ਜਲੰਧਰ : ਅਹੁਦਾ ਸੰਭਾਲਦੇ ਹੀ ਡਿਪਟੀ ਕਮਿਸ਼ਨਰ ਨੇ ਕੀਤੀਆਂ ਤਾਬੜਤੋੜ ਬੈਠਕਾਂ

Wednesday, Jun 17, 2020 - 10:54 AM (IST)

ਜਲੰਧਰ, (ਚੋਪੜਾ)– ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਆਪਣਾ ਅਹੁਦਾ ਸੰਭਾਲਦੇ ਹੀ ਐਕਸ਼ਨ ਵਿਚ ਆ ਗਏ ਹਨ। ਬੀਤੇ ਦਿਨ ਉਨ੍ਹਾਂ ਨੇ ਅਹੁਦਾ ਸੰਭਾਲਦੇ ਹੀ ਪ੍ਰਸ਼ਾਸਨਿਕ, ਸਿਹਤ ਮਹਿਕਮਾ,ਆਬਕਾਰੀ ਮਹਿਕਮਾ ਸਮੇਤ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਨਾਲ ਤਾਬੜਤੋੜ ਬੈਠਕਾਂ ਕੀਤੀਆਂ।

ਇਸ ਦੌਰਾਨ ਉਨ੍ਹਾਂ ਨੇ ਆਪਣੀ ਤੇਜ਼ ਤਰਾਰ ਕਾਰਜਸ਼ੈਲੀ ਤੋਂ ਜਾਣੂ ਕਰਵਾਉਂਦੇ ਹੋਏ ਜਿੱਥੇ ਮਹਿਕਮਿਆਂ ਦੇ ਕਾਮਿਆਂ ਨੂੰ ਚਿਤਾਵਨੀ ਦਿੱਤੀ ਕਿ ਉਹ ਦਫ਼ਤਰਾਂ ਨਾਲ ਸਬੰਧਤ ਕੰਮਾਂ ਵਿਚ ਲੇਟ-ਲਤੀਫ਼ੀ ਬਰਦਾਸ਼ਤ ਨਹੀਂ ਕਰਨਗੇ, ਉਥੇ ਹੀ ਕੋਵਿਡ-19 ਦੇ ਪ੍ਰਬੰਧਾਂ ਅਤੇ ਜ਼ਿਲ੍ਹੇ ਵਿਚ ਨਾਜਾਇਜ਼ ਸ਼ਰਾਬ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਦੇ ਹੁਕਮ ਜਾਰੀ ਕਰਕੇ ਅਧਿਕਾਰੀਆਂ ਅਤੇ ਕਾਮਿਆਂ ਸਾਹਮਣੇ ਆਪਣਾ ਨਜ਼ਰੀਆ ਸਪੱਸ਼ਟ ਕਰ ਦਿੱਤਾ । ਜ਼ਿਕਰਯੋਗ ਹੈ ਕਿ ਜਲੰਧਰ ਦੇ ਸਾਬਕਾ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਵਾਂਗ ਇਕ ਵਾਰ ਫਿਰ ਤਜ਼ਰਬੇਕਾਰ ਅਤੇ ਨੌਜਵਾਨ ਡਿਪਟੀ ਕਮਿਸ਼ਨਰ ਜ਼ਿਲ੍ਹੇ ਨੂੰ ਮਿਲਿਆ ਹੈ।

ਕੋਵਿਡ-19 ਦੇ ਪ੍ਰਬੰਧਾਂ ਦਾ ਲਿਆ ਜਾਇਜ਼ਾ

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਕੋਰੋਨਾ ਲਾਗ ਦੀ ਬਿਮਾਰੀ ਦਾ ਮੁਕਾਬਲਾ ਕਰਨ ਲਈ ਤਿਆਰੀਆਂ ਦਾ ਜਾਇਜ਼ਾ ਲੈਂਦੇ ਹੋਏ ਸਿਹਤ ਮਹਿਕਮੇ ਨੂੰ ਹਦਾਇਤਾਂ ਦਿੱਤੀਆਂ ਕਿ ਉਹ ਜਲੰਧਰ ਨੂੰ ਕੋਰੋਨਾ ਮੁਕਤ ਬਣਾਉਣ ਲਈ ਹਰ ਤਰ੍ਹਾਂ ਦੇ ਪ੍ਰਬੰਧਾਂ ਨੂੰ ਪੂਰਾ ਕਰੇ। ਪ੍ਰਸ਼ਾਸਨਿਕ ਕੰਪਲੈਕਸ ਵਿਚ ਉੱਚ ਪੱਧਰੀ ਬੈਠਕ ਦੀ ਪ੍ਰਧਾਨਗੀ ਕਰਦੇ ਹੋਏ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕੋਰੋਨਾ ਲਾਗ ਦੀ ਬਿਮਾਰੀ ਖ਼ਿਲਾਫ਼ ਜੰਗ ਵਿਚ ਹਰ ਹਾਲ ਜਿੱਤ ਪ੍ਰਾਪਤ ਕਰਨੀ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਰੋਗ ਦੀ ਪਛਾਣ ਅਤੇ ਇਲਾਜ ਨੂੰ ਯਕੀਨੀ ਬਣਾਇਆ ਗਿਆ ਹੈ। ਇਸ ਮੌਕੇ ਸਿਵਲ ਸਰਜਨ ਡਾ. ਗੁਰਿੰਦਰ ਕੌਰ ਚਾਵਲਾ ਅਤੇ ਮੈਡੀਕਲ ਸੁਪਰਡੈਂਟ ਡਾ. ਹਰਿੰਦਰ ਸਿੰਘ ਵਲੋਂ ਡਿਪਟੀ ਕਮਿਸ਼ਨਰ ਨੂੰ ਜ਼ਿਲ੍ਹੇ ਨਾਲ ਸਬੰਧਤ 381 ਸਰਗਰਮ ਕੋਰੋਨਾ ਲਾਗ ਦੇ ਮਾਮਲਿਆਂ ਦੀ ਰਿਪੋਰਟ ਦਿੰਦੇ ਹੋਏ ਮਹਾਮਾਰੀ ਨੂੰ ਰੋਕਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਬਾਰੇ ਵੀ ਦੱਸਿਆ।

ਸ਼ਰਾਬ ਮਾਫੀਆ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇ

ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਆਬਕਾਰੀ ਮਹਿਕਮੇ ਦੇ ਅਧਿਕਾਰੀ ਨੂੰ ਹੁਕਮ ਦਿੱਤੇ ਹਨ ਕਿ ਜ਼ਿਲ੍ਹੇ ਵਿਚ ਸ਼ਰਾਬ ਦੀ ਤਸਕਰੀ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ। ਮਹਿਕਮੇ ਦੇ ਅਧਿਕਾਰੀਆਂ ਨਾਲ ਬੈਠਕ ਦੀ ਪ੍ਰਧਾਨਗੀ ਕਰਦੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਅਜਿਹੀ ਕਾਰਵਾਈ ਵਿਚ ਸ਼ਾਮਲ ਮੁਲਜ਼ਮਾਂ ਖ਼ਿਲਾਫ਼ ਡਿਜਾਸਟਰ ਮੈਨੇਜਮੈਂਟ ਅਤੇ ਐਪੀਡੈਮਿਕ ਐਕਟ ਅਧੀਨ ਕਾਰਵਾਈ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਸ਼ਰਾਬ ਦੀ ਤਸਕਰੀ ਨੂੰ ਰੋਕਣ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਜਿਸ ਨੂੰ ਨਿਰੰਤਰ ਜਾਰੀ ਰੱਖਿਆ ਜਾਵੇ।

ਫਾਈਲਾਂ ਲਟਕਾਉਣ ਵਾਲੇ ਕਾਮਿਆਂ ਖ਼ਿਲਾਫ਼ ਕੀਤੀ ਜਾਵੇਗੀ ਸਖ਼ਤ ਕਾਰਵਾਈ

ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਵਿਚ ਆਉਣ ਵਾਲੇ ਲੋਕਾਂ ਦੇ ਕੰਮਾਂ ਨੂੰ ਪਹਿਲ ਦਿੱਤੀ ਜਾਵੇ। ਬਿਨਾਂ ਵਜ੍ਹਾ ਕੰਮ ਦੇਰੀ ਨਾਲ ਕਰਨ ਵਾਲੇ ਕਾਮਿਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਕਤ ਨਿਰਦੇਸ਼ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਸਬੰਧਤ ਮਹਿਕਮੇ ਦੇ ਕਾਮਿਆਂ ਨਾਲ ਇਕ ਬੈਠਕ ਦੌਰਾਨ ਦਿੱਤੇ। ਉਨ੍ਹਾਂ ਕਿਹਾ ਕਿ ਬਿਨਾਂ ਕਾਰਣ ਕੋਈ ਮਾਮਲਾ ਲਟਕਦਾ ਨਹੀਂ ਰਹਿਣਾ ਚਾਹੀਦਾ। ਉਨ੍ਹਾਂ ਵਲੋਂ ਲਗਾਤਾਰ ਪੈਂਡੈਂਸੀ ਦਾ ਜਾਇਜ਼ਾ ਲਿਆ ਜਾਵੇਗਾ।


Lalita Mam

Content Editor

Related News