ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ ''ਚ ਇੱਕ ਮੁਲਜ਼ਮ ਕਾਬੂ, ਦੂਜੇ ਦੀ ਭਾਲ ਜਾਰੀ

Saturday, Jun 13, 2026 - 08:41 PM (IST)

ਜਲੰਧਰ ਪੁਲਸ ਦਾ ‘ਗੈਂਗਸਟਰਾਂ ਤੇ ਵਾਰ’: ਫਾਇਰਿੰਗ ਮਾਮਲੇ ''ਚ ਇੱਕ ਮੁਲਜ਼ਮ ਕਾਬੂ, ਦੂਜੇ ਦੀ ਭਾਲ ਜਾਰੀ

ਜਲੰਧਰ (ਕੁੰਦਨ, ਪੰਕਜ) : ਕਮਿਸ਼ਨਰੇਟ ਪੁਲਸ ਜਲੰਧਰ ਨੇ “ਗੈਂਗਸਟਰਾਂ ਤੇ ਵਾਰ” ਮੁਹਿੰਮ ਤਹਿਤ ਇੱਕ ਵੱਡੀ ਸਫਲਤਾ ਹਾਸਲ ਕਰਦਿਆਂ ਫਾਇਰਿੰਗ ਅਤੇ ਧਮਕੀ ਦੇ ਮਾਮਲੇ ਨੂੰ ਕੁਝ ਹੀ ਸਮੇਂ ਵਿੱਚ ਸੁਲਝਾ ਲਿਆ ਹੈ। ਪੁਲਸ ਨੇ ਇਸ ਮਾਮਲੇ ਵਿੱਚ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ, ਜਦਕਿ ਦੂਜੇ ਫਰਾਰ ਮੁਲਜ਼ਮ ਦੀ ਪਛਾਣ ਕਰਕੇ ਉਸ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਹੈ।

ਪੁਲਸ ਕਮਿਸ਼ਨਰ ਧਨਪ੍ਰੀਤ ਕੌਰ IPS ਦੇ ਦਿਸ਼ਾ-ਨਿਰਦੇਸ਼ਾਂ ਹੇਠ DCP ਇਨਵੈਸਟੀਗੇਸ਼ਨ ਮਨਪ੍ਰੀਤ ਸਿੰਘ ਢਿਲੋਂ, ADCP ਜੇਅੰਤ ਪੁਰੀ ਅਤੇ ਹੋਰ ਉੱਚ ਅਧਿਕਾਰੀਆਂ ਦੀ ਨਿਗਰਾਨੀ ਹੇਠ ਵਿਸ਼ੇਸ਼ ਰੇਡ ਟੀਮਾਂ ਦਾ ਗਠਨ ਕੀਤਾ ਗਿਆ ਸੀ। CIA ਸਟਾਫ਼ ਅਤੇ ਥਾਣਾ ਰਾਮਾ ਮੰਡੀ ਦੀ ਪੁਲਸ ਨੇ ਸਾਂਝੀ ਕਾਰਵਾਈ ਕਰਦਿਆਂ ਤਕਨੀਕੀ ਅਤੇ ਮਨੁੱਖੀ ਸੂਚਨਾ ਦੇ ਆਧਾਰ ’ਤੇ ਇਸ ਮਾਮਲੇ ਨੂੰ ਬਹੁਤ ਘੱਟ ਸਮੇਂ ਵਿੱਚ ਟਰੇਸ ਕਰ ਲਿਆ।

ਪੁਲਸ ਰਿਕਾਰਡ ਅਨੁਸਾਰ, 12 ਜੂਨ 2026 ਨੂੰ ਦੁਪਹਿਰ ਕਰੀਬ 03:00 ਵਜੇ ਦੋ ਮੋਟਰਸਾਈਕਲ ਸਵਾਰ ਵਿਅਕਤੀਆਂ ਵੱਲੋਂ ਫਾਇਰਿੰਗ ਕੀਤੀ ਗਈ ਸੀ। ਇਸ ਸਬੰਧੀ ਥਾਣਾ ਰਾਮਾ ਮੰਡੀ ਵਿੱਚ ਬੀ.ਐਨ.ਐਸ (BNS) ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਤਹਿਤ ਮੁਕੱਦਮਾ ਨੰਬਰ 130 ਦਰਜ ਕੀਤਾ ਗਿਆ ਸੀ।

ਪੁਲਸ ਦੀ ਮੁੱਢਲੀ ਜਾਂਚ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਇਸ ਫਾਇਰਿੰਗ ਪਿੱਛੇ ਇੱਕ ਸੰਗਠਿਤ ਅਪਰਾਧਿਕ ਨੈੱਟਵਰਕ ਦਾ ਹੱਥ ਹੋ ਸਕਦਾ ਹੈ। ਪੁਲਸ ਹੁਣ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰ ਰਹੀ ਹੈ ਤਾਂ ਜੋ ਇਸ ਨੈੱਟਵਰਕ ਨਾਲ ਜੁੜੇ ਹਰ ਵਿਅਕਤੀ ਦੀ ਪਹਿਚਾਣ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ।

ਕਮਿਸ਼ਨਰੇਟ ਪੁਲਸ ਨੇ ਸਪੱਸ਼ਟ ਕੀਤਾ ਹੈ ਕਿ ਸ਼ਹਿਰ ਵਿੱਚ ਅਮਨ-ਕਾਨੂੰਨ ਭੰਗ ਕਰਨ ਵਾਲਿਆਂ ਅਤੇ ਦਹਿਸ਼ਤ ਫੈਲਾਉਣ ਵਾਲੇ ਅਪਰਾਧਿਕ ਤੱਤਾਂ ਖ਼ਿਲਾਫ਼ ‘ਜ਼ੀਰੋ ਟੋਲਰੈਂਸ’ ਨੀਤੀ ਅਪਣਾਈ ਜਾਵੇਗੀ। ਪੁਲਸ ਅਧਿਕਾਰੀਆਂ ਮੁਤਾਬਕ ਆਉਣ ਵਾਲੇ ਦਿਨਾਂ ਵਿੱਚ ਇਸ ਮਾਮਲੇ ਵਿੱਚ ਹੋਰ ਮਹੱਤਵਪੂਰਨ ਖੁਲਾਸੇ ਅਤੇ ਗ੍ਰਿਫ਼ਤਾਰੀਆਂ ਹੋਣ ਦੀ ਪੂਰੀ ਸੰਭਾਵਨਾ ਹੈ।
 


author

Inder Prajapati

Content Editor

Related News