ਮੁੱਖ ਮੰਤਰੀ ਅਮਰਿੰਦਰ ਨੇ ਚੋਣ ਰਣਨੀਤੀ ਸਬੰਧੀ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ

04/13/2019 9:21:06 AM

ਜਲੰਧਰ(ਧਵਨ) : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਚੋਣ ਰਣਨੀਤੀ ਨੂੰ ਲੈ ਕੇ ਸ਼ੁੱਕਰਵਾਰ ਨੂੰ ਆਪਣੇ ਕੈਬਨਿਟ ਮੰਤਰੀਆਂ ਨਾਲ ਮੀਟਿੰਗ ਕੀਤੀ, ਜਿਸ ਵਿਚ ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ, ਪੰਜਾਬ ਕਾਂਗਰਸ ਦੀ ਇੰਚਾਰਜ ਤੇ ਰਾਸ਼ਟਰੀ ਜਨਰਲ ਸਕੱਤਰ ਨੇ ਵੀ ਹਿੱਸਾ ਲਿਆ। ਪਤਾ ਲੱਗਾ ਹੈ ਕਿ ਮੀਟਿੰਗ ਵਿਚ ਮੁੱਖ ਮੰਤਰੀ ਨੇ ਮਾਝਾ ਇਲਾਕੇ ਵਿਚ ਪੈਂਦੀਆਂ ਤਿੰਨ ਸੀਟਾਂ ਅੰਮ੍ਰਿਤਸਰ, ਖਡੂਰ ਸਾਹਿਬ ਤੇ ਗੁਰਦਾਸਪੁਰ ਨੂੰ ਲੈ ਕੇ ਪਾਰਟੀ ਆਗੂਆਂ ਨਾਲ ਚੋਣ ਰਣਨੀਤੀ ਨੂੰ ਅੰਤਿਮ ਰੂਪ ਦਿੱਤਾ।

ਚੋਣ ਰਣਨੀਤੀ ਦੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੈਅ ਕੀਤਾ ਹੈ ਕਿ ਉਹ ਕਾਂਗਰਸੀ ਉਮੀਦਵਾਰਾਂ ਵਲੋਂ ਨਾਮਜ਼ਦਗੀ ਪੱਤਰ ਭਰਨ ਸਮੇਂ ਖੁਦ ਮੌਜੂਦ ਰਹਿਣਗੇ। ਮੀਟਿੰਗ ਵਿਚ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਬਾਜਵਾ, ਓ. ਪੀ. ਸੋਨੀ ਤੇ ਮਾਝਾ ਇਲਾਕੇ ਨਾਲ ਸਬੰਧ ਰੱਖਦੇ ਕਾਂਗਰਸੀ ਵਿਧਾਇਕ ਵੀ ਮੌਜੂਦ ਸਨ। ਮੁੱਖ ਮੰਤਰੀ ਨੇ ਮਾਝੇ ਦੀਆਂ ਤਿੰਨੇ ਸੀਟਾਂ ਨੂੰ ਲੈ ਕੇ ਫੀਡ ਬੈਕ ਲਿਆ। ਕਾਂਗਰਸ ਵਿਚ ਅਨੁਸ਼ਾਸਨ ਨੂੰ ਸਖਤੀ ਨਾਲ ਲਾਗੂ ਕਰਨ ਦਾ ਵੀ ਮੀਟਿੰਗ ਵਿਚ ਫੈਸਲਾ ਲਿਆ ਗਿਆ। ਸੂਬਾ ਇੰਚਾਰਜ ਆਸ਼ਾ ਕੁਮਾਰੀ ਨੇ ਵੀ ਸਪੱਸ਼ਟ ਕੀਤਾ ਕਿ ਉਹ ਚੋਣ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਪ੍ਰਧਾਨ ਮੰਤਰੀ ਬਣਾਉਣ ਲਈ ਲੜੀ ਜਾ ਰਹੀ ਹੈ, ਇਸ ਲਈ ਅਨੁਸ਼ਾਸਨ ਨੂੰ ਸਖਤੀ ਨਾਲ ਬਣਾ ਕੇ ਰੱਖਣ ਦੀ ਲੋੜ ਹੈ। ਇਸੇ ਤਰ੍ਹਾਂ ਸੂਬਾ ਕਾਂਗਰਸ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਕਿ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਨੂੰ ਤਬਦੀਲ ਕਰਵਾ ਕੇ ਅਕਾਲੀ ਦਲ ਨੇ ਖੁਦ ਨੂੰ ਹੀ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲੇ ਵਿਚ ਦੋਸ਼ੀ ਮੰਨ ਲਿਆ ਹੈ। ਉਨ੍ਹਾਂ ਕਿਹਾ ਕਿ ਇਸ ਮੁੱਦੇ 'ਤੇ ਕਾਂਗਰਸ ਅਕਾਲੀ ਦਲ ਨੂੰ ਘੇਰੇਗੀ ਤੇ ਨਾਲ ਹੀ ਕੇਂਦਰ ਦੀ ਮੋਦੀ ਸਰਕਾਰ ਦੇ ਖਿਲਾਫ ਜੀ. ਐੈੱਸ. ਟੀ., ਨੋਟਬੰਦੀ ਤੇ ਬੇਰੋਜ਼ਗਾਰੀ ਤੇ ਹੋਰ ਮੁੱਦਿਆਂ ਨੂੰ ਲੈ ਕੇ ਜਨਤਾ ਨੂੰ ਜਾਗਰੂਕ ਕੀਤਾ ਜਾਵੇਗਾ।


cherry

Content Editor

Related News