ਜਲੰਧਰ: ਗੁਰਦੁਆਰਾ ਸਾਹਿਬ 'ਚ ਬੇਅਦਬੀ ਕਰਨ ਵਾਲਾ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਏ ਵੱਡੇ ਖ਼ੁਲਾਸੇ
Wednesday, Jan 21, 2026 - 06:24 PM (IST)
ਜਲੰਧਰ (ਵਾਰਤਾ): ਜਲੰਧਰ ਦਿਹਾਤੀ ਪੁਲਸ ਨੇ ਥਾਣਾ ਗੁਰਾਇਆ ਦੇ ਅਧੀਨ ਪੈਂਦੇ ਪਿੰਡ ਮਾਹਲ ਦੇ ਗੁਰਦੁਆਰਾ ਸਾਹਿਬ ਵਿਚ ਹੋਈ ਬੇਅਦਬੀ ਦੀ ਘਟਨਾ ਦੇ ਸਬੰਧ ਵਿਚ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਹਰਵਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਪੁਲਸ ਨੇ ਸੂਚਨਾ ਮਿਲਦਿਆਂ ਹੀ ਤੁਰੰਤ ਕਾਰਵਾਈ ਕੀਤੀ ਤੇ ਬੇਅਦਬੀ ਦੀ ਘਟਨਾ ਲਈ ਜ਼ਿੰਮੇਵਾਰ ਮੁੱਖ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦੇ ਖ਼ਿਲਾਫ਼ ਕਾਨੂੰਨ ਮੁਤਾਬਕ ਕਾਰਵਾਈ ਅਤੇ ਮਾਮਲੇ ਦੇ ਸਾਰੇ ਪਹਿਲੂਆਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਐੱਸ. ਐੱਸ. ਪੀ. ਵਿਰਕ ਨੇ ਭਰੋਸਾ ਦਵਾਇਆ ਕਿ ਇਲਾਕੇ ਵਿਚ ਸਥਿਤੀ ਪੂਰੀ ਤਰ੍ਹਾਂ ਸ਼ਾਂਤੀਪੂਰਨ ਤੇ ਕਾਬੂ ਹੇਠ ਹੈ। ਜਲੰਧਰ ਦਿਹਾਤੀ ਪੁਲਸ ਭਾਈਚਾਰਕ ਸਾਂਝ ਬਣਾਈ ਰੱਖਣ ਲਈ ਸਥਿਤੀ ਦੀ ਨਜ਼ਰਸਾਨੀ ਕਰ ਰਹੀ ਹੈ।
ਐੱਸ. ਐੱਸ. ਪੀ. ਨੇ ਅੱਗੇ ਦੱਸਿਆ ਕਿ ਮੁਲਜ਼ਮ ਦਾ ਚਿਹਰਾ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਿਆ ਸੀ। ਕਾਬੂ ਕੀਤਾ ਗਿਆ ਮੁਲਜ਼ਮ ਨਾਬਾਲਗ ਹੈ। ਉਸ ਦੀ ਉਮਰ ਤਕਰੀਬਨ 15 ਸਾਲ ਹੈ ਤੇ ਉਹ 10ਵੀਂ ਜਮਾਤ ਵਿਚ ਪੜ੍ਹਦਾ ਹੈ। ਉਨ੍ਹਾਂ ਕਿਹਾ ਕਿ ਮਾਮਲੇ ਵਿਚ ਜੋ ਵੀ ਬਣਦੀ ਕਾਨੂੰਨੀ ਕਾਰਵਾਈ ਹੋਵੇਗੀ, ਉਹ ਅਮਲ ਵਿਚ ਲਿਆਂਦੀ ਜਾਵੇਗੀ। ਜੇਕਰ ਇਸ ਘਟਨਾ ਪਿੱਛੇ ਕਿਸੇ ਹੋਰ ਦਾ ਹੱਥ ਹੋਇਆ ਤਾਂ ਉਸ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ।
