ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ, ਅਦਾਲਤ ਵੱਲੋਂ ਪ੍ਰਸ਼ਾਸਨ ਤੋਂ ਜਵਾਬ ਤਲਬ

Thursday, Jun 04, 2026 - 04:59 PM (IST)

ਜਗਤਾਰ ਸਿੰਘ ਹਵਾਰਾ ਨੇ ਮੰਗੀ ਪੈਰੋਲ, ਅਦਾਲਤ ਵੱਲੋਂ ਪ੍ਰਸ਼ਾਸਨ ਤੋਂ ਜਵਾਬ ਤਲਬ

ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਜਗਤਾਰ ਸਿੰਘ ਹਵਾਰਾ ਵੱਲੋਂ ਆਪਣੀ ਬਿਮਾਰ ਮਾਂ ਦੀ ਦੇਖਭਾਲ ਲਈ ਪੈਰੋਲ ਦੀ ਮੰਗ ਕੀਤੀ ਗਈ ਹੈ। ਪੈਰੋਲ ਪਟੀਸ਼ਨ 'ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ ਵਿਚ ਦਿੱਲੀ ਦੇ ਡਾਇਰੈਕਟਰ ਜਨਰਲ (ਜੇਲ੍ਹ) ਵੱਲੋਂ ਕੋਈ ਜਵਾਬ ਨਾ ਮਿਲਣ 'ਤੇ ਸਖ਼ਤ ਰੁਖ਼ ਅਖਤਿਆਰ ਕਰਦਿਆਂ ਨਵੇਂ ਸਿਰੇ ਤੋਂ ਨੋਟਿਸ ਜਾਰੀ ਕਰਕੇ ਜਵਾਬ ਤਲਬ ਕੀਤਾ ਹੈ।

ਜਗਤਾਰ ਸਿੰਘ ਹਵਾਰਾ ਨੇ ਅਦਾਲਤ ਵਿਚ ਦਲੀਲ ਦਿੱਤੀ ਹੈ ਕਿ ਉਸ ਦੀ 81 ਸਾਲਾ ਮਾਂ ਨਰਿੰਦਰ ਕੌਰ ਕਾਫੀ ਸਮੇਂ ਤੋਂ ਬਿਮਾਰ ਹੈ। ਉਸ ਨੇ ਮਨੁੱਖੀ ਆਧਾਰ 'ਤੇ ਆਪਣੀ ਮਾਂ ਦੀ ਸੇਵਾ ਸੰਭਾਲ ਲਈ ਚਾਰ ਹਫ਼ਤਿਆਂ ਦੀ ਪੈਰੋਲ ਮੰਗੀ ਹੈ। ਇਸ ਤੋਂ ਪਹਿਲਾਂ ਸਤੰਬਰ 2025 ਵਿਚ ਹਵਾਰਾ ਦੀ ਮਾਂ ਨੇ ਵੀ ਦਿੱਲੀ ਦੇ ਮੁੱਖ ਮੰਤਰੀ ਅਤੇ ਗ੍ਰਹਿ ਮੰਤਰੀ ਨੂੰ ਪੱਤਰ ਲਿਖ ਕੇ ਆਪਣੇ ਪੁੱਤ ਦੀ ਰਿਹਾਈ ਦੀ ਅਪੀਲ ਕੀਤੀ ਸੀ।

ਦੂਜੇ ਪਾਸੇ, CBI ਨੇ ਹਵਾਰਾ ਦੀ ਪੈਰੋਲ ਅਰਜ਼ੀ ਦਾ ਜ਼ੋਰਦਾਰ ਵਿਰੋਧ ਕੀਤਾ ਹੈ। ਏਜੰਸੀ ਨੇ ਅਦਾਲਤ ਨੂੰ ਦੱਸਿਆ ਕਿ ਹਵਾਰਾ ਦੇ ਅੱਤਵਾਦੀ ਸੰਗਠਨ ਬੱਬਰ ਖਾਲਸਾ ਇੰਟਰਨੈਸ਼ਨਲ ਨਾਲ ਸਬੰਧ ਹਨ ਅਤੇ ਜੇਕਰ ਉਸ ਨੂੰ ਰਿਹਾਅ ਕੀਤਾ ਜਾਂਦਾ ਹੈ ਤਾਂ ਉਸ ਦੇ ਫਰਾਰ ਹੋਣ ਜਾਂ ਦੁਬਾਰਾ ਦੇਸ਼ ਵਿਰੋਧੀ ਗਤੀਵਿਧੀਆਂ ਵਿਚ ਸ਼ਾਮਲ ਹੋਣ ਦਾ ਵੱਡਾ ਖ਼ਤਰਾ ਹੈ। 

ਅਦਾਲਤ ਨੇ ਦਿੱਲੀ ਪ੍ਰਸ਼ਾਸਨ ਵੱਲੋਂ ਜਵਾਬ ਦੇਣ ਵਿੱਚ ਹੋ ਰਹੀ ਦੇਰੀ 'ਤੇ ਨਾਰਾਜ਼ਗੀ ਜ਼ਾਹਰ ਕਰਦਿਆਂ ਇਸ ਮਾਮਲੇ ਦੀ ਅਗਲੀ ਸੁਣਵਾਈ 6 ਜੁਲਾਈ ਲਈ ਨਿਰਧਾਰਤ ਕਰ ਦਿੱਤੀ ਹੈ। ਵਰਣਨਯੋਗ ਹੈ ਕਿ ਜੂਨ 2025 ਤੋਂ ਲਟਕ ਰਹੀ ਇਸ ਪੈਰੋਲ ਅਰਜ਼ੀ ਨੂੰ ਲੈ ਕੇ ਹਵਾਰਾ ਦੀ ਕਾਨੂੰਨੀ ਟੀਮ ਪਹਿਲਾਂ ਦਿੱਲੀ ਹਾਈਕੋਰਟ ਵੀ ਪਹੁੰਚੀ ਸੀ, ਪਰ ਬਾਅਦ ਵਿਚ ਅਧਿਕਾਰ ਖੇਤਰ ਦੇ ਵਿਵਾਦ ਕਾਰਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਨਵੀਂ ਪਟੀਸ਼ਨ ਦਾਇਰ ਕੀਤੀ ਗਈ।


author

Anmol Tagra

Content Editor

Related News