ਜਲੰਧਰ ਦੇ ਮਸ਼ਹੂਰ ਕਾਲਜ ਨੇੜੇ ਮਿਲੀ ਨੌਜਵਾਨ ਦੀ ਲਾਸ਼! CCTV ਖੰਗਾਲਣ ਲੱਗੀ ਪੁਲਸ
Tuesday, Dec 02, 2025 - 04:48 PM (IST)
ਜਲੰਧਰ (ਮਾਹੀ)- ਜਲੰਧਰ-ਅੰਮ੍ਰਿਤਸਰ ਰਾਸ਼ਟਰੀ ਰਾਜਮਾਰਗ ’ਤੇ ਇਕ ਕਾਲਜ ਦੇ ਨੇੜੇ ਇਕ ਅਣਪਛਾਤੇ ਨੌਜਵਾਨ ਦੀ ਅਣਪਛਾਤੇ ਵਾਹਨ ਦੀ ਟੱਕਰ ਨਾਲ ਮੌਤ ਹੋ ਜਾਣ ਦੀ ਸੂਚਨਾ ਪ੍ਰਾਪਤ ਹੋਈ ਹੈ। ਮਕਸੂਦਾਂ ਪੁਲਸ ਸਟੇਸ਼ਨ ਦੀ ਪੁਲਸ ਨੂੰ ਘਟਨਾ ਦੀ ਸੂਚਨਾ ਮਿਲੀ ਅਤੇ ਏ. ਐੱਸ. ਆਈ. ਸਤਨਾਮ ਸਿੰਘ, ਇਕ ਪੁਲਸ ਟੀਮ ਦੇ ਨਾਲ ਮੌਕੇ ’ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ।
ਏ. ਐੱਸ. ਆਈ. ਸਤਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਦੇਰ ਰਾਤ ਸੂਚਨਾ ਮਿਲੀ ਕਿ ਐੱਨ. ਆਈ. ਟੀ. ਕਾਲਜ ਦੇ ਨੇੜੇ ਹਾਈਵੇਅ ’ਤੇ ਇਕ ਨੌਜਵਾਨ ਦੀ ਲਾਸ਼ ਪਈ ਹੈ। ਸੂਚਨਾ ਮਿਲਣ ’ਤੇ ਉਨ੍ਹਾਂ ਨੇ ਲਾਸ਼ ਦੀ ਪਛਾਣ ਕਰਨ ਲਈ ਮ੍ਰਿਤਕ ਨੌਜਵਾਨ ਦੀ ਭਾਲ ਕੀਤੀ ਪਰ ਉਸ ਦੀ ਜੇਬ ’ਚੋਂ ਕੋਈ ਪਛਾਣ-ਪੱਤਰ ਨਹੀਂ ਮਿਲਿਆ।
ਉਨ੍ਹਾਂ ਕਿਹਾ ਕਿ ਲਾਸ਼ ਨੂੰ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰੀ ਜਾਪਦੀ ਹੈ, ਜਿਸ ਕਾਰਨ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਵਾਹਨ ਦੀ ਪਛਾਣ ਲਈ ਨੇੜਲੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਲਾਸ਼ ਨੂੰ ਪਛਾਣ ਲਈ 72 ਘੰਟਿਆਂ ਲਈ ਸਿਵਲ ਹਸਪਤਾਲ ’ਚ ਰੱਖਿਆ ਗਿਆ ਹੈ ਤੇ ਉਸ ਤੋਂ ਬਾਅਦ ਪੋਸਟਮਾਰਟਮ ਕੀਤਾ ਜਾਵੇਗਾ।
