ਜਲੰਧਰ ਪੁਲਸ ਨੇ ਆਵਾਜ਼ ਪ੍ਰਦੂਸ਼ਣ, ਮੋਬਾਇਲ, CCTV ਕੈਮਰੇ ਤੇ ਬੋਰਡ ਲਗਾਉਣ ਨੂੰ ਲੈ ਜਾਰੀ ਕੀਤੇ ਸਖ਼ਤ ਹੁਕਮ

06/14/2024 6:02:33 PM

ਜਲੰਧਰ - ਜੁਆਇੰਟ ਕਮਿਸ਼ਨਰ ਪੁਲਸ ਸੰਦੀਪ ਸ਼ਰਮਾ ਵਲੋਂ ਧਾਰਾ 144 ਤਹਿਤ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਸ਼ੋਰ ਪ੍ਰਦੂਸ਼ਣ ਦੀ ਰੋਕਥਾਮ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਸ ਦੀ ਹਦੂਦ ਅੰਦਰ ਰਾਤ 10 ਵਜੇ ਤੋਂ ਸਵੇਰੇ 6 ਵਜੇ ਤੱਕ ਰਿਹਾਇਸ਼ੀ ਖੇਤਰਾਂ ਅੰਦਰ ਹਾਰਨ ਵਜਾਉਣ ’ਤੇ ਪਾਬੰਦੀ ਲਗਾਈ ਹੈ। ਇਸੇ ਤਰ੍ਹਾਂ ਸਾਊਂਡ ਸਿਸਟਮ ਦੀ ਅਵਾਜ਼ 7.5 ਡੀ.ਬੀ.(ਏ) ਅਤੇ ਲਾਊਡ ਸਪੀਕਰਾਂ, ਪਟਾਕਿਆਂ ਅਤੇ ਸ਼ੌਰ ਪੈਦਾ ਕਰਨ ਵਾਲੇ ਯੰਤਰਾਂ ਦੀ ਅਵਾਜ਼ ਤੈਅ ਸੀਮਾ ਤੱਕ ਰੱਖਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਮਾਨਯੋਗ ਸੁਪਰੀਮ ਕੋਰਟ ਦੇ ਹੁਕਮਾਂ ਦੇ ਹਵਾਲੇ ਨਾਲ ਜੁਆਇੰਟ ਕਮਿਸ਼ਨਰ ਪੁਲਸ ਨੇ ਜਾਰੀ ਹੁਕਮਾਂ ਤਹਿਤ ਜਨਤਕ ਥਾਵਾਂ ਦੀ ਹੱਦ ਨੇੜੇ ਪਟਾਕਿਆਂ, ਲਾਊਡ ਸਪੀਕਰ ਆਦਿ ਦੀ ਅਵਾਜ਼ 10 ਡੀ.ਬੀ. (ਏ) ਤੋਂ ਵੱਧ ਨਾ ਹੋਣ ਜਾਂ ਇਲਾਕੇ ਅਨੁਸਾਰ 7.5 ਡੀ.ਬੀ.(ਏ) ਜਾਂ ਦੋਵਾਂ ਵਿਚੋਂ ਜਿਹੜੀ ਘੱਟ ਹੋਵੇ, ਮੁਤਾਬਿਕ ਰੱਖਣ ਦੇ ਹੁਕਮ ਦਿੱਤੇ ਹਨ। ਹੁਕਮਾਂ ਅਨੁਸਾਰ ਕੋਈ ਵੀ ਵਿਅਕਤੀ ਰਾਤ 10 ਵਜੇ ਤੋਂ ਸਵੇਰੇ 06 ਵਜੇ ਦੇ ਦਰਮਿਆਨ ਢੋਲ ਜਾਂ ਭੋਂਪੂ, ਆਵਾਜ਼ ਪੈਦਾ ਕਰਨ ਵਾਲਾ ਕੋਈ ਯੰਤਰ, ਸਾਊਂਡ ਐਂਪਲੀਫਾਇਰ ਨਹੀਂ ਵਜਾ ਸਕੇਗਾ। ਮੈਰਿਜ ਪੇਲੈਸਾਂ ਤੇ ਹੋਟਲਾਂ ਵਿੱਚ ਵੀ ਇਹ ਹੁਕਮ ਲਾਗੂ ਹੋਣਗੇ। ਇਸੇ ਤਰ੍ਹਾਂ ਪ੍ਰਾਈਵੇਟ ਸਾਊਂਡ ਸਿਸਟਮ ਵਾਲਿਆਂ ਵਲੋਂ 5 ਡੀ.ਬੀ.(ਏ) ਤੋਂ ਵੱਧ ਅਵਾਜ਼ ਨਹੀਂ ਰੱਖੀ ਜਾਵੇਗੀ। ਜੇਕਰ ਇਨ੍ਹਾਂ ਹੁਕਮਾਂ ਦੀ ਉਲੰਘਣਾ ਹੋਈ ਤਾਂ ਸਾਊਂਡ ਸਿਸਟਮ ਅਤੇ ਸਮਾਨ ਜ਼ਬਤ ਕਰ ਲਿਆ ਜਾਵੇਗਾ।

ਜੁਆਇੰਟ ਕਮਿਸ਼ਨਰ ਪੁਲਸ ਵਲੋਂ ਜਾਰੀ ਇਕ ਹੋਰ ਹੁਕਮ ਅਨੁਸਾਰ ਸਾਈਬਰ ਕ੍ਰਾਈਮ ਨੂੰ ਰੋਕਣ ਲਈ ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਹਨ ਕਿ ਪੁਲਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੋਬਾਇਲ ਫੋਨ ਅਤੇ ਸਿਮ ਵਿਕਰੇਤਾ, ਮੋਬਾਇਲ ਫੋਨ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਹਿਚਾਣ ਪੱਤਰ/ਆਈ.ਡੀ. ਪਰੂਫ/ਫੋਟੋ ਹਾਸਲ ਕੀਤੇ ਬਿਨਾਂ ਮੋਬਾਇਲ ਫੋਨ ਅਤੇ ਸਿਮ ਨਹੀਂ ਵੇਚਣਗੇ। ਮੋਬਾਇਲ ਫੋਨ ਨੂੰ ਗ੍ਰਾਹਕ/ਵਿਕਰੇਤਾ ਪਾਸੋਂ ਖ਼ਰੀਦ ਕਰਨ ਸਮੇਂ ਗ੍ਰਾਹਕ/ਵਿਕਰੇਤਾ ਨੂੰ ਵੀ ਆਪਣੀ ਫਰਮ ਦੀ ਮੋਹਰ ਅਤੇ ਦਸਤਖਤਾਂ ਹੇਠ ‘ਪ੍ਰਚੇਜ਼ ਸਰਟੀਫਿਕੇਟ’ ਦੇਣਗੇ।

ਇਸ ਤੋਂ ਇਲਾਵਾ ਫੋਨ ਖਰੀਦਣ ਸਮੇਂ ਖ਼ਰੀਦਦਾਰ ਜਾਂ ਕੋਈ ਉਸਦਾ ਰਿਸ਼ਤੇਦਾਰ/ਜਾਣਕਾਰ ਵਿਅਕਤੀ, ਜਿਸ ਦੇ ਅਕਾਊਂਟ ਵਿਚੋਂ ਯੂ.ਪੀ.ਆਈ. ਪੇਮੈਂਟ ਜਾਂ ਕਾਰਡ ਦੁਆਰਾ ਜਾਂ ਆਨ-ਲਾਈਨ ਅਦਾਇਗੀ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਦਾ ਆਈ.ਡੀ. ਪਰੂਫ ਵੀ ਦੁਕਾਨਦਾਰ ਹਾਸਲ ਕਰਨ ਦੇ ਜ਼ਿੰਮੇਵਾਰ ਹੋਣਗੇ। ਗ੍ਰਾਹਕ ਦਾ ਨਾਮ ਅਤੇ ਜਨਮ ਮਿਤੀ, ਪਿਤਾ ਦਾ ਨਾਮ, ਘਰ ਦਾ ਪੂਰਾ ਪਤਾ, ਜਿਸ ਨੂੰ ਫੋਨ ਜਾਂ ਸਿਮ ਵੇਚਿਆ ਹੈ ਜਾਂ ਜਿਸ ਪਾਸੋਂ ਫੋਨ ਖ਼ਰੀਦਿਆ ਹੈ, ਉਸ ਦਾ ਆਈ.ਡੀ. ਪਰੂਫ, ਮੋਬਾਇਲ ਅਤੇ ਸਿਮ ਖਰੀਦਣ ਵਾਲੇ ਵਿਅਕਤੀ ਦੇ ਅੰਗੂਠੇ ਦਾ ਨਿਸ਼ਾਨ ਅਤੇ ਦਸਤਖ਼ਤ, ਫੋਨ ਵੇਚਣ/ਖਰੀਦਣ ਦੀ ਮਿਤੀ ਅਤੇ ਸਮਾਂ ਆਦਿ ਹਾਸਲ ਕਰਨਗੇ ਜ਼ਰੂਰੀ ਹਨ। 

ਹੁਕਮਾਂ ਅਨੁਸਾਰ ਸੀ.ਸੀ.ਟੀ.ਵੀ.ਕੈਮਰੇ ਇਸ ਤਰੀਕੇ ਨਾਲ ਲਗਾਏ ਜਾਣ ਕਿ ਜੋ ਵਾਹਨ ਪਾਰਕਿੰਗ ਦੇ ਅੰਦਰ/ਬਾਹਰ ਆਉਂਦਾ-ਜਾਂਦਾ ਹੈ ਉਸ ਵਾਹਨ ਦੀ ਨੰਬਰ ਪਲੇਟ ਅਤੇ ਵਾਹਨ ਚਲਾਉਣ ਵਾਲੇ ਵਿਅਕਤੀ ਦਾ ਚਿਹਰਾ ਸਾਫ਼ ਨਜ਼ਰ ਆਵੇ। ਇਸ ਸਬੰਧੀ ਲਗਾਏ ਗਏ ਸੀ.ਸੀ.ਟੀ.ਵੀ.ਕੈਮਰਿਆਂ ਦੀ 45 ਦਿਨ ਦੀ ਰਿਕਾਰਡਿੰਗ ਦੀ ਸੀ.ਡੀ.ਤਿਆਰ ਕਰਨ ਉਪਰੰਤ ਹਰ 15 ਦਿਨ ਬਾਅਦ ਸਕਿਉਰਟੀ ਬ੍ਰਾਂਚ ਦਫ਼ਤਰ ਪੁਲਸ ਕਮਿਸ਼ਨਰ ਜਲੰਧਰ ਵਿੱਚ ਜਮਾਂ ਕਰਵਾਈ ਜਾਵੇ। ਜੇਕਰ ਵਾਹਨ ਇੱਕ ਦਿਨ ਤੋਂ ਵੱਧ ਸਮੇਂ ਲਈ ਖੜ੍ਹਾ ਕਰਨਾ ਹੋਵੇ ਤਾਂ ਉਸ ਦਾ ਅੰਦਰਾਜ ਰਜਿਸਟਰ ਵਿੱਚ ਉਕਤ ਅਨੁਸਾਰ ਕਰਕੇ ਵਾਹਨ ਮਾਲਕ ਪਾਸੋਂ ਵਾਹਨ ਦੀ ਰਜਿਸਟਰੇਸ਼ਨ ਅਤੇ ਡਰਾਇਵਿੰਗ ਲਾਇਸੰਸ ਦੀ ਫੋਟੋ ਕਾਪੀ ਲੈ ਕੇ ਬਤੌਰ ਰਿਕਾਰਡ ਰੱਖਿਆ ਜਾਵੇ। 

ਜੁਆਇੰਟ ਕਮਿਸ਼ਨਰ ਪੁਲਿਸ ਵਲੋਂ ਸੜਕਾਂ ਦੇ ਨਾਲ-ਨਾਲ ਫੁੱਟਪਾਥ ’ਤੇ ਅਣ-ਅਧਿਕਾਰਤ ਬੋਰਡ ਲਗਵਾਉਣ, ਦੁਕਾਨਦਾਰਾਂ ਵਲੋਂ ਦੁਕਾਨਾਂ ਦੀ ਹੱਦ ਤੋਂ ਬਾਹਰ ਸੜਕਾਂ ’ਤੇ ਸਮਾਨ ਰੱਖ ਕੇ ਵੇਚਣ ਅਤੇ ਫੁੱਟਪਾਥਾਂ ’ਤੇ ਸਮਾਨ ਰੱਖ ਕੇ ਵੇਚਣ ਉਤੇ ਪਾਬੰਦੀ ਲਗਾ ਦਿੱਤੀ ਹੈ। ਉਪਰੋਕਤ ਇਹ ਸਾਰੇ ਹੁਕਮ 14.06.2024 ਤੋਂ 13.08.2024 ਤੱਕ ਲਾਗੂ ਰਹਿਣਗੇ।


rajwinder kaur

Content Editor

Related News