ਜਲੰਧਰ : ਡੀ. ਸੀ. ਨੇ ਦਿੱਤੇ ਸਿਵਲ ਹਸਪਤਾਲ ਦੇ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਨ ਦੇ ਦਿੱਤੇ ਹੁਕਮ
Thursday, Jun 25, 2020 - 08:04 AM (IST)
ਜਲੰਧਰ, (ਚੋਪੜਾ)–ਸਿਵਲ ਹਸਪਤਾਲ ਦੇ ਸਿਹਤ ਸਬੰਧੀ ਬੁਨਿਆਦੀ ਢਾਂਚੇ ਨੂੰ ਵਿਕਸਿਤ ਕਰਦੇ ਹੋਏ 350 ਬੈੱਡਾਂ ਤੱਕ ਪਾਈਪ ਨੂੰ ਮੁਹੱਈਆ ਕਰਨ ਨੂੰ ਯਕੀਨੀ ਬਣਾਇਆ ਜਾਵੇ। ਉਕਤ ਹੁਕਮ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹੇ ਵਿਚ ਕੋਰੋਨਾ ਵਾਇਰਸ ਦਾ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਸਾਹਮਣਾ ਕਰਨ ਨੂੰ ਲੈ ਕੇ ਦਿੱਤੇ। ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਚ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਇਸ ਕਦਮ ਚੁੱਕੇ ਜਾਣ ਦਾ ਮੁੱਖ ਉਦੇਸ਼ ਅਗਾਮੀ ਦਿਨਾਂ ਵਿਚ ਕਿਸੇ ਵੀ ਜ਼ਰੂਰਤ ਨੂੰ ਪੂਰਾ ਕਰਨ ਨੂੰ ਲੈ ਕੇ ਹੈ। ਉਨ੍ਹਾਂ ਕਿਹਾ ਕਿ ਸਿਵਲ ਹਸਪਤਾਲ ਦੇ ਕੋਵਿਡ ਕੇਅਰ ਸੈਂਟਰ ਵਿਚ 100 ਫੀਸਦੀ ਆਕਸੀਜਨ ਪਾਈਪ ਮੁਹੱਈਆ ਕਰਵਾਉਣ ਲਈ ਜ਼ਰੂਰੀ ਪ੍ਰਬੰਧ ਪੂਰੇ ਕੀਤੇ ਜਾਣ।
ਉਨ੍ਹਾਂ ਐੱਸ. ਡੀ.ਐੱਮਜ਼ ਨੂੰ ਕਿਹਾ ਕਿ ਉਹ ਸਿਵਲ ਹਸਪਤਾਲ ਦਾ ਦੌਰਾ ਕਰ ਕੇ ਇਸ ਕੰਮ ਨੂੰ ਪੂਰਾ ਕਰਨ ਲਈ ਜ਼ਰੂਰੀ ਪ੍ਰਬੰਧਾਂ ਦੀ ਦੇਖ-ਰੇਖ ਕਰਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹੇ ਵਿਚ ਸਥਿਤੀ ਪੂਰੀ ਤਰ੍ਹਾਂ ਕੰਟਰੋਲ ਵਿਚ ਹੈ ਅਤੇ ਲੋਕਾਂ ਨੂੰ ਘਬਰਾਉਣ ਦੀ ਜ਼ਰੂਰਤ ਨਹੀਂ। ਉਨ੍ਹਾਂ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਕਿਸੇ ਵੀ ਐਮਰਜੈਂਸੀ ਸਥਿਤੀ ਨਾਲ ਨਜਿੱਠਣ ਲਈ ਪੂਰੀ ਤਰ੍ਹਾਂ ਤਿਆਰ ਹੈ ਅਤੇ ਲੁਕੇ ਹੋਏ ਦੁਸ਼ਮਣਾਂ ਦਾ ਮੁਕਾਬਲਾ ਵੀ ਪੂਰੀ ਸਮਰੱਥਾ ਨਾਲ ਕੀਤਾ ਜਾਵੇਗਾ।
ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਕੋਲ ਮਹਾਮਾਰੀ ਦਾ ਮੁਕਾਬਲਾ ਕਰਨ ਲਈ ਫੰਡਾਂ ਅਤੇ ਮਨੁੱਖੀ ਸਰੋਤਾਂ ਦੀ ਕੋਈ ਘਾਟ ਨਹੀਂ ਹੈ। ਉਨ੍ਹਾਂ ਕਿਹਾ ਕਿ ਸਾਡੇ ਸਾਰਿਆਂ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ ਕਿ ਕੋਵਿਡ-19 ਦਾ ਆਪਸੀ ਤਾਲਮੇਲ ਨਾਲ ਮੁਕਾਬਲਾ ਕੀਤਾ ਜਾਵੇ। ਇਸ ਮੌਕੇ ਐਡੀਸ਼ਨਲ ਡਿਪਟੀ ਵਿਸ਼ੇਸ਼ ਸਾਰੰਗਲ ਅਤੇ ਜਸਬੀਰ ਸਿੰਘ, ਐੱਸ. ਡੀ. ਐੱਮ. ਰਾਹੁਲ ਸਿੰਧੂ, ਵਿਨੀਤ ਕੁਮਾਰ ਅਤੇ ਜੈਇੰਦਰ ਸਿੰਘ, ਸੈਕਟਰੀ, ਆਰ. ਟੀ.ਏ., ਬਲਜਿੰਦਰ ਸਿੰਘ, ਡੀ. ਸੀ. ਪੀ. ਅਰੁਣ ਸੈਣੀ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ, ਐੱਸ. ਐੱਮ. ਓ. ਡਾ. ਜਗਦੀਸ਼ ਕੁਮਾਰ ਅਤੇ ਹੋਰ ਹਾਜ਼ਰ ਸਨ।