ਕੈਪਟਨ ਵਲੋਂ ਪੇਪਰਾਂ ਦੇ ਦਿਨਾਂ ''ਚ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲਿਆਂ ਵਿਰੁੱਧ ਕਾਰਵਾਈ ਦੇ ਹੁਕਮ
Tuesday, Feb 26, 2019 - 09:26 AM (IST)

ਜਲੰਧਰ(ਧਵਨ)— ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੀਖਿਆਵਾਂ ਵਾਲੇ ਦਿਨਾਂ 'ਚ ਆਵਾਜ਼ ਪ੍ਰਦੂਸ਼ਣ ਫੈਲਾਉਣ ਵਾਲੇ ਲੋਕਾਂ ਵਿਰੁੱਧ ਸਖਤ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਕਿਹਾ ਕਿ ਆਵਾਜ਼ ਪ੍ਰਦੂਸ਼ਣ ਨਾਲ ਸਮਾਜ ਦਾ ਹਰ ਵਰਗ ਪ੍ਰਭਾਵਿਤ ਹੁੰਦਾ ਹੈ। ਪ੍ਰੀਖਿਆਵਾਂ ਸਿਰ 'ਤੇ ਆ ਗਈਆਂ ਹਨ, ਇਸ ਲਈ ਵਿਦਿਆਰਥੀਆਂ ਨੂੰ ਆਵਾਜ਼ ਦੇ ਪ੍ਰਦੂਸ਼ਣ ਕਾਰਨ ਕਿਸੇ ਤਰ੍ਹਾਂ ਦੀ ਵੀ ਪ੍ਰੇਸ਼ਾਨੀ ਨਹੀਂ ਹੋਣੀ ਚਾਹੀਦੀ। ਆਮ ਆਦਮੀ ਪਾਰਟੀ ਦੇ ਇਕ ਵਿਧਾਇਕ ਅਮਨ ਅਰੋੜਾ ਨੇ ਇਸ ਸਬੰਧੀ ਸੋਮਵਾਰ ਸੂਬਾਈ ਵਿਧਾਨ ਸਭਾ 'ਚ ਮਾਮਲਾ ਉਠਾਇਆ ਸੀ, ਜਿਸ ਦਾ ਜਵਾਬ ਮੁੱਖ ਮੰਤਰੀ ਨੇ ਦਿੱਤਾ।
ਕੈਪਟਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੜ੍ਹਾਈ ਲਈ ਵਧੀਆ ਵਾਤਾਵਰਣ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਪ੍ਰੀਖਿਆਵਾਂ ਦੇ ਦਿਨਾਂ 'ਚ ਲਾਊਡਸਪੀਕਰਾਂ, ਡੀ. ਜੇ. ਅਤੇ ਹੋਰ ਸੰਗੀਤ ਦੇ ਉਪਕਰਨਾਂ ਦੀ ਘੱਟ ਤੋਂ ਘੱਟ ਵਰਤੋਂ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਭਾਰਤ ਸਰਕਾਰ ਦੇ ਆਵਾਜ਼ ਪ੍ਰਦੂਸ਼ਣ ਨੂੰ ਲੈ ਕੇ ਬਣਾਏ ਗਏ ਕਾਨੂੰਨ ਅਧੀਨ ਸੂਬੇ 'ਚ ਆਵਾਜ਼ ਅਤੇ ਰੌਲੇ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਖਤ ਕਦਮ ਚੁੱਕੇ ਹਨ। ਜ਼ਿਲਾ ਪੁਲਸ ਅਤੇ ਸਿਵਲ ਪ੍ਰਸ਼ਾਸਨ ਦੇ ਅਧਿਕਾਰੀਆਂ ਨੂੰ ਕਿਹਾ ਗਿਆ ਹੈ ਕਿ ਉਹ ਆਵਾਜ਼ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਸਖਤ ਕਦਮ ਚੁੱਕਣ। ਡਿਪਟੀ ਕਮਿਸ਼ਨਾਂ ਨੇ ਉਪ ਮੰਡਲ ਮੈਜਿਸਟ੍ਰੇਟਾਂ ਨੂੰ ਤਹਿਸੀਲ, ਬਲਾਕ ਅਤੇ ਪਿੰਡ ਪੱਧਰ 'ਤੇ ਇਨ੍ਹਾਂ ਕਾਨੂੰਨਾਂ ਨੂੰ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ।