ਕਿਸਾਨ ਸੰਘਰਸ਼ ਕਮੇਟੀ ਵੱਲੋਂ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ

01/20/2019 1:05:52 PM

ਜਲੰਧਰ (ਹਰਸ਼)-ਅੱਜ ਲੋਹੀਆਂ ਵਿਖੇ ਸੈਂਕਡ਼ੇ ਕਿਸਾਨ-ਮਜ਼ਦੂਰਾਂ ਵੱਲੋਂ ਕਿਸਾਨ ਸੰਘਰਸ਼ ਕਮੇਟੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਦੀ ਅਗਵਾਈ ’ਚ ਪੰਜਾਬ ਅਤੇ ਕੇਂਦਰ ਸਰਕਾਰ ਖਿਲਾਫ ਰੋਸ ਮੁਜ਼ਾਹਰਾ ਕੀਤਾ ਗਿਆ। ਇਸ ਮੌਕੇ ਸੰਬੋਧਨ ਕਰਦਿਆਂ ਜਥੇਬੰਦੀ ਦੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ, ਜਲੰਧਰ ਜ਼ੋਨ ਦੇ ਪ੍ਰਧਾਨ ਸਲਵਿੰਦਰ ਸਿੰਘ ਜਾਣੀਆ, ਖਜ਼ਾਨਚੀ ਗੁਰਲਾਲ ਸਿੰਘ ਪੰਡੋਰੀ ਰਣ ਸਿੰਘ ਅਤੇ ਗੁਰਮੇਲ ਸਿੰਘ ਰੇਡ਼ਵਾਂ ਨੇ ਕਿਹਾ ਕਿ ਵਾਅਦੇ ਮੁਤਾਬਕ ਕਿਸਾਨਾਂ ਅਤੇ ਮਜ਼ਦੂਰਾਂ ਦਾ ਸਮੁੱਚਾ ਕਰਜ਼ਾ ਮੁਆਫ ਕਰਨਾ, ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨਾ, ਫਸਲਾਂ ਦੀ ਖਰੀਦ ਯਕੀਨੀ ਬਣਾਉਣਾ ਤੇ ਗੰਨੇ ਦੀ ਫਸਲ ਦਾ ਬਕਾਇਆ ਦੇਣ ਵਰਗੀਆਂ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਪੰਜਾਬ ਅਤੇ ਕੇਂਦਰ ਸਰਕਾਰ ਵਲੋਂ ਤੁਰੰਤ ਪ੍ਰਵਾਨ ਕੀਤੀਆਂ ਜਾਣ। ਸਮੂਹ ਆਗੂਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਗਿਆ ਤਾਂ 1 ਮਾਰਚ ਤੋਂ ਡੀ. ਸੀ. ਦਫਤਰ ਤਰਨਤਾਰਨ ਮੂਹਰੇ ਜੇਲ ਭਰੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ। ਜੇਕਰ ਸਰਕਾਰ ਨੇ ਉਨ੍ਹਾਂ ਨੂੰ ਗ੍ਰਿਫਤਾਰ ਕਰਨ ਤੋਂ ਟਾਲਮਟੋਲ ਕੀਤੀ ਤਾਂ 5 ਮਾਰਚ ਤੋਂ ਰੇਲ ਮਾਰਗ ’ਤੇ ਪੱਕਾ ਮੋਰਚਾ ਲਾਇਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਪੰਜਾਬ ਸਰਕਾਰ ਦੀ ਹੋਵੇਗੀ। ਇਸ ਮੌਕੇ ਮੋਹਣ ਸਿੰਘ ਜਲਾਲਪੁਰ, ਜੋਗਿੰਦਰ ਸਿੰਘ ਭੰਡਾਲ ਦੋਨਾ, ਨਵਦੀਪ ਸਿੰਘ ਦਾਰੇਵਾਲ, ਬੰਤਾ, ਦਲਬੀਰ ਸਿੰਘ, ਦਲਜੀਤ ਸਿੰਘ ਤੇ ਅਜੀਤ ਸਿੰਘ ਹਾਜ਼ਰ ਸਨ।