ਐਕਸ਼ਨ ਮੋਡ 'ਚ ਜਲੰਧਰ ਦੇ CP ਸਤਿੰਦਰ ਸਿੰਘ! SHOs ਸਣੇ ਇਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹੁਕਮ ਜਾਰੀ
Friday, Jul 31, 2026 - 11:43 AM (IST)
ਜਲੰਧਰ (ਧਵਨ)-ਜਲੰਧਰ ਦੇ ਨਵ-ਨਿਯੁਕਤ ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਪੁਲਸ ਕਮਿਸ਼ਨਰੇਟ ਵਿਚ ਕਾਨੂੰਨ-ਵਿਵਸਥਾ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵੱਡਾ ਪ੍ਰਸ਼ਾਸਨਿਕ ਕਦਮ ਚੁੱਕਦਿਆਂ ਸਾਰੇ ਪੁਲਸ ਅਧਿਕਾਰੀਆਂ ਅਤੇ ਥਾਣਾ ਮੁਖੀਆਂ (ਐੱਸ. ਐੱਚ. ਓ.) ਦੀ ਸਪੱਸ਼ਟ ਜਵਾਬਦੇਹੀ ਤੈਅ ਕਰ ਦਿੱਤੀ ਹੈ। ਉਨ੍ਹਾਂ ਨਿਰਦੇਸ਼ ਦਿੱਤੇ ਹਨ ਕਿ ਹਰੇਕ ਅਧਿਕਾਰੀ ਆਪਣੇ-ਆਪਣੇ ਇਲਾਕੇ ਵਿਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਉੱਤਰਦਾਈ ਹੋਵੇਗਾ।
ਇਹ ਵੀ ਪੜ੍ਹੋ: ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ ਹੋਣਾ ਸੀ ਵਿਆਹ
ਪੁਲਸ ਕਮਿਸ਼ਨਰ ਨੇ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਜੇਕਰ ਕਿਸੇ ਵੀ ਥਾਣਾ ਖੇਤਰ ਵਿਚ ਕੋਈ ਗੰਭੀਰ ਅਪਰਾਧਿਕ ਘਟਨਾ ਵਾਪਰਦੀ ਹੈ ਜਾਂ ਕਾਨੂੰਨ-ਵਿਵਸਥਾ ਪ੍ਰਭਾਵਿਤ ਹੁੰਦੀ ਹੈ ਤਾਂ ਸਬੰਧਤ ਖੇਤਰ ਦੇ ਅਧਿਕਾਰੀ ਅਤੇ ਐੱਸ. ਐੱਚ. ਓ. ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੁਲਸ ਅਧਿਕਾਰੀਆਂ ਨੂੰ ਆਪਣੇ-ਆਪਣੇ ਖੇਤਰਾਂ ਵਿਚ ਲਗਾਤਾਰ ਨਿਗਰਾਨੀ ਰੱਖਣੀ ਹੋਵੇਗੀ ਅਤੇ ਜੁਰਮ ਦੀ ਰੋਕਥਾਮ ਲਈ ਸਰਗਰਮ ਅਤੇ ਪ੍ਰਭਾਵਸ਼ਾਲੀ ਕਾਰਵਾਈ ਯਕੀਨੀ ਬਣਾਉਣੀ ਹੋਵੇਗੀ।
ਸਤਿੰਦਰ ਸਿੰਘ ਨੇ ਸਾਰੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਦਿਨ ਦੇ ਨਾਲ-ਨਾਲ ਰਾਤ ਦੇ ਸਮੇਂ ਵੀ ਸੁਰੱਖਿਆ ਵਿਵਸਥਾ ਵਿਚ ਕਿਸੇ ਤਰ੍ਹਾਂ ਦੀ ਢਿੱਲ ਨਹੀਂ ਹੋਣੀ ਚਾਹੀਦੀ। ਉਨ੍ਹਾਂ ਕਿਹਾ ਕਿ ਰਾਤ ਦੀ ਗਸ਼ਤ ਨੂੰ ਹੋਰ ਜ਼ਿਆਦਾ ਪ੍ਰਭਾਵਸ਼ਾਲੀ ਬਣਾਇਆ ਜਾਵੇ ਅਤੇ ਸੰਵੇਦਨਸ਼ੀਲ ਤੇ ਭੀੜ-ਭੜੱਕੇ ਵਾਲੇ ਇਲਾਕਿਆਂ ਵਿਚ ਨਿਯਮਿਤ ਪੁਲਸ ਪੈਟਰੋਲਿੰਗ ਯਕੀਨੀ ਬਣਾਈ ਜਾਵੇ ਤਾਂ ਜੋ ਆਮ ਨਾਗਰਿਕ ਖੁਦ ਨੂੰ ਸੁਰੱਖਿਅਤ ਮਹਿਸੂਸ ਕਰਨ। ਪੁਲਸ ਕਮਿਸ਼ਨਰ ਨੇ ਕਿਹਾ ਕਿ ਸ਼ਹਿਰ ਦੀਆਂ ਸੜਕਾਂ 'ਤੇ ਪੁਲਸ ਦੀ ਸਰਗਰਮ ਮੌਜੂਦਗੀ ਸਾਫ਼ ਵਿਖਾਈ ਦੇਣੀ ਚਾਹੀਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵੱਧ ਤੋਂ ਵੱਧ ਪੁਲਸ ਕਰਮਚਾਰੀ ਫੀਲਡ ਵਿਚ ਰਹਿਣ, ਜਿਸ ਨਾਲ ਆਮ ਜਨਤਾ ਵਿਚ ਸੁਰੱਖਿਆ ਦੀ ਭਾਵਨਾ ਮਜ਼ਬੂਤ ਹੋਵੇ ਅਤੇ ਸਮਾਜ ਵਿਰੋਧੀ ਅਤੇ ਅਪਰਾਧਿਕ ਅਨਸਰਾਂ ਦੇ ਮਨ ਵਿਚ ਪੁਲਸ ਦਾ ਭੈਅ ਬਣਿਆ ਰਹੇ।
ਇਹ ਵੀ ਪੜ੍ਹੋ: ਬੀ. ਪੀ. ਈ. ਓ. ਦਫ਼ਤਰ ਦਾ ਕਲਰਕ ਗ੍ਰਿਫ਼ਤਾਰ! ਹੈਰਾਨ ਕਰਦਾ ਕਾਰਨਾਮਾ ਆਇਆ ਸਾਹਮਣੇ
ਉਨ੍ਹਾਂ ਕਿਹਾ ਕਿ ਪੁਲਸ ਦਾ ਉਦੇਸ਼ ਸਿਰਫ਼ ਜੁਰਮ ਹੋਣ ਤੋਂ ਬਾਅਦ ਕਾਰਵਾਈ ਕਰਨਾ ਨਹੀਂ, ਸਗੋਂ ਜੁਰਮਾਂ ਨੂੰ ਪਹਿਲਾਂ ਹੀ ਰੋਕਣਾ ਹੈ। ਇਸ ਲਈ ਹਰੇਕ ਅਧਿਕਾਰੀ ਨੂੰ ਆਪਣੇ ਇਲਾਕੇ ਦੀਆਂ ਸਰਗਰਮੀਆਂ 'ਤੇ ਤਿੱਖੀ ਨਜ਼ਰ ਰੱਖਣੀ ਹੋਵੇਗੀ ਅਤੇ ਸ਼ੱਕੀ ਵਿਅਕਤੀਆਂ ਅਤੇ ਸਮਾਜ ਵਿਰੋਧੀ ਅਨਸਰਾਂ ਵਿਰੁੱਧ ਸਮਾਂ ਰਹਿੰਦੇ ਸਖ਼ਤ ਕਾਰਵਾਈ ਕਰਨੀ ਹੋਵੇਗੀ। ਸੀ. ਪੀ. ਨੇ ਇਹ ਵੀ ਸਪੱਸ਼ਟ ਕੀਤਾ ਕਿ ਕਾਨੂੰਨ-ਵਿਵਸਥਾ ਬਣਾਈ ਰੱਖਣ ਵਿਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਪੂਰੀ ਲਗਨ, ਚੌਕਸੀ ਅਤੇ ਜ਼ਿੰਮੇਵਾਰੀ ਨਾਲ ਆਪਣੀ ਡਿਊਟੀ ਨਿਭਾਉਣ ਦਾ ਸੱਦਾ ਦਿੰਦਿਆਂ ਕਿਹਾ ਕਿ ਜਲੰਧਰ ਵਿਚ ਸੁਰੱਖਿਅਤ ਅਤੇ ਜੁਰਮ-ਮੁਕਤ ਮਾਹੌਲ ਬਣਾਈ ਰੱਖਣਾ ਪੁਲਸ ਦੀ ਸਰਵਉੱਚ ਪਹਿਲ ਹੈ।
ਪੁਲਸ ਕਮਿਸ਼ਨਰ ਸਤਿੰਦਰ ਸਿੰਘ ਨੇ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਦਿੱਤੇ ਕਿ ਇਲਾਕੇ ਵਿਚ ਸਰਗਰਮ ਆਦੀ ਮੁਜਰਿਮਾਂ, ਨਸ਼ਾ ਸਮੱਗਲਰਾਂ, ਲੁੱਟ-ਖੋਹ, ਚੋਰੀ ਅਤੇ ਹੋਰ ਅਪਰਾਧਿਕ ਸਰਗਰਮੀਆਂ ਵਿਚ ਸ਼ਾਮਲ ਅਨਸਰਾਂ 'ਤੇ ਲਗਾਤਾਰ ਨਿਗਰਾਨੀ ਰੱਖੀ ਜਾਵੇ। ਉਨ੍ਹਾਂ ਕਿਹਾ ਕਿ ਖ਼ੁਫ਼ੀਆ ਤੰਤਰ ਨੂੰ ਹੋਰ ਮਜ਼ਬੂਤ ਬਣਾਇਆ ਜਾਵੇ ਅਤੇ ਸ਼ੱਕੀ ਸਰਗਰਮੀਆਂ ਦੀ ਸੂਚਨਾ ਮਿਲਦਿਆਂ ਹੀ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ।
ਇਹ ਵੀ ਪੜ੍ਹੋ: ਪੰਜਾਬ: ਸਕੂਟਰੀ ਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ, ਵਿਦੇਸ਼ੋਂ ਛੁੱਟੀ 'ਤੇ ਆਏ ਵਿਅਕਤੀ ਦੀ ਮੌਤ
ਇਸ ਤੋਂ ਇਲਾਵਾ ਬਾਜ਼ਾਰਾਂ, ਧਾਰਮਿਕ ਸਥਾਨਾਂ, ਵਿਦਿਅਕ ਅਦਾਰਿਆਂ, ਬੱਸ ਸਟੈਂਡ, ਰੇਲਵੇ ਸਟੇਸ਼ਨ ਅਤੇ ਹੋਰ ਜਨਤਕ ਸਥਾਨਾਂ ’ਤੇ ਨਿਯਮਿਤ ਚੈਕਿੰਗ ਮੁਹਿੰਮ ਚਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਪੁਲਸ ਅਤੇ ਆਮ ਜਨਤਾ ਵਿਚਕਾਰ ਬਿਹਤਰ ਤਾਲਮੇਲ ਸਥਾਪਤ ਕਰਨਾ ਵੀ ਸਮੇਂ ਦੀ ਲੋੜ ਹੈ। ਹਰੇਕ ਥਾਣਾ ਇੰਚਾਰਜ ਆਪਣੇ ਇਲਾਕੇ ਦੇ ਲੋਕਾਂ ਨਾਲ ਨਿਯਮਿਤ ਰਾਬਤਾ ਬਣਾਈ ਰੱਖੇ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਹੱਲ ਯਕੀਨੀ ਬਣਾਵੇ। ਪੁਲਸ ਕਮਿਸ਼ਨਰ ਨੇ ਕਿਹਾ ਕਿ ਜਨਤਾ ਦਾ ਵਿਸ਼ਵਾਸ ਅਤੇ ਸਹਿਯੋਗ ਹੀ ਪ੍ਰਭਾਵਸ਼ਾਲੀ ਪੁਲਸਿੰਗ ਦੀ ਸਭ ਤੋਂ ਵੱਡੀ ਤਾਕਤ ਹੈ ਅਤੇ ਜਲੰਧਰ ਪੁਲਸ ਪੂਰੀ ਪਾਰਦਰਸ਼ਿਤਾ, ਜਵਾਬਦੇਹੀ ਅਤੇ ਪ੍ਰੋਫੈਸ਼ਨਲ ਤਰੀਕੇ ਨਾਲ ਕੰਮ ਕਰਦਿਆਂ ਸ਼ਹਿਰ ਵਿਚ ਸ਼ਾਂਤੀ, ਸੁਰੱਖਿਆ ਅਤੇ ਕਾਨੂੰਨ-ਵਿਵਸਥਾ ਨੂੰ ਹਰ ਹਾਲ ਵਿਚ ਬਣਾਈ ਰੱਖਣ ਲਈ ਵਚਨਬੱਧ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
