ਪੰਜਾਬ : ਪਿੰਡ ਵਿਚਾਲੇ ਗੋਲ਼ੀਆਂ ਮਾਰ ਕੇ ਮਾਰ ''ਤਾ ਨੌਜਵਾਨ ਮੁੰਡਾ, 4 ਮਹੀਨੇ ਪਹਿਲਾਂ ਹੀ ਬਣਿਆ ਸੀ ਪਿਤਾ

Saturday, Jun 13, 2026 - 06:09 PM (IST)

ਪੰਜਾਬ : ਪਿੰਡ ਵਿਚਾਲੇ ਗੋਲ਼ੀਆਂ ਮਾਰ ਕੇ ਮਾਰ ''ਤਾ ਨੌਜਵਾਨ ਮੁੰਡਾ, 4 ਮਹੀਨੇ ਪਹਿਲਾਂ ਹੀ ਬਣਿਆ ਸੀ ਪਿਤਾ

ਅੰਮ੍ਰਿਤਸਰ/ਜੰਡਿਆਲਾ ਗੁਰੂ (ਰਮਨ ਸ਼ਰਮਾ) : ਜੰਡਿਆਲਾ ਗੁਰੂ ਦੇ ਅਧੀਨ ਪੈਂਦੇ ਪਿੰਡ ਜਬੋਵਾਲ ਵਿਚ ਬੀਤੀ ਰਾਤ ਇਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ। ਜਿੱਥੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਵੱਲੋਂ ਇਕ ਨੌਜਵਾਨ ਨੂੰ ਪਿੰਡ ਵਿਚਾਲੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਇਸ ਘਟਨਾ ਤੋਂ ਬਾਅਦ ਪੂਰੇ ਪਿੰਡ ਵਿਚ ਸਹਿਮ ਅਤੇ ਗਮਗੀਨ ਮਾਹੌਲ ਹੈ, ਜਦਕਿ ਪੁਲਸ ਵੱਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਦੀ ਪਛਾਣ ਮਨਜਿੰਦਰ ਸਿੰਘ ਉਰਫ਼ ਮੰਨਾ ਵਜੋਂ ਹੋਈ ਹੈ। ਉਹ ਵਿਆਹਿਆ ਹੋਇਆ ਸੀ ਅਤੇ ਉਸ ਦਾ ਪੰਜ ਮਹੀਨੇ ਦਾ ਇਕ ਬੱਚਾ ਵੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮਨਜਿੰਦਰ ਸਿੰਘ ਬੀਤੀ ਰਾਤ ਕਰੀਬ 10 ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਆ ਰਿਹਾ ਸੀ। ਇਸ ਦੌਰਾਨ ਮੋਟਰਸਾਈਕਲ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ।

ਇਹ ਵੀ ਪੜ੍ਹੋ : ਪੈਨਸ਼ਨ ਨੂੰ ਲੈ ਕੇ ਹਾਈਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਮ੍ਰਿਤਕ ਦੇ ਦੋਸਤ ਸਾਹਿਬ ਸਿੰਘ ਮਾਨ ਨੇ ਦੱਸਿਆ ਕਿ ਮਨਜਿੰਦਰ ਸਿੰਘ ਦਾ ਕਿਸੇ ਨਾਲ ਕੋਈ ਵੈਰ-ਵਿਰੋਧ ਨਹੀਂ ਸੀ। ਉਨ੍ਹਾਂ ਕਿਹਾ ਕਿ ਹਮਲਾਵਰਾਂ ਨੇ ਅਚਾਨਕ ਹਮਲਾ ਕੀਤਾ ਅਤੇ ਮੌਕੇ ਦਾ ਫਾਇਦਾ ਚੁੱਕਦਿਆਂ ਗੋਲੀਆਂ ਚਲਾ ਕੇ ਫਰਾਰ ਹੋ ਗਏ। ਉਨ੍ਹਾਂ ਦੱਸਿਆ ਕਿ ਗੋਲੀਬਾਰੀ ਦੌਰਾਨ ਮਨਜਿੰਦਰ ਸਿੰਘ ਨੂੰ ਪੰਜ ਗੋਲੀਆਂ ਲੱਗੀਆਂ, ਜਿਨ੍ਹਾਂ ਵਿਚੋਂ ਚਾਰ ਉਸ ਦੀ ਪਿੱਠ ਅਤੇ ਇਕ ਛਾਤੀ ਵਿਚ ਵੱਜੀ। ਗੋਲੀ ਦੀ ਆਵਾਜ਼ ਸੁਣ ਕੇ ਨੇੜੇ ਮੌਜੂਦ ਲੋਕ ਮੌਕੇ ‘ਤੇ ਪਹੁੰਚੇ ਅਤੇ ਜ਼ਖ਼ਮੀ ਹਾਲਤ ਵਿਚ ਉਸ ਨੂੰ ਹਸਪਤਾਲ ਲੈ ਕੇ ਜਾਣ ਦੀ ਕੋਸ਼ਿਸ਼ ਕੀਤੀ ਪਰ ਰਸਤੇ ਵਿਚ ਹੀ ਉਸ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ : ਦਰਬਾਰ ਸਾਹਿਬ ਕੰਪਲੈਕਸ ਵਿਖੇ ਗੁਰਦੁਆਰਾ ਸਾਹਿਬ 'ਚ ਬੇਅਦਬੀ ਦੀ ਕੋਸ਼ਿਸ਼ ਕਰਨ ਦੇ ਮਾਮਲੇ 'ਚ ਵੱਡਾ ਖ਼ੁਲਾਸਾ

ਸਾਹਿਬ ਸਿੰਘ ਮਾਨ ਨੇ ਇਹ ਵੀ ਦੱਸਿਆ ਕਿ ਇਸ ਘਟਨਾ ਨਾਲ ਪਿੰਡ ਦੇ ਲੋਕ ਬਹੁਤ ਦੁਖੀ ਹਨ ਅਤੇ ਪੂਰੇ ਇਲਾਕੇ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਇਕ ਨੌਜਵਾਨ ਦੀ ਇਸ ਤਰ੍ਹਾਂ ਹੱਤਿਆ ਹੋਣਾ ਬਹੁਤ ਹੀ ਦੁਖਦਾਈ ਹੈ ਅਤੇ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਪਿਆ ਹੈ। ਉਧਰ, ਮੌਕੇ ‘ਤੇ ਪਹੁੰਚੇ ਜੰਡਿਆਲਾ ਦੇ ਡੀਐੱਸਪੀ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਰਾਤ ਕਰੀਬ 10 ਵਜੇ ਅਣਪਛਾਤੇ ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਮਨਜਿੰਦਰ ਸਿੰਘ ਪੁੱਤਰ ਅਵਤਾਰ ਸਿੰਘ ‘ਤੇ ਫਾਇਰਿੰਗ ਕੀਤੀ ਸੀ। ਪੁਲਸ ਵੱਲੋਂ ਮ੍ਰਿਤਕ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀਐਸਪੀ ਨੇ ਦੱਸਿਆ ਕਿ ਪੁਲਸ ਵੱਲੋਂ ਇਲਾਕੇ ਦੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਅਤੇ ਤਕਨੀਕੀ ਸਬੂਤਾਂ ਦੇ ਆਧਾਰ ‘ਤੇ ਹਮਲਾਵਰਾਂ ਦੀ ਪਛਾਣ ਕਰਨ ਲਈ ਵਿਸ਼ੇਸ਼ ਟੀਮਾਂ ਲਗਾਈਆਂ ਗਈਆਂ ਹਨ। ਉਨ੍ਹਾਂ ਭਰੋਸਾ ਦਿਵਾਇਆ ਕਿ ਮਾਮਲੇ ਨੂੰ ਜਲਦ ਟਰੇਸ ਕਰਕੇ ਦੋਸ਼ੀਆਂ ਨੂੰ ਕਾਨੂੰਨ ਦੇ ਘੇਰੇ ਵਿਚ ਲਿਆਂਦਾ ਜਾਵੇਗਾ ਅਤੇ ਪਰਿਵਾਰ ਨੂੰ ਇਨਸਾਫ਼ ਦਿਵਾਇਆ ਜਾਵੇਗਾ।

ਇਹ ਵੀ ਪੜ੍ਹੋ : ਖੇਮਕਰਨ ਦੇ ਗੁਰਭੇਜ ਦਾ ਇੰਗਲੈਂਡ 'ਚ ਕਤਲ, ਤਿੰਨ ਭੈਣਾਂ ਦਾ ਸੀ ਇਕਲੌਤਾ ਭਰਾ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e


author

Gurminder Singh

Content Editor

Related News