ਜ਼ਿਮਨੀ ਚੋਣ ਦੇ ਚੱਲਦਿਆਂ ਜਲੰਧਰ ਲੋਕ ਸਭਾ ਸੀਟ 'ਤੇ ਮੌਜੂਦਾ ਤੇ ਸਾਬਕਾ ਮੁੱਖ ਮੰਤਰੀਆਂ ਦਾ ਜਮਾਵੜਾ
Friday, Apr 21, 2023 - 04:50 PM (IST)
ਲੁਧਿਆਣਾ (ਹਿਤੇਸ਼) : ਜਲੰਧਰ ਲੋਕ ਸਭਾ ਸੀਟ 'ਤੇ ਹੋਣ ਵਾਲੀ ਜ਼ਿਮਨੀ ਚੋਣ ਦੌਰਾਨ ਸਾਰੀਆਂ ਪਾਰਟੀਆਂ ਦੇ ਮੌਜੂਦਾ ਅਤੇ ਸਾਬਕਾ ਵਿਧਾਇਕਾਂ, ਮੰਤਰੀਆਂ ਅਤੇ ਸੰਸਦ ਮੈਂਬਰਾਂ ਦੀ ਭੀੜ ਨਜ਼ਰ ਆ ਰਹੀ ਹੈ। ਉੱਥੇ ਹੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜਲੰਧਰ ਲੋਕ ਸਭਾ ਸੀਟ 'ਤੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਦਾ ਜਮਾਵੜਾ ਦੇਖਣ ਨੂੰ ਮਿਲ ਰਿਹਾ ਹੈ। ਇਨ੍ਹਾਂ 'ਚੋਂ ਸਭ ਤੋਂ ਅਹਿਮ ਨਾਂ ਆਮ ਆਦਮੀ ਪਾਰਟੀ ਵੱਲੋਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਾ ਹੈ, ਜੋ ਲਗਾਤਾਰ ਜਲੰਧਰ 'ਚ ਦਸਤਕ ਦੇ ਰਹੇ ਹਨ।
ਇਹ ਵੀ ਪੜ੍ਹੋ : ਪੰਜਾਬ-ਹਰਿਆਣਾ ਹਾਈਕੋਰਟ ਦਾ ਫ਼ੈਸਲਾ-Rape ਮਗਰੋਂ ਵਿਆਹ ਕਰ ਲੈਣ 'ਤੇ ਜ਼ਿੰਦਗੀ 'ਚ ਵਿਘਨ ਨਹੀਂ ਪਾ ਸਕਦੇ
ਇਸ ਸ਼੍ਰੇਣੀ 'ਚ ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਰਾਜਿੰਦਰ ਕੌਰ ਭੱਠਲ ਅਤੇ ਚਰਨਜੀਤ ਚੰਨੀ ਦਾ ਨਾਂ ਸ਼ਾਮਲ ਹੈ, ਜੋ ਕਿ ਪਾਰਟੀ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਨ ਲਈ ਜਲੰਧਰ ਆ ਰਹੇ ਹਨ। ਇਸ ਤੋਂ ਇਲਾਵਾ ਭਾਜਪਾ ਵੱਲੋਂ ਪੰਜਾਬ ਦੇ ਇੰਚਾਰਜ ਲਾਏ ਗਏ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੇ ਰੂਪਾਣੀ ਵੀ ਪੱਕੇ ਤੌਰ 'ਤੇ ਜਲੰਧਰ 'ਚ ਡੇਰਾ ਲਾ ਕੇ ਬੈਠੇ ਹੋਏ ਹਨ। ਜਿੱਥੇ ਤੱਕ ਪੰਜਾਬ ਦੇ ਹੋਰ ਸਾਬਕਾ ਮੁੱਖ ਮੰਤਰੀਆਂ ਦਾ ਸਵਾਲ ਹੈ, ਉਨ੍ਹਾਂ 'ਚ ਪ੍ਰਕਾਸ਼ ਸਿੰਘ ਬਾਦਲ ਹਸਪਤਾਲ 'ਚ ਦਾਖ਼ਲ ਹਨ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਭਾਜਪਾ ਉਮੀਦਵਾਰ ਦੇ ਸਮਰਥਨ 'ਚ ਜਲੰਧਰ ਆਉਣ ਨੂੰ ਲੈ ਕੇ ਵੀ ਸਸਪੈਂਸ ਬਰਕਰਾਰ ਹੈ।
ਹਾਲਾਂਕਿ ਕਾਂਗਰਸ ਵੱਲੋਂ ਜਾਰੀ ਕੀਤੀ ਗਈ ਸਟਾਰ ਪ੍ਰਚਾਰਕਾਂ ਦੀ ਸੂਚੀ 'ਚ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ, ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਸੁਖਵਿੰਦਰ ਸੁੱਖੂ, ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ, ਉੱਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਹਰੀਸ਼ ਰਾਵਤ ਦਾ ਨਾਂ ਸ਼ਾਮਲ ਕੀਤਾ ਗਿਆ ਹੈ। ਇਸੇ ਤਰ੍ਹਾਂ ਭਾਜਪਾ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕਰਨ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ, ਹਿਮਾਚਲ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਜੈ ਰਾਮ ਠਾਕੁਰ ਤੋਂ ਇਲਾਵਾ ਅਕਾਲੀ ਦਲ-ਬਸਪਾ ਦੇ ਉਮੀਦਵਾਰ ਲਈ ਵੋਟ ਮੰਗਣ ਸਾਬਕਾ ਮੁੱਖ ਮੰਤਰੀ ਮਾਇਆਵਤੀ ਦੇ ਵੀ ਜਲੰਧਰ ਆਉਣ ਦੀ ਸੂਚਨਾ ਸੁਣਨ ਨੂੰ ਮਿਲ ਰਹੀ ਹੈ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ