ਨਵੇਂ ਸਾਲ ਦੇ ਜਸ਼ਨ ਮੌਕੇ 1000 ਪੁਲਸ ਮੁਲਾਜ਼ਮਾਂ ਦੇ ਹੱਥ ਹੋਵੇਗੀ ਜਲੰਧਰ ਦੀ ਕਮਾਨ, ਅਧਿਕਾਰੀਆਂ ਨੂੰ ਮਿਲੇ ਇਹ ਹੁਕਮ

Friday, Dec 31, 2021 - 03:40 PM (IST)

ਨਵੇਂ ਸਾਲ ਦੇ ਜਸ਼ਨ ਮੌਕੇ 1000 ਪੁਲਸ ਮੁਲਾਜ਼ਮਾਂ ਦੇ ਹੱਥ ਹੋਵੇਗੀ ਜਲੰਧਰ ਦੀ ਕਮਾਨ, ਅਧਿਕਾਰੀਆਂ ਨੂੰ ਮਿਲੇ ਇਹ ਹੁਕਮ

ਜਲੰਧਰ (ਸੁਧੀਰ)– 31 ਦਸੰਬਰ ਦੀ ਰਾਤ ਨੂੰ ਸ਼ਹਿਰ ਵਿਚ ਅਮਨ-ਸ਼ਾਂਤੀ ਅਤੇ ਕਾਨੂੰਨ ਵਿਵਸਥਾ ਬਣਾਈ ਰੱਖਣ ਲਈ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸ਼ਹਿਰ ਵਿਚ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਦਾ ਹੁਕਮ ਜਾਰੀ ਕੀਤਾ ਹੈ। ਬੀਤੇ ਦਿਨ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਥਾਨਕ ਪੁਲਸ ਲਾਈਨ ਵਿਚ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ 31 ਦਸੰਬਰ ਦੀ ਰਾਤ ਨੂੰ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਹੁਕਮ ਜਾਰੀ ਕੀਤੇ।

ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਦੱਸਿਆ ਕਿ 31 ਦਸੰਬਰ ਦੀ ਰਾਤ ਨੂੰ ਸ਼ਹਿਰ ਵਿਚ ਸੁਰੱਖਿਆ ਦੇ ਮੱਦੇਨਜ਼ਰ 1000 ਪੁਲਸ ਮੁਲਾਜ਼ਮਾਂ ਨੂੰ ਵਿਸ਼ੇਸ਼ ਰੂਪ ਵਿਚ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਵੀ ਦੇਰ ਰਾਤ ਤੱਕ ਸ਼ਹਿਰ ਵਿਚ ਖ਼ੁਦ ਫੀਲਡ ਵਿਚ ਰਹਿ ਕੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲੈਣਗੇ। ਇਸ ਦੇ ਨਾਲ ਹੀ ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ਅਤੇ ਪ੍ਰਮੁੱਖ ਚੌਕਾਂ ਵਿਚ ਪੁਲਸ ਦੀ ਵਿਸ਼ੇਸ਼ ਨਾਕਾਬੰਦੀ ਹੋਵੇਗੀ। ਇਸ ਤੋਂ ਇਲਾਵਾ ਪੀ. ਸੀ. ਆਰ. ਦਸਤੇ ਨੂੰ ਵੀ 31 ਦਸੰਬਰ ਦੀ ਰਾਤ ਨੂੰ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਅਤੇ ਭੀੜ-ਭੜੱਕੇ ਵਾਲੇ ਇਲਾਕਿਆਂ, ਹੋਟਲਾਂ, ਰੈਸਟੋਰੈਂਟਾਂ, ਪੱਬਾਂ ਅਤੇ ਬੀਅਰ ਬਾਰਾਂ ਦੇ ਬਾਹਰ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਦੇ ਨਿਰਦੇਸ਼ ਜਾਰੀ ਕੀਤੇ। ਉਨ੍ਹਾਂ ਦੱਸਿਆ ਕਿ ਟਰੈਫਿਕ ਪੁਲਸ ਦੇ ਮੁਲਾਜ਼ਮਾਂ ਨੂੰ ਵਿਸ਼ੇਸ਼ ਰੂਪ ਵਿਚ ਦੇਰ ਰਾਤ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ’ਤੇ ਨਾਕਾਬੰਦੀ ਕਰਨ ਦੇ ਨਾਲ-ਨਾਲ ਐਲਕੋਮੀਟਰ ਨਾਲ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲਿਆਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਹਨ।

ਇਹ ਵੀ ਪੜ੍ਹੋ: ਜਲੰਧਰ ਤੋਂ ਵੱਡੀ ਖ਼ਬਰ, ਪ੍ਰਾਚੀਨ ਸ਼ਿਵ ਮੰਦਿਰ ’ਚ ਵਾਪਰੀ ਬੇਅਦਬੀ ਦੀ ਘਟਨਾ

‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਉਨ੍ਹਾਂ ਦੱਸਿਆ ਕਿ ਲੁਧਿਆਣਾ ਵਿਚ ਹੋਏ ਬੰਬ ਧਮਾਕੇ ਤੋਂ ਬਾਅਦ ਜਾਰੀ ਰੈੱਡ ਅਲਰਟ ਤਹਿਤ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਪਹਿਲਾਂ ਤੋਂ ਹੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਸਨ ਜਿਸ ਤਹਿਤ ਉਨ੍ਹਾਂ 31 ਦਸੰਬਰ ਅਤੇ ਨਵੇਂ ਸਾਲ ਦੇ ਆਗਮਨ ਦੇ ਮੱਦੇਨਜ਼ਰ ਅਧਿਕਾਰੀਆਂ ਨਾਲ ਵਿਸ਼ੇਸ਼ ਮੀਟਿੰਗ ਕਰ ਕੇ ਸ਼ਹਿਰ ਵਿਚ ਹੋਰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਹੈ। ਉਨ੍ਹਾਂ ਸਾਫ਼ ਕਿਹਾ ਕਿ ਸ਼ਹਿਰ ਵਿਚ ਲਾਅ ਐਂਡ ਆਰਡਰ ਨੂੰ ਪੂਰਾ ਮੇਨਟੇਨ ਰੱਖਿਆ ਜਾਵੇਗਾ ਅਤੇ ਉਲੰਘਣਾ ਕਰਨ ਅਤੇ ਹੁੱਲੜਬਾਜ਼ੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

PunjabKesari

ਉਨ੍ਹਾਂ ਹੋਟਲਾਂ, ਬੀਅਰ ਬਾਰਾਂ ਅਤੇ ਰੈਸਟੋਰੈਂਟਾਂ/ਪੱਬ ਮਾਲਕਾਂ ਨੂੰ ਸਾਫ਼ ਚਿਤਾਵਨੀ ਦਿੰਦਿਆਂ ਕਿਹਾ ਕਿ ਪ੍ਰਸ਼ਾਸਨ ਵੱਲੋਂ ਦਿੱਤੇ ਗਏ ਸਮੇਂ ਮੁਤਾਬਕ ਹੀ ਸਾਰੇ ਰੈਸਟੋਰੈਂਟ, ਬੀਅਰ ਬਾਰ ਅਤੇ ਪੱਬ ਸਮੇਂ ’ਤੇ ਬੰਦ ਹੋਣੇ ਚਾਹੀਦੇ ਹਨ। ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸ਼ਹਿਰ ਵਿਚ 24 ਘੰਟੇ ਪੁਲਸ ਦੀ ਪੈਟਰੋਲਿੰਗ ਵੀ ਵਧਾ ਦਿੱਤੀ ਗਈ ਹੈ।
ਨੌਨਿਹਾਲ ਸਿੰਘ ਨੇ ਦੱਸਿਆ ਕਿ ਸ਼ਹਿਰ ਵਿਚ ਕਮਿਸ਼ਨਰ ਦਾ ਚਾਰਜ ਸੰਭਾਲਣ ਤੋਂ ਬਾਅਦ ਕ੍ਰਾਈਮ ਦੇ ਗ੍ਰਾਫ਼ ਵਿਚ ਕਾਫ਼ੀ ਕਮੀ ਆਈ ਹੈ। ਔਰਤਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸ਼ਹਿਰ ਦੇ ਬਾਜ਼ਾਰਾਂ ਵਿਚ ਵੀ ਮਹਿਲਾ ਪੁਲਸ ਮੁਲਾਜ਼ਮਾਂ ਨੂੰ ਤਾਇਨਾਤ ਕੀਤਾ ਗਿਆ ਹੈ। 2021 ’ਚ ਰਹਿ ਗਏ ਕੁਝ ਪੈਂਡਿੰਗ ਕੇਸਾਂ ਨੂੰ ਵੀ ਪਹਿਲ ਦੇ ਆਧਾਰ ’ਤੇ ਟਰੇਸ ਕਰਨ ਲਈ ਨਵੀਆਂ ਟੀਮਾਂ ਦਾ ਗਠਨ ਕੀਤਾ ਗਿਆ ਹੈ। ਨਵੇਂ ਸਾਲ ਦੇ ਆਗਮਨ ਤਹਿਤ ਸ਼ਹਿਰ ਵਾਸੀਆਂ ਨੂੰ ਕਮਿਸ਼ਨਰੇਟ ਪੁਲਸ ਵਿਚ ਕਈ ਵੱਡੇ ਬਦਲਾਅ ਨਜ਼ਰ ਆਉਣਗੇ ਅਤੇ ਲੋਕਾਂ ਨੂੰ ਆਪਣੇ ਕੰਮ ਕਰਵਾਉਣ ਲਈ ਵਾਰ-ਵਾਰ ਥਾਣਿਆਂ ਅਤੇ ਕਮਿਸ਼ਨਰੇਟ ਪੁਲਸ ਦੇ ਚੱਕਰ ਨਹੀਂ ਕੱਟਣੇ ਪੈਣਗੇ।

ਇਹ ਵੀ ਪੜ੍ਹੋ: ਜਾਂਦਾ-ਜਾਂਦਾ ਸਾਲ ਦੇ ਗਿਆ ਪਰਿਵਾਰ ਨੂੰ ਡੂੰਘਾ ਸਦਮਾ, ਮੋਰਿੰਡਾ ਵਿਖੇ ਸ਼ੱਕੀ ਹਾਲਾਤ 'ਚ ਵਿਆਹੁਤਾ ਦੀ ਮੌਤ

ਸੀ. ਪੀ. ਨੇ ਸ਼ਹਿਰ ਵਾਸੀਆਂ ਨੂੰ ਕੋਵਿਡ ਨਿਯਮਾਂ ਦੇ ਪ੍ਰੋਟੋਕਾਲ ਅਤੇ ਕਾਨੂੰਨ ਵਿਵਸਥਾ ਦੀ ਪਾਲਣਾ ਕਰਨ ਦੇ ਨਾਲ-ਨਾਲ ਨਵੇਂ ਸਾਲ ਦਾ ਸਵਾਗਤ ਸ਼ਾਂਤਮਈ ਢੰਗ ਅਤੇ ਪੂਰੇ ਉਤਸ਼ਾਹ ਨਾਲ ਕਰਨ ਦੀ ਅਪੀਲ ਕੀਤੀ। ਉਨ੍ਹਾਂ ਸ਼ਹਿਰ ਵਾਸੀਆਂ ਦੇ ਨਾਂ ਸੰਦੇਸ਼ ’ਚ ਕਿਹਾ ਕਿ ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾਂ ਕਿ ਨਵਾਂ ਸਾਲ ਤੁਹਾਡੇ ਸਾਰਿਆਂ ਲਈ ਖੁਸ਼ੀਆਂ ਲਿਆਵੇ ਅਤੇ ਸਾਡਾ ਦੇਸ਼ ਕੋਰੋਨਾ ਤੋਂ ਮੁਕਤ ਹੋਵੇ। ਇਸ ਮੌਕੇ ਜੁਆਇੰਟ ਕਮਿਸ਼ਨਰ ਸੰਦੀਪ ਮਲਿਕ, ਡੀ. ਸੀ. ਪੀ. ਗੁਰਮੀਤ ਸਿੰਘ, ਡੀ. ਸੀ. ਪੀ. ਜਸਕਿਰਨਜੀਤ ਸਿੰਘ ਤੇਜਾ ਸਮੇਤ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਮੌਜੂਦ ਸਨ।

ਇਹ ਵੀ ਪੜ੍ਹੋ:  ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਪਰਿਵਾਰ ਸਮੇਤ ਮਾਂ ਬਗਲਾਮੁਖੀ ਮੰਦਿਰ ਹੋਏ ਨਤਮਸਤਕ

ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

 


author

shivani attri

Content Editor

Related News