ਚੰਗਾਲੀਵਾਲਾ ਕਾਂਡ : ਭੋਗ ਮੌਕੇ ਜਗਮੇਲ ਦੇ ਪਰਿਵਾਰ ਨੂੰ ਸੌਂਪਿਆ 14 ਲੱਖ ਦਾ ਚੈੱਕ

11/28/2019 6:48:23 PM

ਸੰਗਰੂਰ/ਲਹਿਰਾਗਾਗਾ (ਬੇਦੀ,ਗਰਗ,ਵਿਵੇਕ ਸਿੰਧਵਾਨੀ, ਬੇਦੀ) : ਲਹਿਰਾਗਾਗਾ ਦੇ ਪਿੰਡ ਚੰਗਾਲੀਵਾਲਾ ਦੇ ਮ੍ਰਿਤਕ ਨੌਜਵਾਨ ਜਗਮੇਲ ਸਿੰਘ ਨਮਿੱਤ ਅੰਤਿਮ ਅਰਦਾਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਵੱਲੋਂ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਪੰਜਾਬ ਸਰਕਾਰ ਵੱਲੋਂ ਐਲਾਨੀ ਮੁਆਵਜ਼ਾ ਰਾਸ਼ੀ ਤਹਿਤ ਬਕਾਇਆ 14 ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ। ਇਸ ਮੌਕੇ ਪੀੜਤ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਸਵ. ਜਗਮੇਲ ਸਿੰਘ ਦੇ ਪਰਿਵਾਰ ਦੀ ਮਾਲੀ ਮਦਦ ਦੇ ਦਿੱਤੇ ਗਏ ਹੁਕਮ ਤਹਿਤ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ ਕੁਲ ਸਵਾ 21 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਿੱਤੀ ਗਈ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਜਿਥੇ ਮ੍ਰਿਤਕ ਦੇ ਸਸਕਾਰ ਮੌਕੇ 6 ਲੱਖ ਰੁਪਏ ਦਾ ਚੈੱਕ ਪਰਿਵਾਰ ਨੂੰ ਸੌਂਪ ਦਿੱਤਾ ਗਿਆ ਸੀ, ਉਥੇ ਹੀ ਅੱਜ ਬਕਾਇਆ 14 ਲੱਖ ਰੁਪਏ ਦਾ ਚੈੱਕ ਅਤੇ ਮ੍ਰਿਤਕ ਦੀ ਪਤਨੀ ਮਨਜੀਤ ਕੌਰ ਨੂੰ ਮਕਾਨ ਦੀ ਮੁਰੰਮਤ ਲਈ ਸਵਾ ਲੱਖ ਰੁਪਏ ਦਾ ਚੈੱਕ ਸੌਂਪਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਭੋਗ ਦਾ ਸਾਰਾ ਖਰਚਾ ਵੀ ਸਰਕਾਰੀ ਤੌਰ 'ਤੇ ਕੀਤਾ ਗਿਆ ਹੈ।

ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ, ਡਿਪਟੀ ਕਮਿਸ਼ਨਰ ਘਨਸ਼ਿਆਮ ਥੋਰੀ, ਜ਼ਿਲਾ ਪੁਲਸ ਮੁਖੀ ਡਾ. ਸੰਦੀਪ ਗਰਗ ਅਤੇ ਐੱਸ. ਡੀ. ਐੱਮ. ਕਾਲਾ ਰਾਮ ਕਾਂਸਲ ਵੀ ਉਨ੍ਹਾਂ ਦੇ ਨਾਲ ਸਨ। ਇਸ ਘਟਨਾ ਦੇ ਜ਼ਿੰਮੇਵਾਰ ਵਿਅਕਤੀਆਂ ਖਿਲਾਫ਼ ਸਖ਼ਤ ਤੋਂ ਸਖ਼ਤ ਕਾਰਵਾਈ ਅਮਲ 'ਚ ਲਿਆਉਣ ਦੀ ਵਚਨਬੱਧਤਾ ਦੁਹਰਾਉਂਦਿਆਂ ਕੈਬਨਿਟ ਮੰਤਰੀ ਸਿੰਗਲਾ ਨੇ ਕਿਹਾ ਕਿ ਮੁੱਖ ਮੰਤਰੀ ਵੱਲੋਂ ਦਿੱਤੇ ਆਦੇਸ਼ਾਂ 'ਤੇ ਅਮਲ ਕਰਦਿਆਂ ਜ਼ਿਲਾ ਪੁਲਸ ਵੱਲੋਂ ਦੋਸ਼ੀਆਂ ਖਿਲਾਫ਼ 7 ਦਿਨਾਂ ਦੇ ਅੰਦਰ-ਅੰਦਰ ਚਲਾਨ ਪੇਸ਼ ਕੀਤਾ ਜਾ ਚੁੱਕਾ ਹੈ ਅਤੇ ਸਮੁੱਚੀ ਕਾਨੂੰਨੀ ਪ੍ਰਕਿਰਿਆ ਨੂੰ 3-4 ਮਹੀਨਿਆਂ ਅੰਦਰ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਪੰਜਾਬ ਰਾਜ ਯੋਜਨਾ ਬੋਰਡ ਦੇ ਵਾਈਸ ਚੇਅਰਪਰਸਨ ਬੀਬੀ ਰਾਜਿੰਦਰ ਕੌਰ ਭੱਠਲ ਨੇ ਪੀੜਤ ਪਰਿਵਾਰ ਨੂੰ ਵਿਸ਼ਵਾਸ ਦਿਵਾਉਂਦਿਆਂ ਕਿਹਾ ਕਿ ਪੰਜਾਬ ਸਰਕਾਰ ਅਤੇ ਨਿੱਜੀ ਤੌਰ 'ਤੇ ਵੀ ਉਹ ਪਰਿਵਾਰ ਦੇ ਨਾਲ ਖੜ੍ਹੇ ਹਨ ਅਤੇ ਦੋਸ਼ੀਆਂ ਨੂੰ ਕਾਨੂੰਨੀ ਤੌਰ 'ਤੇ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

cherry

This news is Content Editor cherry