ਜਲੰਧਰ ਕਮਿਸ਼ਨਰੇਟ ਪੁਲਸ ਵੱਲੋਂ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼, 4 ਵਿਅਕਤੀ ਹਥਿਆਰਾਂ ਸਣੇ ਗ੍ਰਿਫ਼ਤਾਰ
Sunday, Mar 24, 2024 - 06:00 PM (IST)
ਜਲੰਧਰ (ਵੈੱਬ ਡੈਸਕ)- ਜਲੰਧਰ ਕਮਿਸ਼ਨਰੇਟ ਪੁਲਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦਾ ਪਰਦਾਫ਼ਾਸ਼ ਕਰਦੇ ਹੋਏ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਜਲੰਧਰ ਕਮਿਸ਼ਨਰੇਟ ਪੁਲਸ ਨੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਸਿੰਡੀਕੇਟ ਅਤੇ ਅੰਤਰਰਾਜੀ ਹਥਿਆਰ ਤਸਕਰੀ ਵਾਲੇ ਰੈਕੇਟ ਦੇ ਸੰਗਠਿਤ ਨੈਟਵਰਕ ਦੀ ਰੀੜ੍ਹ ਦੀ ਹੱਡੀ ਨੂੰ ਤੋੜਿਆ। ਜਲੰਧਰ ਕਮਿਸ਼ਨਰੇਟ ਪੁਲਸ ਨੇ 4 ਨੌਜਵਾਨਾਂ ਨੂੰ ਭਾਰੀ ਮਾਤਰਾ ਵਿਚ 12 ਮੈਗਜ਼ੀਨ ਅਤੇ 8 ਹਥਿਆਰਾਂ ਸਮੇਤ ਕਾਬੂ ਕੀਤਾ ਹੈ।
ਇਹ ਵੀ ਪੜ੍ਹੋ: ਹੈਰਾਨੀਜਨਕ ਖ਼ੁਲਾਸਾ: ਸਦੀ ਦੇ ਅੰਤ ਤੱਕ ਭਿਆਨਕ ਗਰਮੀ ਨਾਲ ਹੋ ਸਕਦੀ ਹੈ 1 ਕਰੋੜ ਤੋਂ ਵੱਧ ਲੋਕਾਂ ਦੀ ਮੌਤ
ਗ੍ਰਿਫ਼ਤਾਰ ਕੀਤੇ ਗਏ 4 ਵਿਅਕਤੀਆਂ ਕੋਲੋਂ 12 ਮੈਗਜ਼ੀਨਾਂ ਸਮੇਤ 8 ਹਥਿਆਰ ਬਰਾਮਦ ਕੀਤੇ ਗਏ ਹਨ, ਜਿਸ ਨਾਲ ਜ਼ਬਤ ਕੀਤੇ ਗਏ ਹਥਿਆਰਾਂ ਦੀ ਗਿਣਤੀ 25 ਹੋ ਗਈ ਹੈ। ਉਥੇ ਹੀ ਜਾਂਚ ਦੌਰਾਨ ਪੁਲਸ ਵੱਲੋਂ ਇਹ ਵੀ ਦੱਸਿਆ ਗਿਆ ਹੈ ਕਿ ਕੋਰੀਅਰ ਕੰਪਨੀ ਦੇ ਸੰਚਾਲਕ ਨੂੰ 2 ਕਿਲੋ ਅਫ਼ੀਮ ਸਮੇਤ ਗ੍ਰਿਫ਼ਤਾਰ ਕਰਕੇ ਅਫ਼ੀਮ ਦੀ ਕੁੱਲ ਬਰਾਮਦਗੀ 29 ਕਿਲੋ ਹੋ ਗਈ ਹੈ।
ਪੁਲਸ ਕਮਿਸ਼ਨਰ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਬੀਤੀ 10 ਮਾਰਚ ਨੂੰ ਗੁਰਪ੍ਰੀਤ ਸਿੰਘ ਉਰਫ਼ ਲਾਡਾ ਨਾਂ ਦੇ ਨੌਜਵਾਨ ਨੂੰ ਨਾਜਾਇਜ਼ ਪਿਸਤੌਲ ਅਤੇ 2 ਕਾਰਤੂਸਾਂ ਸਮੇਤ ਗ੍ਰਿਫ਼ਤਾਰ ਕੀਤਾ ਸੀ। ਜਾਂਚ ਦੌਰਾਨ ਇਹ ਗੱਲ ਸਾਹਮਣੇ ਆਈ ਸੀ ਕਿ ਮੁਲਜ਼ਮ ਫਰਵਰੀ ਮਹੀਨੇ ਜ਼ਬਤ ਕੀਤੇ ਗਏ ਹਥਿਆਰਾਂ ਦੀ ਅੰਤਰਰਾਜੀ ਸਮੱਗਲਿੰਗ ਦੇ ਨੈੱਟਵਰਕ ਵਿਚ ਸ਼ਾਮਲ ਸੀ। ਉਨ੍ਹਾਂ ਦੱਸਿਆ ਕਿ ਅਗਲੇਰੀ ਜਾਂਚ ਦੇ ਆਧਾਰ ’ਤੇ ਪੁਲਸ ਨੇ ਅਭਿਸ਼ੇਕ ਉਰਫ ਭੋਲੂ, ਰਮਨਦੀਪ ਸਿੰਘ ਅਤੇ ਜਗਰੂਪ ਸਿੰਘ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੁਲਸ ਨੇ 7 ਪਿਸਤੌਲ, 12 ਕਾਰਤੂਸ, 11 ਮੈਗਜ਼ੀਨ, ਇਕ ਸਵਿੱਫਟ ਕਾਰ ਅਤੇ ਇਕ ਮੋਟਰਸਾਈਕਲ ਸਮੇਤ ਭਾਰੀ ਮਾਤਰਾ ਵਿਚ ਹਥਿਆਰ ਬਰਾਮਦ ਕੀਤੇ।
ਇਹ ਵੀ ਪੜ੍ਹੋ: ਗੁਜਰਾਤ 'ਚ ਪੰਜਾਬ ਦੇ ਨੌਜਵਾਨਾਂ ਨਾਲ ਵਾਪਰਿਆ ਰੂਹ ਕੰਬਾਊ ਹਾਦਸਾ, ਨਹਿਰ 'ਚ ਪਲਟੀ ਕੰਬਾਇਨ, 3 ਦੀ ਮੌਤ
ਉਨ੍ਹਾਂ ਕਿਹਾ ਕਿ ਗ੍ਰਿਫ਼ਤਾਰ ਕੀਤੇ ਗਏ 4 ਮੁਲਜ਼ਮਾਂ ਕੋਲੋਂ ਪੁਲਸ ਨੇ 8 ਪਿਸਤੌਲ ਅਤੇ 12 ਮੈਗਜ਼ੀਨ ਬਰਾਮਦ ਕੀਤੇ ਹਨ। ਉਨ੍ਹਾਂ ਕਿਹਾ ਕਿ ਨਾਜਾਇਜ਼ ਹਥਿਆਰ ਪ੍ਰਾਪਤ ਕਰਨ ਦੇ ਉਦੇਸ਼ਾਂ ਵਿਚ ਨਿੱਜੀ ਬਦਲਾ ਅਤੇ ਸੰਗਠਤ ਖਰੀਦ ਯਤਨਾਂ ਦਾ ਮਿਸ਼ਰਣ ਸਾਹਮਣੇ ਆਇਆ ਹੈ। ਇਸ ਦੇ ਨਾਲ ਹੀ ਪੁਲਸ ਜਾਂਚ ’ਚ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ’ਚੋਂ ਗੁਰਪ੍ਰੀਤ ਸਿੰਘ ਨੇ ਨਿੱਜੀ ਦੁਸ਼ਮਣੀ ਕਾਰਨ ਲੁਧਿਆਣਾ ਤੋਂ ਹਥਿਆਰ ਖਰੀਦੇ ਸਨ, ਜਦਕਿ ਅਭਿਸ਼ੇਕ ਮੱਧ ਪ੍ਰਦੇਸ਼ ਦੇ ਟਿਕਾਣਿਆਂ ’ਤੇ ਪਹੁੰਚਣ ਲਈ ਰਮਨਦੀਪ ਸਿੰਘ ਦੀ ਮਦਦ ’ਤੇ ਨਿਰਭਰ ਸੀ ਤੇ ਇਹ ਖਤਰਨਾਕ ਗੈਂਗਸਟਰ ਲਖਬੀਰ ਸਿੰਘ ਲੰਡਾ ਦੇ ਅੰਤਰਰਾਜੀ ਹਥਿਆਰ ਸਮੱਗਲਿੰਗ ਨੈੱਟਵਰਕ ਦਾ ਹਿੱਸਾ ਸਨ, ਜਿਸ ਦਾ ਪਿਛਲੇ ਮਹੀਨੇ ਕਮਿਸ਼ਨਰੇਟ ਪੁਲਸ ਨੇ 3 ਲੋਕਾਂ ਦੀ ਗ੍ਰਿਫ਼ਤਾਰੀ ਅਤੇ ਹਵਾਲਾ ਦੇ ਪੈਸੇ ਜ਼ਰੀਏ 17 ਹਥਿਆਰਾਂ ਅਤੇ 33 ਮੈਗਜ਼ੀਨ ਦੀ ਬਰਾਮਦਗੀ ਨਾਲ ਭਾਂਡਾ ਭੰਨ੍ਹਿਆ ਸੀ।
ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਹਾਲ ਹੀ ’ਚ ਉਕਤ ਗਿਰੋਹ ਦੇ ਗ੍ਰਿਫ਼ਤਾਰ ਕੀਤੇ ਮੈਂਬਰਾਂ ਕੋਲੋਂ 17 ਨਾਜਾਇਜ਼ ਹਥਿਆਰ ਬਰਾਮਦ ਕੀਤੇ ਸਨ, ਜਦਕਿ ਅੱਜ ਪੁਲਸ ਨੇ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਕੋਲੋਂ 8 ਹੋਰ ਨਾਜਾਇਜ਼ ਹਥਿਆਰ ਬਰਾਮਦ ਕੀਤੇ ਹਨ ਅਤੇ ਮੁਲਜ਼ਮਾਂ ਕੋਲੋਂ ਬਰਾਮਦ ਕੀਤੇ ਹਥਿਆਰਾਂ ਦੀ ਗਿਣਤੀ ਵਧ ਕੇ 25 ਹੋ ਗਈ ਹੈ। ਉਨ੍ਹਾਂ ਕਿਹਾ ਕਿ ਅਮਰੀਕਾ ਸਥਿਤ ਗੈਂਗਸਟਰ ਗੁਰਦੇਵ ਗਿੱਲ ਅਤੇ ਲਖਬੀਰ ਸਿੰਘ ਲੰਡਾ ਇਸ ਨਾਜਾਇਜ਼ ਰੈਕੇਟ ਦੇ ਸੰਚਾਲਕ ਹਨ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਨੇ ਇਸੇ ਮਹੀਨੇ ਕੋਰੀਅਰ ਕੰਪਨੀਆਂ ਰਾਹੀਂ ਵਿਦੇਸ਼ਾਂ ਵਿਚ ਅਫੀਮ ਦੀ ਸਮੱਗਲਿੰਗ ਕਰਨ ਵਾਲੇ ਇਕ ਕੌਮਾਂਤਰੀ ਨਸ਼ਾ ਗਿਰੋਹ ਦਾ ਪਰਦਾਫ਼ਾਸ਼ ਕਰਦੇ ਹੋਏ 9 ਸਮੱਗਲਰਾਂ ਨੂੰ ਲੱਗਭਗ 25 ਕਿਲੋ ਅਫ਼ੀਮ ਸਮੇਤ ਗ੍ਰਿਫਤਾਰ ਕੀਤਾ ਸੀ । ਮਾਮਲੇ ਦੀ ਜਾਂਚ ਤੋਂ ਬਾਅਦ ਕਮਿਸ਼ਨਰੇਟ ਪੁਲਸ ਨੇ ਕੋਰੀਅਰ ਕੰਪਨੀ ਦੇ ਸੰਚਾਲਕ ਗਗਨਦੀਪ ਸਿੰਘ ਨੂੰ 2 ਕਿਲੋ ਅਫੀਮ ਸਮੇਤ ਕਾਬੂ ਕੀਤਾ ਹੈ। ਗਿਰੋਹ ਕੋਲੋਂ ਕੀਤੀ ਗਈ ਅਫੀਮ ਦੀ ਕੁੱਲ ਬਰਾਮਦਗੀ 29 ਕਿਲੋ ਤਕ ਪਹੁੰਚ ਗਈ ਹੈ ਤੇ ਗ੍ਰਿਫ਼ਤਾਰ ਮੁਲਜ਼ਮਾਂ ਤੋਂ ਪੁਲਸ ਪੁੱਛਗਿਛ ਕਰ ਰਹੀ ਹੈ।
ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8