ਬੇਅਦਬੀ ਦੀਆਂ ਘਟਨਾਵਾਂ ਮਗਰੋਂ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

Wednesday, Dec 22, 2021 - 03:58 PM (IST)

ਬੇਅਦਬੀ ਦੀਆਂ ਘਟਨਾਵਾਂ ਮਗਰੋਂ ਜਲੰਧਰ ਪੁਲਸ ਕਮਿਸ਼ਨਰ ਦੀ ਸਖ਼ਤੀ, ਅਧਿਕਾਰੀਆਂ ਨੂੰ ਦਿੱਤੇ ਇਹ ਨਿਰਦੇਸ਼

ਜਲੰਧਰ (ਸੁਧੀਰ)– ਪੰਜਾਬ ਵਿਚ ਲਗਾਤਾਰ ਸਾਹਮਣੇ ਆਏ ਬੇਅਦਬੀ ਦੇ 2 ਮਾਮਲਿਆਂ ਨੂੰ ਲੈ ਕੇ ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਸਾਰੇ ਪੁਲਸ ਅਧਿਕਾਰੀਆਂ ਨੂੰ ਸ਼ਹਿਰ ਦੇ ਸਾਰੇ ਧਾਰਮਿਕ ਸਥਾਨਾਂ ਦੇ ਆਲੇ-ਦੁਆਲੇ ਸੁਰੱਖਿਆ ਵਧਾਉਣ ਦੇ ਨਿਰਦੇਸ਼ ਜਾਰੀ ਕੀਤੇ। ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ‘ਜਗ ਬਾਣੀ’ ਨਾਲ ਵਿਸ਼ੇਸ਼ ਗੱਲਬਾਤ ਦੌਰਾਨ ਦੱਸਿਆ ਕਿ ਅੰਮ੍ਰਿਤਸਰ ’ਚ ਸਾਹਮਣੇ ਆਏ ਬੇਅਦਬੀ ਦੇ ਮਾਮਲੇ ਦੇ ਬਾਅਦ ਤੋਂ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਸਬ-ਡਿਵੀਜ਼ਨਾਂ ਵਿਚ ਪੈਂਦੇ ਸਾਰੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਨ ਦੇ ਹੁਕਮ ਜਾਰੀ ਕੀਤੇ ਹਨ। 

ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ 2-3 ਦਿਨਾਂ ਤੋਂ ਲਗਾਤਾਰ ਕਮਿਸ਼ਨਰੇਟ ਪੁਲਸ ਦੇ ਸਾਰੇ ਅਧਿਕਾਰੀ ਸ਼ਹਿਰ ਦੇ ਸਾਰੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨਾਲ ਮੀਟਿੰਗਾਂ ਕਰ ਰਹੇ ਹਨ ਅਤੇ ਉਨ੍ਹਾਂ ਨੂੰ ਧਾਰਮਿਕ ਸਥਾਨਾਂ ਵਿਚ ਸੀ. ਸੀ. ਟੀ. ਵੀ. ਕੈਮਰੇ ਅਤੇ ਉਨ੍ਹਾਂ ਦਾ ਨਾਈਟ ਵਿਜ਼ਨ ਅਤੇ ਮੇਨ ਗੇਟ ਦੇ ਐਂਟਰੀ ਪੁਆਇੰਟ ਅਤੇ ਉਨ੍ਹਾਂ ਦੇ ਅੰਦਰ ਸਾਰੇ ਕੈਮਰੇ ਬਿਲਕੁਲ ਠੀਕ ਰੱਖਣ, ਲਗਭਗ ਇਕ ਹਫ਼ਤੇ ਦੀ ਰਿਕਾਰਡਿੰਗ ਰੱਖਣ ਲਈ ਕਿਹਾ ਗਿਆ ਹੈ ਤਾਂਕਿ ਲੋੜ ਪੈਣ ’ਤੇ ਪੁਲਸ ਨੂੰ ਸੀ. ਸੀ. ਟੀ. ਵੀ. ਫੁਟੇਜ ਲੈਣ ਵਿਚ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਇਸ ਤੋਂ ਇਲਾਵਾ ਸਾਰੇ ਧਾਰਮਿਕ ਸਥਾਨਾਂ ਦੇ ਅੰਦਰ ਸੀ. ਸੀ. ਟੀ. ਵੀ. ਕੈਮਰਿਆਂ ’ਤੇ ਨਿਗਰਾਨੀ ਰੱਖਣ ਵਾਲੇ ਸੇਵਾਦਾਰਾਂ ਜ਼ਰੀਏ ਸ਼ੱਕੀ ਲੋਕਾਂ ’ਤੇ ਨਜ਼ਰ ਰੱਖੀ ਜਾਵੇ ਅਤੇ ਸਾਰੇ ਧਾਰਮਿਕ ਸਥਾਨਾਂ ਦੀਆਂ ਲਾਈਟਾਂ ਰਾਤ ਨੂੰ ਬਿਲਕੁਲ ਸਹੀ ਹੋਣੀਆਂ ਚਾਹੀਦੀਆਂ ਹਨ। ਜੇਕਰ ਕੋਈ ਵੀ ਲਾਈਟ ਖ਼ਰਾਬ ਹੈ ਜਾਂ ਜਿੱਥੇ ਰੌਸ਼ਨੀ ਘੱਟ ਹੈ, ਉਥੇ ਹੀ ਰੌਸ਼ਨੀ ਵਾਲੀਆਂ ਨਵੀਆਂ ਲਾਈਟਾਂ ਲੁਆਈਆਂ ਜਾਣ ਤਾਂ ਕਿ ਕਿਸੇ ਤਰ੍ਹਾਂ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਲੋੜ ਪੈਣ ’ਤੇ ਸ਼ੱਕੀ ਲੋਕਾਂ ਦੀ ਸੂਚਨਾ ਤੁਰੰਤ ਪੁਲਸ ਕੰਟਰੋਲ ਰੂਮ ਵਿਚ ਦਿੱਤੀ ਜਾਵੇ।

ਜਲੰਧਰ ’ਚ ਵੱਡੀ ਵਾਰਦਾਤ, PNB ’ਚੋਂ ਲੁਟੇਰਿਆਂ ਨੇ ਗੰਨ ਪੁਆਇੰਟ ’ਤੇ ਲੁੱਟੇ ਕਰੀਬ 15 ਲੱਖ ਰੁਪਏ

ਸੀ. ਪੀ. ਨੌਨਿਹਾਲ ਸਿੰਘ ਨੇ ਦੱਸਿਆ ਕਿ ਇਸ ਦੇ ਨਾਲ ਹੀ ਸਾਰੇ ਧਾਰਮਿਕ ਸਥਾਨਾਂ ਦੇ ਪ੍ਰਬੰਧਕਾਂ ਨਾਲ ਮੀਟਿੰਗ ਕਰਕੇ ਉਨ੍ਹਾਂ ਨੂੰ 24 ਘੰਟੇ ਸੇਵਾਦਾਰਾਂ ਦੀ ਡਿਊਟੀ ਲਾਉਣ ਲਈ ਵੀ ਕਿਹਾ ਗਿਆ ਹੈ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਸਾਰੇ ਪ੍ਰਬੰਧਕਾਂ ਨੂੰ ਮੀਟਿੰਗ ਦੌਰਾਨ ਇਹ ਵੀ ਕਿਹਾ ਗਿਆ ਹੈ ਕਿ 24 ਘੰਟੇ ਇਕ ਸੇਵਾਦਾਰ ਵੱਲੋਂ ਡਿਊਟੀ ਦੇਣੀ ਮੁਸ਼ਕਲ ਹੈ, ਇਸ ਲਈ ਸੇਵਾਦਾਰਾਂ ਦੀ ਲਿਸਟ ਬਣਾ ਕੇ ਉਨ੍ਹਾਂ ਦੀ ਡਿਊਟੀ ਨੂੰ 3-4 ਸ਼ਿਫਟਾਂ ਵਿਚ ਵੰਡ ਦਿੱਤਾ ਜਾਵੇ। ਪੀ. ਸੀ. ਆਰ. ਦਸਤੇ ਨੂੰ ਵੀ ਸ਼ਹਿਰ ਦੇ ਸਾਰੇ ਧਾਰਮਿਕ ਸਥਾਨਾਂ ਦੇ ਬਾਹਰ ਪੈਟਰੋਲਿੰਗ ਕਰਨ ਦੇ ਨਾਲ-ਨਾਲ ਸ਼ੱਕੀ ਲੋਕਾਂ ’ਤੇ ਨਜ਼ਰ ਰੱਖਣ ਅਤੇ ਉਨ੍ਹਾਂ ਦੀ ਨਕੇਲ ਕੱਸਣ ਦੇ ਵੀ ਨਿਰਦੇਸ਼ ਜਾਰੀ ਕੀਤੇ ਗਏ ਹਨ।

ਇਕ ਸਵਾਲ ਦੇ ਜਵਾਬ ਵਿਚ ਸੀ. ਪੀ. ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ਹਿਰ ਵਿਚ ਕਮਿਸ਼ਨਰੇਟ ਆਫ਼ ਪੁਲਸ ਦਾ ਚਾਰਜ ਸੰਭਾਲਿਆਂ ਕੁਝ ਸਮਾਂ ਹੀ ਹੋਇਆ ਹੈ। ਉਹ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਸਾਰੇ ਧਾਰਮਿਕ ਸਥਾਨਾਂ ਬਾਰੇ ਜਾਣਕਾਰੀ ਹਾਸਲ ਕਰਕੇ ਉਥੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕਰ ਰਹੇ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਚੋਣਾਵੀ ਸੀਜ਼ਨ ਨਜ਼ਦੀਕ ਆਉਂਦੇ ਹੀ ਪੰਜਾਬ ਵਿਚ ਬੇਅਦਬੀ ਦੇ ਮਾਮਲੇ ਨੂੰ ਲੈ ਕੇ ਕਮਿਸ਼ਨਰੇਟ ਪੁਲਸ ਨੇ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰ ਦਿੱਤੇ ਹਨ। ਸ਼ਹਿਰ ਦੇ ਸਾਰੇ ਐਂਟਰੀ ਪੁਆਇੰਟਾਂ ’ਤੇ ਰਾਤ ਨੂੰ ਵਿਸ਼ੇਸ਼ ਨਾਕਾਬੰਦੀ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਅਤੇ ਦੂਜੇ ਸੂਬਿਆਂ ਤੋਂ ਆਉਣ ਵਾਲੇ ਵਾਹਨਾਂ ਅਤੇ ਉਨ੍ਹਾਂ ਦੇ ਚਾਲਕਾਂ ਦੀ ਵਿਸ਼ੇਸ਼ ਚੈਕਿੰਗ ਕਰਨ ਤੋਂ ਬਾਅਦ ਹੀ ਉਨ੍ਹਾਂ ਨੂੰ ਸ਼ਹਿਰ ਵਿਚ ਦਾਖਲ ਹੋਣ ਦੀ ਇਜਾਜ਼ਤ ਦੇਣ ਲਈ ਅਧਿਕਾਰੀਆਂ ਨੂੰ ਕਿਹਾ ਗਿਆ ਹੈ।

ਸੀ. ਪੀ. ਨੇ ਦੱਸਿਆ ਕਿ ਨਾਈਟ ਡੋਮੀਨੇਸ਼ਨ ਨੂੰ ਹੋਰ ਮਜ਼ਬੂਤ ਕੀਤਾ ਜਾ ਰਿਹਾ ਹੈ ਅਤੇ ਸਾਰੇ ਅਧਿਕਾਰੀਆਂ ਨੂੰ ਦੇਰ ਰਾਤ ਆਪਣੇ-ਆਪਣੇ ਜ਼ੋਨ ਵਿਚ ਫੀਲਡ ਵਿਚ ਰਹਿਣ ਅਤੇ ਸ਼ੱਕੀ ਲੋਕਾਂ ਦੀ ਨਕੇਲ ਕੱਸਣ ਦੇ ਹੁਕਮ ਜਾਰੀ ਕੀਤੇ ਗਏ। ਇਸ ਦੇ ਨਾਲ ਹੀ ਸਾਰੇ ਅਧਿਕਾਰੀਆਂ ਅਤੇ ਥਾਣਾ ਇੰਚਾਰਜਾਂ ਨੂੰ ਜੇਲ ਵਿਚੋਂ ਬਾਹਰ ਆਏ ਮੁਜਰਿਮਾਂ ’ਤੇ ਤਿੱਖੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਕਾਨੂੰਨ ਵਿਵਸਥਾ ਨੂੰ ਹਰ ਹਾਲ ਵਿਚ ਕਾਇਮ ਰੱਖਿਆ ਜਾਵੇਗਾ ਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ, ਭਾਵੇਂ ਉਹ ਕੋਈ ਵੀ ਹੋਵੇ।

ਇਹ ਵੀ ਪੜ੍ਹੋ: ਸੁਖਜਿੰਦਰ ਸਿੰਘ ਰੰਧਾਵਾ ਦਾ ਵੱਡਾ ਤੰਜ, ਜੇਲ੍ਹਾਂ ਤੋਂ ਨਹੀਂ ਡਰਦਾ ਅਕਾਲੀ ਦਲ ਤਾਂ ਮਜੀਠੀਆ ਨੂੰ ਕਰੇ ਪੇਸ਼

ਸੂਬਾ ਸਰਕਾਰ ਨੂੰ ਖ਼ੁਫ਼ੀਆ ਏਜੰਸੀਆਂ ਤੋਂ ਮਿਲੇ ਇਨਪੁੱਟ
ਪੰਜਾਬ ’ਚ ਲਗਾਤਾਰ ਸਾਹਮਣੇ ਆਏ ਬੇਅਦਬੀ ਦੇ 2 ਮਾਮਲਿਆਂ ਨੂੰ ਲੈ ਕੇ ਖ਼ੁਫ਼ੀਆ ਏਜੰਸੀਆਂ ਤੋਂ ਮਿਲੇ ਇਨਪੁੱਟ ਤੋਂ ਬਾਅਦ ਸੂਬਾ ਸਰਕਾਰ ਨੇ ਪੰਜਾਬ ਦੇ ਸਾਰੇ ਪੁਲਸ ਕਮਿਸ਼ਨਰਾਂ ਅਤੇ ਐੱਸ. ਐੱਸ. ਪੀਜ਼ ਨੂੰ ਆਪਣੇ-ਆਪਣੇ ਇਲਾਕਿਆਂ ਵਿਚ ਪੈਂਦੇ ਧਾਰਮਿਕ ਸਥਾਨਾਂ ਨੇੜੇ ਸੁਰੱਖਿਆ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ। ਖ਼ੁਫ਼ੀਆ ਏਜੰਸੀਆਂ ਨੇ ਖ਼ਦਸ਼ਾ ਪ੍ਰਗਟਾਇਆ ਹੈ ਕਿ ਸ਼ਰਾਰਤੀ ਅਨਸਰ ਪੰਜਾਬ ਵਿਚ ਧਾਰਮਿਕ ਭਾਵਨਾਵਾਂ ਭੜਕਾਉਣ ਦਾ ਯਤਨ ਕਰ ਕੇ ਸੂਬੇ ਦਾ ਮਾਹੌਲ ਖਰਾਬ ਕਰ ਸਕਦੇ ਹਨ। ਉਥੇ ਹੀ, ਖੁਫੀਆ ਏਜੰਸੀਆਂ ਅਤੇ ਕੇਂਦਰ ਸਰਕਾਰ ਤੋਂ ਮਿਲੇ ਇਨਪੁੱਟ ਤੋਂ ਬਾਅਦ ਸੂਬਾ ਸਰਕਾਰ ਵੀ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ, ਜਿਸ ਤਹਿਤ ਪੰਜਾਬ ਦੇ ਡੀ. ਜੀ. ਪੀ. ਨੇ ਸੂਬੇ ਦੇ ਸਾਰੇ ਅਧਿਕਾਰੀਆਂ ਨੂੰ ਆਪਣੇ-ਆਪਣੇ ਸ਼ਹਿਰ ਵਿਚ ਚੌਕਸੀ ਵਧਾਉਣ ਦੇ ਹੁਕਮ ਜਾਰੀ ਕੀਤੇ ਹਨ।

ਨਵਾਂ ਸਾਲ ਤੇ ਕ੍ਰਿਸਮਸ ਕਾਰਨ ਸ਼ਹਿਰ ਵਿਚ ਹੋਣਗੇ ਸੁਰੱਖਿਆ ਦੇ ਸਖ਼ਤ ਪ੍ਰਬੰਧ, ਹੁੱਲੜਬਾਜ਼ਾਂ ’ਤੇ ਚੱਲੇਗਾ ਪੁਲਸ ਦਾ ਡੰਡਾ
ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਦੱਸਿਆ ਕਿ ਕ੍ਰਿਸਮਸ ਅਤੇ ਨਵੇਂ ਸਾਲ ਦੇ ਆਗਮਨ ਤਹਿਤ ਕਮਿਸ਼ਨਰੇਟ ਪੁਲਸ ਵੱਲੋਂ ਸ਼ਹਿਰ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ। ਇਕ ਸਵਾਲ ਦੇ ਜਵਾਬ ਵਿਚ ਉਨ੍ਹਾਂ ਦੱਸਿਆ ਕਿ ਸਾਰੀਆਂ ਚਰਚਾਂ ਦੇ ਬਾਹਰ ਵੀ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਜਾ ਰਹੇ ਹਨ ਅਤੇ ਪੀ. ਸੀ. ਆਰ. ਕਰਮਚਾਰੀਆਂ ਨੂੰ ਕ੍ਰਿਸਮਸ ਕਾਰਨ ਚਰਚਾਂ ਦੇ ਬਾਹਰ ਸ਼ੱਕੀ ਲੋਕਾਂ ’ਤੇ ਨਿਗਰਾਨੀ ਰੱਖਣ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਨਵੇਂ ਸਾਲ ਦੇ ਆਗਮਨ ’ਤੇ ਸਾਰੇ ਰੈਸਟੋਰੈਂਟ, ਨਾਈਟ ਕਲੱਬ, ਬੀਅਰ ਬਾਰ ਅਤੇ ਪੱਬ ਰਾਤ 12 ਵਜੇ ਤੱਕ ਬੰਦ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਦੱਸਿਆ ਕਿ 31 ਦਸੰਬਰ ਦੀ ਰਾਤ ਨੂੰ ਸ਼ਹਿਰ ਵਿਚ ਕਮਿਸ਼ਨਰੇਟ ਪੁਲਸ ਵੱਲੋਂ ਵਿਸ਼ੇਸ਼ ਚੈਕਿੰਗ ਮੁਹਿੰਮ ਚਲਾਈ ਜਾਵੇਗੀ। ਹੁੱਲੜਬਾਜ਼ਾਂ ਅਤੇ ਕਾਨੂੰਨ ਦੀ ਉਲੰਘਣਾ ਕਰਨ ’ਤੇ ਕਮਿਸ਼ਨਰੇਟ ਪੁਲਸ ਦਾ ਡੰਡਾ ਚੱਲੇਗਾ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਸੁਨੇਹਾ ਦਿੰਦਿਆਂ ਕਿਹਾ ਕਿ ਮੈਂ ਵਾਹਿਗੁਰੂ ਅੱਗੇ ਅਰਦਾਸ ਕਰਦਾ ਹਾਂ ਕਿ ਨਵਾਂ ਸਾਲ ਤੁਹਾਡੇ ਸਭ ਲਈ ਖ਼ੀਸ਼ੀਆਂ ਲਿਆਵੇ ਅਤੇ ਸਾਡਾ ਦੇਸ਼ ਕੋਰੋਨਾ ਮੁਕਤ ਹੋਵੇ। ਉਨ੍ਹਾਂ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਨਵੇਂ ਸਾਲ ਮੌਕੇ ਕੋਈ ਵੀ ਸੜਕਾਂ ’ਤੇ ਹੁੱਲੜਬਾਜ਼ੀ ਨਾ ਕਰੇ, ਸਗੋਂ ਸਾਰੇ ਵਾਹਿਗੁਰੂ ਅਤੇ ਪ੍ਰਮਾਤਮਾ ਅੱਗੇ ਅਰਦਾਸ ਕਰਨ ਕਿ ਨਵਾਂ ਸਾਲ ਸਾਰਿਆਂ ਲਈ ਖੁਸ਼ੀਆਂ ਭਰਿਆ ਆਵੇ।

ਇਹ ਵੀ ਪੜ੍ਹੋ: ਜਾਖੜ ਨੇ ਕੈਂਪੇਨ ਕਮੇਟੀ ਦੀ ਅੱਜ ਮੁੜ ਸੱਦੀ ਬੈਠਕ, CM ਚੰਨੀ, ਸਿੱਧੂ ਤੇ ਹਰੀਸ਼ ਚੌਧਰੀ ਸਣੇ 21 ਆਗੂ ਹੋਣਗੇ ਸ਼ਾਮਲ

ਅਸਲਾਧਾਰਕਾਂ ਨੂੰ ਤੁਰੰਤ ਅਸਲਾ ਜਮ੍ਹਾ ਕਰਵਾਉਣ ਦੇ ਦਿੱਤੇ ਹੁਕਮ
ਨੌਨਿਹਾਲ ਸਿੰਘ ਨੇ ਦੱਸਿਆ ਕਿ ਚੋਣਾਵੀ ਸੀਜ਼ਨ ਨਜ਼ਦੀਕ ਆਉਣ ਦੇ ਨਾਲ ਹੀ ਕਮਿਸ਼ਨਰੇਟ ਪੁਲਸ ਨੇ ਵੀ ਚੋਣਾਵੀ ਸੀਜ਼ਨ ਦੀਆਂ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ। ਸ਼ਹਿਰ ਵਿਚ ਸਾਰੇ ਅਸਲਾਧਾਰਕਾਂ ਨੂੰ ਥਾਣਿਆਂ ਜਾਂ ਗੰਨਹਾਊਸਾਂ ਵਿਚ ਆਪਣਾ ਅਸਲਾ ਜਮ੍ਹਾ ਕਰਵਾਉਣ ਦੇ ਹੁਕਮ ਜਾਰੀ ਕਰ ਦਿੱਤੇ ਹਨ। ਉਨ੍ਹਾਂ ਦੱਸਿਆ ਕਿ ਸਾਰੇ ਅਧਿਕਾਰੀਆਂ ਨੂੰ ਥਾਣਾ ਵਾਈਜ਼ ਥਾਣਾ ਇੰਚਾਰਜਾਂ ਨੂੰ ਅਸਲਾਧਾਰਕਾਂ ਦੀ ਲਿਸਟ ਤਿਆਰ ਕਰਕੇ ਉਨ੍ਹਾਂ ਦੇ ਘਰਾਂ ਵਿਚ ਜਾ ਕੇ ਅਸਲਾ ਜਮ੍ਹਾ ਕਰਵਾਉਣ ਲਈ ਕਿਹਾ ਗਿਆ ਹੈ। ਜੇਕਰ ਕਿਸੇ ਨੇ ਆਪਣਾ ਅਸਲਾ ਰੀਨਿਊ ਨਹੀਂ ਕਰਵਾਇਆ ਤਾਂ ਉਸਦਾ ਲਾਇਸੈਂਸ ਰੱਦ ਕਰ ਦਿੱਤਾ ਜਾਵੇਗਾ। ਇਸਦੇ ਨਾਲ ਹੀ ਉਨ੍ਹਾਂ ਅਸਲੇ ਦੀ ਦੁਰਵਰਤੋਂ ਕਰਨ ਵਾਲਿਆਂ ਨੂੰ ਸਾਫ ਚਿਤਾਵਨੀ ਦਿੰਦਿਆਂ ਕਿਹਾ ਕਿ ਸੋਸ਼ਲ ਮੀਡੀਆ ’ਤੇ ਜਿਹੜੇ ਲੋਕ ਅਸਲੇ ਦੀ ਦੁਰਵਰਤੋਂ ਕਰਦਿਆਂ ਫੋਟੋਆਂ ਅਪਲੋਡ ਕਰ ਰਹੇ ਹਨ, ਕਮਿਸ਼ਨਰੇਟ ਪੁਲਸ ਉਨ੍ਹਾਂ ਦੀ ਲਿਸਟ ਤਿਆਰ ਕਰ ਰਹੀ ਹੈ। ਉਨ੍ਹਾਂ ਦਾ ਲਾਇਸੈਂਸ ਵੀ ਜਲਦ ਰੱਦ ਕਰ ਕੇ ਉਨ੍ਹਾਂ ’ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
‘ਸਖ਼ਤ ਸੁਰੱਖਿਆ ਵਿਚਕਾਰ ਕਰਵਾਈਆਂ ਜਿਮਖਾਨਾ ਕਲੱਬ ਦੀਆਂ ਚੋਣਾਂ’

ਆਈ. ਪੀ. ਐੱਸ. ਸੁਹੇਲ ਮੀਰ ਨੂੰ ਸੌਂਪੀ ਸੀ ਸੁਰੱਖਿਆ ਦੀ ਕਮਾਨ : ਸੀ. ਪੀ.
ਪੁਲਸ ਕਮਿਸ਼ਨਰ ਨੌਨਿਹਾਲ ਸਿੰਘ ਨੇ ਦੱਸਿਆ ਕਿ ਜਿਮਖਾਨਾ ਕਲੱਬ ਦੀਆਂ ਚੋਣਾਂ ਦੇ ਮੱਦੇਨਜ਼ਰ ਉਨ੍ਹਾਂ ਪਹਿਲਾਂ ਹੀ ਕਮਿਸ਼ਨਰੇਟ ਪੁਲਸ ਦੇ ਅਧਿਕਾਰੀਆਂ ਨਾਲ ਮੀਟਿੰਗ ਕਰ ਕੇ ਕਲੱਬ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕਰਨ ਦੇ ਨਿਰਦੇਸ਼ ਜਾਰੀ ਕੀਤੇ ਸਨ। ਉਨ੍ਹਾਂ ਦੱਸਿਆ ਕਿ ਕਲੱਬ ਵਿਚ ਸੁਰੱਖਿਆ ਦੀ ਜ਼ਿੰਮੇਵਾਰੀ ਆਈ. ਪੀ. ਐੱਸ. ਰੈਂਕ ਦੇ ਅਧਿਕਾਰੀ ਏ. ਡੀ. ਸੀ. ਪੀ. ਸਿਟੀ-1 ਸੁਹੇਲ ਮੀਰ ਨੂੰ ਸੌਂਪੀ ਗਈ ਸੀ। ਸੁਹੇਲ ਮੀਰ ਦੀ ਸੁਪਰਵਿਜ਼ਨ ’ਚ ਏ. ਸੀ. ਪੀ. ਸੈਂਟਰਲ ਸੁਖਦੀਪ ਸਿੰਘ ਨੂੰ ਵੀ ਸੁਰੱਖਿਆ ਪ੍ਰਬੰਧਾਂ ਲਈ ਤਾਇਨਾਤ ਕੀਤਾ ਗਿਆ ਸੀ। ਏ. ਡੀ. ਸੀ. ਪੀ. ਸੁਹੇਲ ਮੀਰ ਨੇ ਦੱਸਿਆ ਕਿ ਪੁਲਸ ਕਮਿਸ਼ਨਰ ਦੇ ਹੁਕਮਾਂ ਮੁਤਾਬਕ ਜਿਮਖਾਨਾ ਕਲੱਬ ਦੇ ਚਾਰੇ ਪਾਸੇ ਆਉਣ-ਜਾਣ ਵਾਲੇ ਰਸਤਿਆਂ ’ਤੇ ਵਿਸ਼ੇਸ਼ ਨਾਕਾਬੰਦੀ ਕਰਵਾਈ ਗਈ ਸੀ। ਵਿਸ਼ੇਸ਼ ਰੂਪ ਵਿਚ ਸਕਾਈਲਾਰਕ ਚੌਕ, ਕਲੱਬ ਦੇ ਨੇੜੇ, ਪੁਰਾਣੀ ਬਾਰਾਦਰੀ ਅਤੇ ਮਿਸ਼ਨ ਚੌਕ ਨੇੜੇ ਬੈਰੀਕੇਡਜ਼ ਲਾ ਕੇ ਨਾਕਾਬੰਦੀ ਕੀਤੀ ਗਈ ਸੀ। ਇਸ ਤੋਂ ਇਲਾਵਾ ਕਲੱਬ ਦੇ ਮੁੱਖ ਐਂਟਰੀ ਗੇਟ ’ਤੇ ਸੁਰੱਖਿਆ ਦੇ ਮੱਦੇਨਜ਼ਰ ਮੈਟਲ ਡਿਟੈਕਟਿਵ ਗੇਟ ਲਾਇਆ ਗਿਆ ਸੀ। ਇਸ ਦੇ ਨਾਲ ਹੀ ਕਲੱਬ ਵਿਚ ਦਾਖਲ ਹੋਣ ਵਾਲੇ ਹਰ ਮੈਂਬਰ ਦੀ ਤਲਾਸ਼ੀ ਲੈਣ ਤੋਂ ਬਾਅਦ ਹੀ ਉਸ ਨੂੰ ਅੰਦਰ ਜਾਣ ਦਿੱਤਾ ਜਾ ਰਿਹਾ ਸੀ। ਸੁਹੇਲ ਮੀਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਕਲੱਬ ਵਿਚ 40 ਮੁਲਾਜ਼ਮ ਅਤੇ ਲੇਡੀਜ਼ ਪੁਲਸ ਮੁਲਾਜ਼ਮ ਵੀ ਤਾਇਨਾਤ ਕੀਤੇ ਗਏ ਹਨ। ਪੁਲਸ ਅਤੇ ਪ੍ਰਸ਼ਾਸਨ ਦੇ ਸਹਿਯੋਗ ਨਾਲ ਸਖ਼ਤ ਸੁਰੱਖਿਆ ਵਿਚਕਾਰ ਸ਼ਾਂਤਮਈ ਢੰਗ ਨਾਲ ਕਲੱਬ ਦੀਆਂ ਚੋਣਾਂ ਕਰਵਾਈਆਂ ਗਈਆਂ, ਜਿਸ ਦੀ ਉਨ੍ਹਾਂ ਨੂੰ ਬਹੁਤ ਖ਼ੁਸ਼ੀ ਹੈ। ਉਨ੍ਹਾਂ ਪੁਲਸ ਅਤੇ ਪ੍ਰਸ਼ਾਸਨ ਦਾ ਸਹਿਯੋਗ ਦੇਣ ਲਈ ਕਲੱਬ ਦੇ ਸਾਰੇ ਮੈਂਬਰਾਂ ਦਾ ਧੰਨਵਾਦ ਕੀਤਾ।
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ


author

shivani attri

Content Editor

Related News