ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 582ਵੇਂ ਟਰੱਕ ਦੀ ਰਾਹਤ ਸਮੱਗਰੀ

Wednesday, Jan 27, 2021 - 01:42 PM (IST)

ਸਰਹੱਦੀ ਖੇਤਰਾਂ ਦੇ ਪੀੜਤ ਪਰਿਵਾਰਾਂ ਲਈ ਭਿਜਵਾਈ 582ਵੇਂ ਟਰੱਕ ਦੀ ਰਾਹਤ ਸਮੱਗਰੀ

ਜਲੰਧਰ/ਜੰਮੂ ਕਸ਼ਮੀਰ (ਜੁਗਿੰਦਰ ਸੰਧੂ)– ਪਾਕਿਸਤਾਨ ਦੀ ਸਰਹੱਦ ਨਾਲ ਲਗਦੇ ਭਾਰਤੀ ਖੇਤਰਾਂ ’ਚ ਰਹਿਣ ਵਾਲੇ ਪਰਿਵਾਰਾਂ ਦੇ ਸਿਰ ’ਤੇ ਹਮੇਸ਼ਾ ਖਤਰੇ ਦੀ ਤਲਵਾਰ ਲਟਕਦੀ ਰਹਿੰਦੀ ਹੈ। ਪਾਕਿਸਤਾਨ ਦੀ ਸ਼ਹਿ ਹੇਠ ਚਲਾਏ ਜਾ ਰਹੇ ਅੱਤਵਾਦ ਅਤੇ ਪਾਕਿਸਤਾਨੀ ਫੌਜੀਆਂ ਵਲੋਂ ਬਿਨਾਂ ਕਾਰਣ ਕੀਤੀ ਜਾਂਦੀ ਗੋਲੀਬਾਰੀ ਨੇ ਸਰਹੱਦੀ ਲੋਕਾਂ ਦਾ ਭਾਰੀ ਜਾਨੀ ਅਤੇ ਮਾਲੀ ਨੁਕਸਾਨ ਕੀਤਾ ਹੈ। ਕਿਸਾਨਾਂ ਲਈ ਆਪਣੇ ਖੇਤਾਂ ’ਚ ਕੰਮ ਕਰਨਾ ਮੁਸ਼ਕਲ ਹੋ ਜਾਂਦਾ ਹੈ ਅਤੇ ਹੋਰ ਲੋਕਾਂ ਦੇ ਕੰਮ-ਧੰਦੇ ਵੀ ਬੁਰੀ ਤਰ੍ਹਾਂ ਨਾਲ ਪ੍ਰਭਾਵਿਤ ਹੁੰਦੇ ਰਹਿੰਦੇ ਹਨ। ਇਨ੍ਹਾਂ ਪਰਿਵਾਰਾਂ ਦੇ ਨੁਕਸਾਨ ਦੀ ਪੂਰਤੀ ਲਈ ਸਾਡੀਆਂ ਸਰਕਾਰਾਂ ਵਲੋਂ ਕੋਈ ਅਸਰਦਾਰ ਅਤੇ ਅਮਲੀ ਕਦਮ ਨਹੀਂ ਚੁੱਕੇ ਗਏ। ਸਥਿਤੀ ਇੰਨੀ ਗੰਭੀਰ ਬਣ ਗਈ ਹੈ ਕਿ ਜੰਮੂ-ਕਸ਼ਮੀਰ ਦੇ ਲੱਖਾਂ ਲੋਕਾਂ ਲਈ ਆਪਣੇ ਪਰਿਵਾਰਾਂ ਦਾ ਪਾਲਣ-ਪੋਸ਼ਣ ਕਰਨਾ ਬਹੁਤ ਔਖਾ ਹੋ ਗਿਆ ਹੈ।

ਇਹ ਵੀ ਪੜ੍ਹੋ: ਅਮਰੀਕਾ ਰਹਿੰਦੇ ਬੇਗੋਵਾਲ ਵਾਸੀ ਦੀ ਸੜਕ ਹਾਦਸੇ ’ਚ ਮੌਤ, ਪਰਿਵਾਰ ਦਾ ਰੋ-ਰੋ ਹੋਇਆ ਬੁਰਾ ਹਾਲ

ਸੰਕਟ ਦੇ ਸ਼ਿਕਾਰ ਸਰਹੱਦੀ ਖੇਤਰਾਂ ਦੇ ਪਰਿਵਾਰਾਂ ਨੂੰ ਸਹਾਇਤਾ ਪਹੁੰਚਾਉਣ ਲਈ ਹੀ ਪੰਜਾਬ ਕੇਸਰੀ ਪੱਤਰ ਸਮੂਹ ਵੱਲੋਂ ਪਿਛਲੇ 21 ਸਾਲਾਂ ਤੋਂ ਇਕ ਵਿਸ਼ੇਸ਼ ਰਾਹਤ ਮੁਹਿੰਮ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਦੇ ਅਣਥੱਕ ਯਤਨਾਂ ਸਦਕਾ ਚਲਾਈ ਜਾ ਰਹੀ ਹੈ। ਇਸ ਮੁਹਿੰਮ ਅਧੀਨ ਬੀਤੇ ਦਿਨੀਂ 582ਵੇਂ ਟਰੱਕ ਦੀ ਰਾਹਤ ਸਮੱਗਰੀ ਜੰਮੂ-ਕਸ਼ਮੀਰ ਦੇ ਸਰਹੱਦੀ ਖੇਤਰਾਂ ਨਾਲ ਸਬੰਧਤ ਲੋੜਵੰਦ ਅਤੇ ਪ੍ਰਭਾਵਿਤ ਪਰਿਵਾਰਾਂ ਲਈ ਭਿਜਵਾਈ ਗਈ। ਇਸ ਵਾਰ ਦੀ ਸਮੱਗਰੀ ਦਾ ਯੋਗਦਾਨ ਆਰ. ਕੇ. ਐੱਸ. ਇੰਟਰਨੈਸ਼ਨਲ ਪਬਲਿਕ ਸਕੂਲ ਜਨੇਰ (ਮੋਗਾ) ਵਲੋਂ ਚੇਅਰਮੈਨ ਸ਼੍ਰੀ ਸੰਜੀਵ ਸੂਦ ਪੱਤਰਕਾਰ ਅਤੇ ਪ੍ਰਧਾਨ ਸ਼੍ਰੀ ਰਾਜੀਵ ਸੂਦ ਦੇ ਯਤਨਾਂ ਸਦਕਾ ਦਿੱਤਾ ਗਿਆ ਸੀ। ਸਮੱਗਰੀ ਭਿਜਵਾਉਣ ਦੇ ਇਸ ਪਵਿੱਤਰ ਕਾਰਜ ’ਚ ਸ਼੍ਰੀ ਕੇਸ਼ਵ ਨਾਰਾਇਣ ਗੁਪਤਾ ਤਲਵੰਡੀ ਭਾਈ, ਗੁਰਪ੍ਰੀਤ ਸਿੰਘ ਘਲੋਟੀ ਅਤੇ ਰਾਜਨ ਸੂਦ ਵਲੋਂ ਵਡਮੁੱਲਾ ਸਹਿਯੋਗ ਦਿੱਤਾ ਗਿਆ। ਸੰਜੀਵ ਸੂਦ ਵਲੋਂ ਪਹਿਲਾਂ ਵੀ ਰਾਹਤ ਸਮੱਗਰੀ ਦੇ ਕਈ ਟਰੱਕ ਭੇਜੇ ਜਾ ਚੁੱਕੇ ਹਨ।

ਪੰਜਾਬ ਕੇਸਰੀ ਪੱਤਰ ਸਮੂਹ ਦੇ ਮੁੱਖ ਸੰਪਾਦਕ ਸ਼੍ਰੀ ਵਿਜੇ ਕੁਮਾਰ ਚੋਪੜਾ ਜੀ ਵੱਲੋਂ ਜਲੰਧਰ ਤੋਂ ਰਵਾਨਾ ਕੀਤੇ ਗਏ ਇਸ ਟਰੱਕ ਦੀ ਸਮੱਗਰੀ ’ਚ 250 ਪਰਿਵਾਰਾਂ ਲਈ ਪ੍ਰਤੀ ਪਰਿਵਾਰ 10 ਕਿਲੋ ਆਟਾ, 1 ਕਿਲੋ ਖੰਡ ਅਤੇ ਇਕ ਕੰਬਲ ਸ਼ਾਮਲ ਸੀ। ਟਰੱਕ ਰਵਾਨਾ ਕਰਨ ਮੌਕੇ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਅਤੇ ਸੰਸਦ ਮੈਂਬਰ ਸੰਤੋਖ ਚੌਧਰੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ। ਪੰਜਾਬ ਕੇਸਰੀ ਦੀ ਰਾਹਤ ਟੀਮ ਦੇ ਮੁਖੀ ਯੋਗਾਚਾਰੀਆ ਸ਼੍ਰੀ ਵਰਿੰਦਰ ਸ਼ਰਮਾ ਦੀ ਅਗਵਾਈ ਹੇਠ ਇਹ ਸਮੱਗਰੀ ਛੇਤੀ ਹੀ ਪ੍ਰਭਾਵਿਤ ਪਰਿਵਾਰਾਂ ਦਰਮਿਆਨ ਤਕਸੀਮ ਕੀਤੀ ਜਾਵੇਗੀ।
ਇਹ ਵੀ ਪੜ੍ਹੋ:  ਗਣਤੰਤਰ ਦਿਵਸ: ਜਲੰਧਰ ’ਚ ਕੈਬਨਿਟ ਮੰਤਰੀ ਅਰੁਣਾ ਚੌਧਰੀ ਨੇ ਲਹਿਰਾਇਆ ਤਿਰੰਗਾ


author

shivani attri

Content Editor

Related News