ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ 'ਚ ਲਹਿਰਾਇਆ ਤਿਰੰਗਾ

08/15/2019 4:49:20 PM

ਜਲੰਧਰ - ਅੱਜ ਪੂਰੇ ਦੇਸ਼ 'ਚ 73ਵਾਂ ਆਜ਼ਾਦੀ ਦਿਹਾੜਾ ਮਨਾਇਆ ਜਾ ਰਿਹਾ ਹੈ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਜਲੰਧਰ ਦੇ ਗੁਰੂ ਗੋਬਿੰਦ ਸਿੰਘ ਸਟੇਡੀਅਮ 'ਚ ਤਿਰੰਗਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਤੋਂ ਸਲਾਮੀ ਲਈ। ਇਸ ਮੌਕੇ ਆਏ ਲੋਕਾਂ ਨੂੰ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ। ਇਸ ਮੌਕੇ ਵੱਖ-ਵੱਖ ਸਕੂਲਾਂ ਤੋਂ ਆਏ ਹੋਏ ਵਿਦਿਆਰਥੀਆਂ ਨੇ ਆਏ ਹੋਏ ਮਹਿਮਾਨਾਂ ਦੇ ਸਾਹਮਣੇ ਕਈ ਰੰਗਾਂ-ਰੰਗ ਪ੍ਰੋਗਰਾਮ ਪੇਸ਼ ਕੀਤੇ ਅਤੇ ਪ੍ਰੇਰਨਾ ਸ੍ਰੋਤ ਝਾਕੀਆਂ ਪੇਸ਼ ਕੀਤੀਆਂ। ਸਟੇਡੀਅਮ 'ਚ ਆਏ ਲੋਕਾਂ ਨੂੰ ਸੰਬੋਧਨ ਕਰਦਿਆਂ ਕੈਪਟਨ ਨੇ ਐਲਾਨ ਕੀਤਾ ਕਿ ਡਿਜੀਟਲ ਪੰਜਾਬ ਉਪਰਾਲੇ ਤਹਿਤ ਨੌਜਵਾਨਾਂ ਨੂੰ ਛੇਤੀ ਸਮਾਰਟ ਫੋਨ ਮੁਹੱਈਆ ਕਰਵਾ ਕੇ ਚੋਣਾਂ 'ਚ ਕੀਤਾ ਗਿਆ ਵਾਅਦਾ ਪੂਰਾ ਕੀਤਾ ਜਾਵੇਗਾ। ਉਨ੍ਹਾਂ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਲੋਕਾਂ ਨੂੰ ਸੂਬੇ ਦੇ ਕੁੱਲ 12,700 ਪਿੰਡਾਂ 'ਚੋਂ ਹਰੇਕ ਪਿੰਡ 'ਚ 550 ਬੂਟੇ ਲਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਹੁਣ ਤੱਕ 3500 ਪਿੰਡਾਂ 'ਚ 40 ਲੱਖ ਬੂਟੇ ਲਾਏ ਜਾ ਚੁੱਕੇ ਹਨ ਤਾਂ ਕਿ ਸਾਡਾ ਸੂਬਾ ਸਾਫ ਸੁਥਰਾ, ਹਰਿਆ ਭਰਿਆ ਅਤੇ ਪ੍ਰਦੂਸ਼ਣ ਮੁਕਤ ਹੋਵੇ। ਇਸ ਮੌਕੇ ਉਦਯੋਗ ਨੂੰ ਮੁੜ ਪੈਰਾਂ ਸਿਰ ਕਰਨ ਲਈ ਚੁੱਕੇ ਕਦਮਾਂ ਬਾਰੇ ਦੱਸਦਿਆਂ ਉਨ੍ਹਾਂ ਕਿਹਾ ਕਿ ਨਵੀਂ ਉਦਯੋਗਿਕ ਨੀਤੀ ਨੂੰ ਬਹੁਤ ਹੁੰਗਾਰਾ ਮਿਲਿਆ ਹੈ ਅਤੇ ਇਸ ਨਾਲ 50,000 ਕਰੋੜ ਰੁਪਏ ਦਾ ਨਿਵੇਸ਼ ਸੂਬੇ 'ਚ ਆਉਣ ਲਈ ਰਾਹ ਪੱਧਰਾ ਹੋਇਆ ਹੈ।

ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ 'ਘਰ ਘਰ ਰੋਜ਼ਗਾਰ ਸਕੀਮ' ਤਹਿਤ ਮਾਰਚ, 2017 ਤੋਂ ਲੈ ਕੇ ਹੁਣ ਤੱਕ 9 ਲੱਖ ਤੋਂ ਵੱਧ ਨੌਜਵਾਨਾਂ ਨੂੰ ਪ੍ਰਾਈਵੇਟ ਜਾਂ ਸਰਕਾਰੀ ਸੈਕਟਰਾਂ 'ਚ ਰੋਜ਼ਗਾਰ ਦਿਵਾਉਣ ਜਾਂ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸੂਬਾ ਸਰਕਾਰ ਨੇ ਸਹੂਲਤ ਮੁਹੱਈਆ ਕਰਵਾਈ। ਉਨ੍ਹਾਂ ਐਲਾਨ ਕੀਤਾ ਕਿ ਪੰਜਾਬ ਸਰਕਾਰ 9 ਸਤੰਬਰ ਤੋਂ 30 ਸਤੰਬਰ ਤੱਕ 5ਵਾਂ ਵਿਸ਼ਾਲ ਰੋਜ਼ਗਾਰ ਮੇਲਾ ਵੱਖ-ਵੱਖ ਥਾਵਾਂ 'ਤੇ ਲਾਵੇਗੀ, ਜਿਸ 'ਚ ਬੇਰੋਜ਼ਗਾਰ ਨੌਜਵਾਨਾਂ ਨੂੰ 2 ਲੱਖ ਨੌਕਰੀਆਂ ਦੀ ਪੇਸ਼ਕਸ਼ ਕਰਨ ਤੋਂ ਇਲਾਵਾ 1 ਲੱਖ ਨੌਜਵਾਨਾਂ ਨੂੰ ਆਪਣਾ ਕਾਰੋਬਾਰ ਸ਼ੁਰੂ ਕਰਨ ਲਈ ਸਹਿਯੋਗ ਦਿੱਤਾ ਜਾਵੇਗਾ। ਸਿੱਖਿਆ ਦੇ ਖੇਤਰ ਦੀ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਪਿਛਲੇ ਕੁਝ ਸਾਲਾਂ 'ਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਰਕਾਰੀ ਸਕੂਲਾਂ ਨੇ ਪ੍ਰਾਈਵੇਟ ਸਕੂਲਾਂ ਨਾਲੋਂ ਚੰਗੀ ਕਾਰਗੁਜ਼ਾਰੀ ਦਿਖਾਈ ਹੈ, ਜਿਸ ਦੇ ਤਹਿਤ 10ਵੀਂ ਜਮਾਤ ਦੀ ਸਮੁੱਚੇ ਤੌਰ 'ਤੇ ਪਾਸ ਫੀਸਦੀ 'ਚ 8.7 ਫੀਸਦੀ ਤੇ 12ਵੀਂ ਜਮਾਤ 'ਚ 4.45 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ।

ਨਸ਼ਿਆਂ ਵਿਰੁੱਧ ਵਿੱਢੀ ਜੰਗ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਹੁਣ ਤੱਕ ਐੱਨ.ਡੀ.ਪੀ.ਐੱਸ. ਐਕਟ ਤਹਿਤ 27,744 ਕੇਸ ਦਰਜ ਕੀਤੇ ਗਏ ਹਨ ਅਤੇ 33,622 ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ। 767 ਕਿਲੋ ਹੈਰੋਈਨ ਦੀ ਬਰਾਮਦਗੀ ਅਤੇ ਵੱਡੀ ਮਾਤਰਾ 'ਚ ਹੋਰ ਵੀ ਨਸ਼ੀਲੇ ਪਦਾਰਥ ਫੜੇ ਗਏ ਹਨ। ਉਨ੍ਹਾਂ ਦੱਸਿਆ ਕਿ ਸੂਬੇ 'ਚ ਨਸ਼ੇ ਦੀ ਗ੍ਰਿਫਤ 'ਚ ਫਸੇ 87000 ਵਿਅਕਤੀਆਂ ਦਾ ਇਲਾਜ 178 ਓਟ (ਓ.ਓ.ਏ.ਟੀ) ਕਲੀਨਿਕਾਂ 'ਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਨਸ਼ਿਆਂ ਖਿਲਾਫ ਪੰਜਾਬ ਸਰਕਾਰ ਦਾ ਰਵੱਈਆ ਸਖਤ ਹੈ ਅਤੇ ਕਿਸੇ ਵੀ ਦੋਸ਼ੀ ਨੂੰ ਬਖਸ਼ਿਆਂ ਨਹੀਂ ਜਾਵੇਗਾ। ਮੁੱਖ ਮੰਤਰੀ ਨੇ ਕਿਹਾ ਕਿ ਕੁਝ ਦੇਸ਼ ਵਿਰੋਧੀ ਤਾਕਤਾਂ ਹਨ ਜਿਨਾਂ ਨੂੰ ਸੂਬੇ ਦੇ ਵਿਕਾਸ ਅਤੇ ਸ਼ਾਂਤਮਈ ਮਾਹੌਲ ਤੋਂ ਈਰਖਾ ਹੈ। ਉਨ੍ਹਾਂ ਕਿਹਾ, ''ਆਓ, ਇਕ ਮਜ਼ਬੂਤ ਤੇ ਖੁਸ਼ਹਾਲ ਪੰਜਾਬ ਦੇ ਨਿਰਮਾਣ ਅਤੇ ਪਿਆਰ, ਸ਼ਾਂਤੀ ਅਤੇ ਏਕਤਾ ਦੀਆਂ ਤੰਦਾਂ ਹੋਰ ਪੀਡੀਆਂ ਕਰਨ ਲਈ ਸਾਂਝੇ ਤੌਰ 'ਤੇ ਕੰਮ ਕਰਨ ਪ੍ਰਤੀ ਅਸੀਂ ਆਪਣੇ ਆਪ ਨੂੰ ਸਮਰਪਿਤ ਕਰੀਏ।'' ਕੌਮੀ ਆਜ਼ਾਦੀ ਸੰਘਰਸ਼ 'ਚ ਪੰਜਾਬੀਆਂ ਦੇ ਲਾਮਿਸਾਲ ਯੋਗਦਾਨ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਾਡੇ ਸਾਰਿਆਂ ਦਾ ਸਾਂਝਾ ਫਰਜ਼ ਬਣਦਾ ਹੈ ਕਿ ਅਸੀਂ ਅਥਾਹ ਕੁਰਬਾਨੀਆਂ ਰਾਹੀਂ ਬਹੁਤ ਘਾਲਣਾ ਘਾਲ ਕੇ ਹਾਸਲ ਕੀਤੀ ਆਜ਼ਾਦੀ ਨੂੰ ਕਾਇਮ ਰਖੀਏ।

ਆਜ਼ਾਦੀ ਦਿਹਾੜੇ ਮੌਕੇ ਕੈਪਟਨ ਅਮਰਿੰਦਰ ਸਿੰਘ ਨੇ ਕਈ ਪੁਲਸ ਅਧਿਕਾਰੀਆਂ ਨੂੰ ਸਨਮਾਨਿਤ ਕੀਤਾ, ਜਿਨ੍ਹਾਂ 'ਚ ਚੀਫ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ, ਐੱਸ.ਏ.ਐੱਸ. ਨਗਰ, ਵਧੀਕ ਡਾਇਰੈਕਟਰ ਜਨਰਲ ਪੁਲਸ-ਕਮ-ਨੋਡਲ ਅਫਸਰ ਇਲੈਕਸਨਜ ਪੰਜਾਬ ਚੰਡੀਗੜ੍ਹ, ਡਾਇਰੈਕਟਰ ਪੰਜਾਬ ਪੁਲਸ ਅਕੈਡਮੀ ਫਿਲੌਰ, ਇੰਸਪੈਕਟਰ ਜਨਰਲ ਪੁਲਸ ਰੂਪਨਗਰ ਰੇਂਜ ਰੂਪਨਗਰ ਆਦਿ ਸ਼ਾਮਲ ਹਨ।

ਸੁਰੱਖਿਆ ਦੇ ਪੁਖਤਾ ਪ੍ਰਬੰਧ
ਆਜ਼ਾਦੀ ਦਿਹਾੜੇ ਮੌਕੇ ਜਲੰਧਰ 'ਚ ਤਿਰੰਗਾ ਲਹਿਰਾਉਣ ਆਏ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੁਰੱਖਿਆ ਲਈ ਉੱਚ ਅਧਿਕਾਰੀਆਂ ਅਤੇ ਪੁਲਸ ਮੁਲਾਜ਼ਮਾਂ ਵਲੋਂ ਸਖਤ ਪ੍ਰਬੰਧ ਕੀਤੇ ਗਏ ਸਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਸਟੇਡੀਅਮ ਦੀ ਸੁਰੱਖਿਆ ਦੇ ਲਈ ਪੁਲਸ ਵਲੋਂ ਕਰੀਬ 2 ਹਜ਼ਾਰ ਪੁਲਸ ਮੁਲਾਜ਼ਮਾਂ ਤਾਇਨਾਤ ਕੀਤੇ ਗਏ ਹਨ। ਸਟੇਡੀਅਮ ਦੇ ਸਾਰੇ ਗੇਟਾਂ 'ਤੇ ਪੁਲਸ ਵਲੋਂ ਕੜੀ ਸੁਰੱਖਿਆ ਅਤੇ ਨਜ਼ਰ ਰੱਖੀ ਜਾ ਰਹੀ ਹੈ ਤਾਂਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰ ਸਕੇ।

 

rajwinder kaur

This news is Content Editor rajwinder kaur