ਜਲੰਧਰ ਜ਼ਿਮਨੀ ਚੋਣ : ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਕੀਤੀ ਮੁਲਾਕਾਤ

Tuesday, Mar 14, 2023 - 05:47 PM (IST)

ਜਲੰਧਰ ਜ਼ਿਮਨੀ ਚੋਣ : ਕਰਮਜੀਤ ਕੌਰ ਚੌਧਰੀ ਨੇ ਕਾਂਗਰਸ ਪ੍ਰਧਾਨ ਮਲਿਕਾਅਰਜੁਨ ਖੜਗੇ ਨਾਲ ਕੀਤੀ ਮੁਲਾਕਾਤ

ਗੁਰਾਇਆ (ਮੁਨੀਸ਼ ਬਾਵਾ) : ਕਾਂਗਰਸ ਵੱਲੋਂ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਦੇ ਨਾਂ ਵਜੋਂ ਐਲਾਨ ਕਰਨ ਤੋਂ ਇਕ ਦਿਨ ਬਾਅਦ ਉਮੀਦਵਾਰ ਕਰਮਜੀਤ ਕੌਰ ਚੌਧਰੀ ਨੇ ਪ੍ਰਤਾਪ ਸਿੰਘ ਬਾਜਵਾ ਅਤੇ ਵਿਧਾਇਕ ਵਿਕਰਮਜੀਤ ਸਿੰਘ ਚੌਧਰੀ ਨਾਲ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦਾ ਧੰਨਵਾਦ ਕਰਨ ਅਤੇ ਉਨ੍ਹਾਂ ਦਾ ਆਸ਼ੀਰਵਾਦ ਲੈਣ ਲਈ ਮੁਲਾਕਾਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਕਾਂਗਰਸ ਦੇ ਲੋਕ ਸਭਾ ਚੀਫ਼ ਵ੍ਹਿਪ ਕੋਡਿਕੂਨਿਲ ਸੁਰੇਸ਼ ਅਤੇ ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਵੀ ਮੌਜੂਦ ਸਨ। ਕਰਮਜੀਤ ਕੌਰ ਚੌਧਰੀ ਅਤੇ ਵਿਕਰਮਜੀਤ ਸਿੰਘ ਚੌਧਰੀ ਨੇ ਮਲਿਕਾਅਰਜੁਨ ਖੜਗੇ ਦਾ ਉਨ੍ਹਾਂ ’ਤੇ ਭਰੋਸਾ ਜਤਾਉਣ ਅਤੇ ਜਲੰਧਰ ਤੋਂ ਉਮੀਦਵਾਰ ਦਾ ਐਲਾਨ ਕਰਨ ਲਈ ਧੰਨਵਾਦ ਕੀਤਾ। 

ਕਰਮਜੀਤ ਕੌਰ ਚੌਧਰੀ ਨੇ ਕਿਹਾ ਕਿ ਮੈਂ ਮਾਣ ਮਹਿਸੂਸ ਕਰ ਰਹੀ ਹਾਂ ਕਿ ਪਾਰਟੀ ਨੇ ਮੈਨੂੰ ਉਸੇ ਸੰਸਦੀ ਹਲਕੇ ਦੀ ਨੁਮਾਇੰਦਗੀ ਕਰਨ ਦੇ ਯੋਗ ਸਮਝਿਆ ਜਿਸ ਦੀ ਇੰਨੀ ਸੁਚੱਜੀ ਨੁਮਾਇੰਦਗੀ ਅਤੇ ਸੇਵਾ ਮੇਰੇ ਪਤੀ ਅਤੇ ਸੀਨੀਅਰ ਕਾਂਗਰਸੀ ਆਗੂ ਸਵਰਗੀ ਚੌਧਰੀ ਸੰਤੋਖ ਸਿੰਘ ਨੇ ਕੀਤੀ ਸੀ। ਮੈਂ ਪਾਰਟੀ ਲੀਡਰਸ਼ਿਪ ਅਤੇ ਕੇਡਰ ਨੂੰ ਭਰੋਸਾ ਦਿਵਾਉਂਦੀ ਹਾਂ ਕਿ ਮੈਂ ਨਾ ਸਿਰਫ ਕਾਂਗਰਸ ਪਾਰਟੀ ਦੇ ਸਰਵਉੱਚ ਆਦਰਸ਼ਾਂ ਨੂੰ ਬਰਕਰਾਰ ਰੱਖਾਂਗੀ ਬਲਕਿ ਆਪਣੇ ਪਤੀ ਵਲੋਂ ਰੱਖੀ ਮਜ਼ਬੂਤ ​​ਨੀਂਹ ’ਤੇ ਵਿਕਾਸ, ਸਦਭਾਵਨਾ ਅਤੇ ਵਿਕਾਸ ਦੀ ਇਮਾਰਤ ਦਾ ਨਿਰਮਾਣ ਕਰਨਾ ਜਾਰੀ ਰੱਖਾਂਗੀ। ਵਿਧਾਇਕ ਵਿਕਰਮਜੀਤ ਚੌਧਰੀ ਨੇ ਕਿਹਾ ਕਿ ਪਰਿਵਾਰ ਪਾਰਟੀ ਪ੍ਰਧਾਨ ਮੱਲਿਕਾਰਜੁਨ ਖੜਗੇ, ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ ਦੇ ਸਮਰਥਨ ਲਈ ਧੰਨਵਾਦੀ ਹੈ। ਉਨ੍ਹਾਂ ਕਿਹਾ ਕਿ ਅਸੀਂ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਜ਼ਬਰਦਸਤ ਜਿੱਤ ਯਕੀਨੀ ਬਣਾਉਣ ਲਈ ਸਖ਼ਤ ਮਿਹਨਤ ਕਰਾਂਗੇ। ਵਿਰੋਧੀ ਧੀਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਦੀ ਸ਼ਾਨਦਾਰ ਜਿੱਤ ਚੌਧਰੀ ਸੰਤੋਖ ਸਿੰਘ ਨੂੰ ਢੁੱਕਵੀਂ ਸ਼ਰਧਾਂਜਲੀ ਹੋਵੇਗੀ, ਜਿਨ੍ਹਾਂ ਨੇ ਪਾਰਟੀ ਦੇ ਝੰਡੇ ਨੂੰ ਆਪਣੇ ਆਖਰੀ ਸਾਹਾਂ ਤੱਕ ਬੁਲੰਦ ਰੱਖਿਆ।


author

Gurminder Singh

Content Editor

Related News