ਕੈਪਟਨ ਤੋਂ ਬਾਅਦ ਹੁਣ ਜਾਖੜ ਮਿਲੇ ਸੋਨੀਆ ਗਾਂਧੀ ਨੂੰ
Wednesday, Sep 20, 2017 - 07:32 AM (IST)

ਜਲੰਧਰ (ਧਵਨ) - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੋਂ ਬਾਅਦ ਅੱਜ ਸਵੇਰੇ ਪੰਜਾਬ ਕਾਂਗਰਸ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨਾਲ ਉਨ੍ਹਾਂ ਦੇ 10 ਜਨਪਥ ਸਥਿਤ ਨਿਵਾਸ ਸਥਾਨ 'ਤੇ ਮੁਲਾਕਾਤ ਕੀਤੀ ਹੈ। ਕਾਂਗਰਸੀ ਹਲਕਿਆਂ ਤੋਂ ਪਤਾ ਲੱਗਾ ਹੈ ਕਿ ਬੈਠਕ ਦੌਰਾਨ ਦੋਵਾਂ ਨੇਤਾਵਾਂ ਨੇ ਪੰਜਾਬ ਦੀ ਸਿਆਸੀ ਸਥਿਤੀ ਤੇ ਗੁਰਦਾਸਪੁਰ ਲੋਕਸਭਾ ਸੀਟ 'ਤੇ ਹੋਣ ਵਾਲੀ ਉਪ ਚੋਣਾਂ ਸਬੰਧੀ ਚਰਚਾ ਕੀਤੀ।
ਦੱਸਿਆ ਜਾਂਦਾ ਹੈ ਕਿ ਸੋਨੀਆ ਗਾਂਧੀ ਨੇ ਜਾਖੜ ਨੂੰ ਸੰਕੇਤ ਦਿੱਤੇ ਹਨ ਕਿ ਗੁਰਦਾਸਪੁਰ ਉਪ ਚੋਣਾਂ ਲਈ ਕਾਂਗਰਸ ਉਮੀਦਵਾਰ ਦਾ ਐਲਾਨ ਪਾਰਟੀ ਦੇ ਰਾਸ਼ਟਰੀ ਉਪ ਪ੍ਰਧਾਨ ਰਾਹੁਲ ਗਾਂਧੀ ਦੀ ਸਹਿਮਤੀ ਮਿਲਦੇ ਹੀ ਕਰ ਦਿੱਤਾ ਜਾਵੇਗਾ। ਮੰਨਿਆ ਜਾ ਰਿਹਾ ਹੈ ਕਿ ਕਾਂਗਰਸ ਲੀਡਰਸ਼ਿਪ ਵਲੋਂ ਹੁਣ ਕੱਲ ਸ਼ਾਮ ਤਕ ਕਾਂਗਰਸੀ ਉਮੀਦਵਾਰ ਦਾ ਐਲਾਨ ਕਰ ਦਿੱਤਾ ਜਾਵੇਗਾ। ਰਾਹੁਲ ਗਾਂਧੀ ਫਿਲਹਾਲ ਅਮਰੀਕਾ ਦੌਰੇ 'ਤੇ ਹੈ।
ਕਾਂਗਰਸੀ ਸੂਤਰਾਂ ਨੇ ਦੱਸਿਆ ਕਿ ਸੋਨੀਆ ਗਾਂਧੀ ਨੂੰ ਜਾਖੜ ਨੇ ਸੂਚਿਤ ਕੀਤਾ ਹੈ ਕਿ ਪਿਛਲੇ 6 ਮਹੀਨਿਆਂ ਦੌਰਾਨ ਪੰਜਾਬ 'ਚ ਕੈਪਟਨ ਸਰਕਾਰ ਵਲੋਂ ਕਈ ਅਹਿਮ ਕਦਮ ਚੁੱਕੇ ਗਏ ਹਨ, ਜਿਨ੍ਹਾਂ ਦੇ ਨਤੀਜੇ ਆਉਣ 'ਚ ਕੁਝ ਸਮਾਂ ਲੱਗ ਸਕਦਾ ਹੈ। ਉਨ੍ਹਾਂ ਨੇ ਸੋਨੀਆ ਨੂੰ ਦੱਸਿਆ ਕਿ ਕਿਸ ਤਰ੍ਹਾਂ ਸੂਬੇ 'ਚ ਡਰੱਗਸ 'ਤੇ ਕੰਟਰੋਲ ਲਈ ਸਰਕਾਰ ਨੇ ਕਦਮ ਚੁੱਕੇ ਹਨ। ਇਸੇ ਤਰ੍ਹਾਂ ਸਰਕਾਰ ਵਲੋਂ ਹੁਣ ਛੋਟੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ ਕਰਨ ਦੇ ਸੰਬੰਧ 'ਚ ਜਲਦੀ ਹੀ ਨੋਟੀਫਿਕੇਸ਼ਨ ਜਾਰੀ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬੇ 'ਚ ਪਾਰਟੀ ਵਲੋਂ ਸੰਗਠਨਾਤਮਕ ਤੌਰ 'ਤੇ ਮਜ਼ਬੂਤ ਲਈ ਚੁੱਕੇ ਗਏ ਕਦਮਾਂ ਦੀ ਜਾਣਕਾਰੀ ਦਿੱਤੀ। ਸੋਨੀਆ ਨੇ ਜਾਖੜ ਨਾਲ ਮਿਸ਼ਨ 2019 ਨੂੰ ਲੈ ਕੇ ਵੀ ਚਰਚਾ ਕੀਤੀ ਹੈ।
ਪਤਾ ਲੱਗਾ ਹੈ ਕਿ ਸੋਨੀਆ ਗਾਂਧੀ ਨੇ ਜਾਖੜ ਨਾਲ ਕਈ ਹੋਰ ਮਹੱਤਵਪੂਰਨ ਮੁੱਦਿਆਂ 'ਤੇ ਵੀ ਚਰਚਾ ਕੀਤੀ, ਜਿਸ ਬਾਰੇ ਜਾਖੜ ਨੇ ਉਨ੍ਹਾਂ ਨੂੰ ਪਾਰਟੀ ਦੀ ਸੂਬੇ 'ਚ ਸਥਿਤੀ ਨੂੰ ਲੈ ਕੇ ਮਹੱਤਵਪੂਰਨ ਫੀਡ ਬੈਕ ਦਿੱਤਾ ਹੈ। ਸੋਨੀਆ ਨਾਲ ਮੀਟਿੰਗ ਦੌਰਾਨ ਜਾਖੜ ਨੇ ਗੁਰਦਾਸਪੁਰ ਸੀਟ ਨੂੰ ਲੈ ਕੇ ਆਪਣੇ ਵਿਚਾਰਾਂ ਨਾਲ ਉਨ੍ਹਾਂ ਨੂੰ ਜਾਣੂ ਕਰਵਾਇਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਨੂੰ ਦੱਸਿਆ ਕਿ ਉਪ ਚੋਣਾਂ 'ਚ ਕਾਂਗਰਸ ਸਰਕਾਰ ਦੀ ਪ੍ਰਤਿਸ਼ਠਾ ਦਾਅ 'ਤੇ ਲੱਗਣੀ ਹੈ, ਇਸ ਲਈ ਮੁੱਖ ਮੰਤਰੀ ਦੀ ਸਹਿਮਤੀ ਨਾਲ ਉਮੀਦਵਾਰ ਨੂੰ ਚੋਣ ਮੈਦਾਨ 'ਚ ਉਤਾਰਿਆ ਜਾਣਾ ਚਾਹੀਦਾ। ਕੱਲ ਕੈਪਟਨ ਨੇ ਵੀ ਸੋਨੀਆ ਨਾਲ ਮਿਲ ਕੇ ਜਾਖੜ ਦਾ ਨਾਂ ਉਨ੍ਹਾਂ ਨੂੰ ਸੁਝਾਇਆ ਸੀ।