ਜਾਖੜ ਨੇ 3 ਕਾਲੇ ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਵਲੋਂ ਕਾਲੇ ਝੰਡੇ ਲਹਿਰਾਉਣ ਦਾ ਕੀਤਾ ਸਮਰਥਨ
Thursday, May 27, 2021 - 02:27 AM (IST)
ਜਲੰਧਰ(ਧਵਨ)- ਪੰਜਾਬ ਸੂਬਾ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ 3 ਕਾਲੇ ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਵਲੋਂ ਕਾਲੇ ਝੰਡੇ ਲਹਿਰਾਉਣ ਦਾ ਸਮਰਥਨ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਖਿਲਾਫ ਕੇਂਦਰ ਦੀ ਭਾਜਪਾ ਸਰਕਾਰ ਨੇ 3 ਕਾਲੇ ਕਾਨੂੰਨ ਪਾਸ ਕੀਤੇ ਹਨ, ਜਿਸ ਨਾਲ ਕਿਸਾਨਾਂ ਵਿਚ ਆਪਣੇ ਭਵਿੱਖ ਨੂੰ ਲੈ ਕੇ ਬੇਯਕੀਨੀ ਦੀ ਸਥਿਤੀ ਬਣੀ ਹੋਈ ਹੈ।
ਜਾਖੜ ਨੇ ਕਿਹਾ ਕਿ ਭਾਜਪਾ ਨੂੰ ਕਿਸਾਨਾਂ ਦੀ ਕੋਈ ਪ੍ਰਵਾਹ ਨਹੀਂ। ਉਨ੍ਹਾਂ ਨਾਲ ਨਾ ਤਾਂ ਕੋਈ ਗੱਲਬਾਤ ਕੀਤੀ ਜਾ ਰਹੀ ਹੈ ਅਤੇ ਨਾ ਹੀ ਕੇਂਦਰ ਸਰਕਾਰ ਖੇਤੀ ਕਾਨੂੰਨ ਵਾਪਸ ਲੈ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਦਿਨ ਸੰਸਦ ਵਿਚ ਕਾਲੇ ਖੇਤੀ ਕਾਨੂੰਨ ਪਾਸ ਕੀਤੇ ਗਏ ਸਨ, ਉਹ ਦਿਨ ਦੇਸ਼ ਦੇ ਇਤਿਹਾਸ ਵਿਚ ਕਾਲਾ ਦਿਨ ਸੀ ਕਿਉਂਕਿ ਅੰਨਦਾਤਿਆਂ ਨੂੰ ਕਾਰਪੋਰੇਟ ਘਰਾਣਿਆਂ ’ਤੇ ਨਿਰਭਰ ਬਣਾਉਣ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਕਾਂਗਰਸ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਹੈ ਪਰ ਨਾਲ ਹੀ ਉਨ੍ਹਾਂ ਕਿਸਾਨਾਂ ਨੂੰ ਸੁਚੇਤ ਕੀਤਾ ਕਿ ਅਜੇ ਇਹ ਲੜਾਈ ਲੰਮੀ ਚੱਲਣ ਵਾਲੀ ਹੈ। ਇਸ ਲਈ ਅੰਦੋਲਨ ਨੂੰ ਕਮਜ਼ੋਰ ਕਰਨ ਵਾਲੀਆਂ ਸ਼ਕਤੀਆਂ ਤੋਂ ਸਾਵਧਾਨ ਰਹਿਣਾ ਪਵੇਗਾ। ਕਿਸਾਨ ਅਕਾਲੀ ਦਲ ਨੂੰ ਕਦੇ ਵੀ ਮੁਆਫ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਦੇ ਕਾਰਨ ਹੀ ਮੋਦੀ ਸਰਕਾਰ ਨੇ ਕੈਬਨਿਟ ਵਿਚ ਖੇਤੀ ਆਰਡੀਨੈਂਸ ਲਿਆਉਣ ਦਾ ਮਤਾ ਪਾਸ ਕੀਤਾ ਸੀ।