 ’ਚ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਸੀ+50 ਦੇ ਫ਼ਾਰਮੂਲੇ ਅਨੁਸਾਰ ਫਸਲਾਂ ਦੇ ਭਾਅ ਦੇਣ ਦਾ ਵਾਅਦਾ ਕੀਤਾ ਸੀ ਤੇ ਉਸ ਤੋਂ ਬਾਅਦ ਕਿਸਾਨ ਅੰਦੋਲਨ ਦੌਰਾਨ ਵੀ ਸਰਕਾਰ ਵਲੋਂ ਕਿਸਾਨਾਂ-ਮਜ਼ਦੂਰਾਂ ਦੀਆ ਮੰਗਾਂ ਲਿਖਤੀ ਤੌਰ ’ਤੇ ਮੰਨੀਆਂ ਗਈਆਂ ਸਨ ਪਰ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਕਿਸਾਨਾਂ-ਮਜ਼ਦੂਰਾਂ ਨੂੰ ਮਾਰਨ ਦੀ ਨੀਤੀ ’ਤੇ ਹੀ ਚੱਲ ਰਹੀ ਹੈ। ਇਸ ਕਾਰਨ ਐੱਸ. ਕੇ. ਐੱਮ ਗੈਰ-ਸਿਆਸੀ ਤੇ ਕੇ. ਐੱਮ. ਐੱਮ. ਵਲੋਂ ਸਖ਼ਤ ਫ਼ੈਸਲਾ ਲੈਂਦੇ ਹੋਏ ਸ਼ਹਾਦਤਾਂ ਦੇਣ ਲਈ ਮਰਨ ਵਰਤ ਦੀ ਲੜੀ ਤਹਿਤ ਮਰਨ ਵਰਤ ਸ਼ੁਰੂ ਕਰਨ ਦਾ ਫੈਸਲਾ ਲਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਇਸ ਦੌਰਾਨ ਜਗਜੀਤ ਸਿੰਘ ਡੱਲੇਵਾਲ ਸਰਕਾਰ ਦੀ ਜ਼ਿੱਦ ਕਾਰਨ ਆਪਣੀ ਜਾਨ ਕੁਰਬਾਨ ਕਰ ਦਿੰਦੇ ਹਨ ਤਾਂ ਉਨ੍ਹਾਂ ਦੀ ਮ੍ਰਿਤਕ ਦੇਹ ਖਨੌਰੀ ਬਾਰਡਰ ਵਿਖੇ ਰੱਖੀ ਜਾਵੇਗੀ ਤੇ ਉਸ ਤੋਂ ਬਾਅਦ ਦੂਜੇ ਕਿਸਾਨ ਆਗੂ ਸੁਖਜੀਤ ਸਿੰਘ ਹਰਦੋਝੰਡੇ ਮਰਨ ਵਰਤ ’ਤੇ ਬੈਠਣਗੇ ਤੇ ਇਹ ਲੜੀ ਇਸੇ ਤਰ੍ਹਾਂ ਉਸ ਸਮੇਂ ਤਕ ਜਾਰੀ ਰਹੇਗੀ, ਜਦੋਂ ਤਕ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ।

ਕਿਸਾਨ ਆਗੂਆਂ ਨੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ (ਭਾਰਤ) ਦੀ ਮੀਟਿੰਗ ਹੋਈ ਹੈ, ਜਿਸ ’ਚ ਦੇਸ਼ ਭਰ ਦੇ ਕਿਸਾਨ ਆਗੂ ਸ਼ਾਮਲ ਹੋਏ ਅਤੇ ਮੀਟਿੰਗ ਵਿਚ ਇਹ ਫ਼ੈਸਲਾ ਕੀਤਾ ਗਿਆ ਕਿ ਖਨੌਰੀ ਮੋਰਚੇ ’ਚ ਹਰਿਆਣਾ, ਪੰਜਾਬ, ਰਾਜਸਥਾਨ, ਹਿਮਾਚਲ ਤੇ ਯੂ. ਪੀ. ਤੋਂ ਵੱਡੀ ਗਿਣਤੀ ਵਿਚ ਕਿਸਾਨ ਤੇ ਮਜ਼ਦੂਰ ਪਹੁੰਚਣਗੇ ਅਤੇ ਕਰਨਾਟਕ, ਤਾਮਿਲਨਾਡੂ, ਤੇਲੰਗਾਨਾ ਸਮੇਤ ਦੱਖਣੀ ਭਾਰਤ ਦੇ ਕਈ ਸੂਬਿਆਂ ’ਚ ਮਰਨ ਵਰਤ ਦੇ ਸਮਰਥਨ ’ਚ 26 ਨਵੰਬਰ ਤੋਂ ਜ਼ਿਲਾ ਹੈੱਡਕੁਆਰਟਰਾਂ ’ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ।


Inder Prajapati

Content Editor

Related News