ਦੀਵਾਲੀ, ਗੁਰਪੁਰਬ ਤੇ ਹੋਰ ਤਿਉਹਾਰਾਂ ਮੌਕੇ ਪਟਾਕੇ ਚਲਾਉਣ ਸਬੰਧੀ ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੁਕਮ ਜਾਰੀ
Saturday, Oct 08, 2022 - 11:59 AM (IST)
ਜਲੰਧਰ (ਚੋਪੜਾ)– ਜ਼ਿਲ੍ਹਾ ਮੈਜਿਸਟਰੇਟ ਜਸਪ੍ਰੀਤ ਸਿੰਘ ਨੇ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ (ਦਿਹਾਤੀ) ਦੀ ਹੱਦ ਅੰਦਰ ਸਮਰੱਥ ਅਧਿਕਾਰੀ ਵੱਲੋਂ ਅਧਿਕਾਰਤ ਵਿਅਕਤੀ ਨੂੰ ਛੱਡ ਕੇ ਕਿਸੇ ਵੀ ਵਿਅਕਤੀ ਵੱਲੋਂ ਦੀਵਾਲੀ ਅਤੇ ਗੁਰਪੁਰਬ ਦੇ ਮੌਕੇ ’ਤੇ ਪਟਾਕਿਆਂ, ਵਿਸਫੋਟਕ ਸਮੱਗਰੀ ਆਦਿ ਦੀ ਵਰਤੋਂ, ਸਟੋਰ, ਪ੍ਰਦਰਸ਼ਨ ਅਤੇ ਵਿਕਰੀ ’ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਹਨ। ਡਿਪਟੀ ਕਮਿਸ਼ਨਰ ਦੇ ਹੁਕਮ ਅਨੁਸਾਰ ਦੀਵਾਲੀ ਦੇ ਮੌਕੇ ’ਤੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਹੋਵੇਗੀ। ਇਸੇ ਤਰ੍ਹਾਂ ਗੁਰਪੁਰਬ ਦੇ ਮੌਕੇ ’ਤੇ ਸਵੇਰੇ 4 ਤੋਂ 5 ਵਜੇ ਤੱਕ ਅਤੇ ਰਾਤੀਂ 9 ਤੋਂ 10 ਵਜੇ ਤੱਕ ਪਟਾਕੇ ਚਲਾਏ ਜਾ ਸਕਦੇ ਹਨ।
ਜਸਪ੍ਰੀਤ ਸਿੰਘ ਨੇ ਹੁਕਮ ਵਿਚ ਦੱਸਿਆ ਕਿ ਇਸ ਤੋਂ ਇਲਾਵਾ ਕ੍ਰਿਸਮਸ ਅਤੇ ਨਵੇਂ ਸਾਲ ਦੀ ਪੂਰਬਲੀ ਸ਼ਾਮ ਪਟਾਕੇ ਚਲਾਉਣ ਦਾ ਸਮਾਂ ਰਾਤੀਂ 11.55 ਤੋਂ 12.30 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ। ਇਨ੍ਹਾਂ ਮੌਕਿਆਂ ਨੂੰ ਛੱਡ ਕੇ ਕਿਸੇ ਵੀ ਵਿਅਕਤੀ ਨੂੰ ਪਟਾਕੇ ਚਲਾਉਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਪੁਲਸ ਵਿਭਾਗ ਇਹ ਯਕੀਨੀ ਬਣਾਵੇਗਾ ਕਿ ਨਿਰਧਾਰਿਤ ਸਮੇਂ ਦੌਰਾਨ ਹੀ ਆਤਿਸ਼ਬਾਜ਼ੀ ਦਾ ਪ੍ਰਦਰਸ਼ਨ ਕੀਤਾ ਜਾਵੇ ਅਤੇ ਪਾਬੰਦੀਸ਼ੁਦਾ ਪਟਾਕਿਆਂ ਦੀ ਵਿਕਰੀ ਨਾ ਹੋਵੇ। ਇਸ ਤੋਂ ਇਲਾਵਾ ਸਾਰੇ ਸਬੰਧਤ ਥਾਣਾ ਇੰਚਾਰਜ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿਚ ਇਨ੍ਹਾਂ ਹੁਕਮਾਂ ਦੀ ਪਾਲਣਾ ਯਕੀਨੀ ਬਣਾਉਣਗੇ।
ਇਹ ਵੀ ਪੜ੍ਹੋ: ਕਪੂਰਥਲਾ 'ਚ ਵਾਪਰੇ ਭਿਆਨਕ ਹਾਦਸੇ ਨੇ ਖੋਹੀਆਂ ਘਰ ਦੀਆਂ ਖ਼ੁਸ਼ੀਆਂ, 11ਵੀਂ ਜਮਾਤ 'ਚ ਪੜ੍ਹਦੀ ਵਿਦਿਆਰਥਣ ਦੀ ਮੌਤ
ਉਨ੍ਹਾਂ ਕਿਹਾ ਕਿ ਸਾਈਲੈਂਸ ਜ਼ੋਨ (ਹਸਪਤਾਲ, ਸਿੱਖਿਆ ਸੰਸਥਾਵਾਂ ਆਦਿ ਦੇ ਨੇੜੇ) ’ਚ ਕਿਸੇ ਵੀ ਸਮੇਂ ਪਟਾਕੇ ਚਲਾਉਣ ’ਤੇ ਪੂਰੀ ਤਰ੍ਹਾਂ ਪਾਬੰਦੀ ਰਹੇਗੀ। ਇੰਡੀਅਨ ਆਇਲ ਕਾਰਪੋਰੇਸ਼ਨ, ਭਾਰਤ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਅਤੇ ਹਿੰਦੋਸਤਾਨ ਪੈਟਰੋਲੀਅਮ ਕਾਰਪੋਰੇਸ਼ਨ ਲਿਮਟਿਡ ਦੇ ਤੇਲ ਟਰਮੀਨਲਾਂ ਦੇ 500 ਗਜ਼ ਦੇ ਘੇਰੇ ’ਚ ਉਕਤ ਪਿੰਡ ਦੀ ਹੱਦ ’ਤੇ ਪਟਾਕੇ ਚਲਾਉਣ ’ਤੇ ਵੀ ਰੋਕ ਰਹੇਗੀ। ਜ਼ਿਲਾ ਮੈਜਿਸਟਰੇਟ ਦੇ ਇਹ ਹੁਕਮ 5 ਜਨਵਰੀ 2023 ਤੱਕ ਲਾਗੂ ਰਹਿਣਗੇ।
ਇਹ ਵੀ ਪੜ੍ਹੋ: ਰਾਜਾ ਵੜਿੰਗ ਨੇ ਅੰਮ੍ਰਿਤਪਾਲ ਸਿੰਘ ਖ਼ਿਲਾਫ਼ DGP ਗੌਰਵ ਯਾਦਵ ਨੂੰ ਕੀਤੀ ਸ਼ਿਕਾਇਤ, ਕਿਹਾ-ਗਤੀਵਿਧੀਆਂ ਦੀ ਹੋਵੇ ਜਾਂਚ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ