ਜੰਗ-ਏ-ਆਜ਼ਾਦੀ ਦੇ ਦੂਜੇ ਪੜਾਅ ਦੇ ਉਦਘਾਟਨ ਸਬੰਧੀ ਲਿਆ ਜਾਇਜ਼ਾ

Sunday, Mar 04, 2018 - 06:33 PM (IST)

ਜੰਗ-ਏ-ਆਜ਼ਾਦੀ ਦੇ ਦੂਜੇ ਪੜਾਅ ਦੇ ਉਦਘਾਟਨ ਸਬੰਧੀ ਲਿਆ ਜਾਇਜ਼ਾ

ਕਰਤਾਰਪੁਰ (ਸਾਹਨੀ)— ਕਰਤਾਰਪੁਰ ਵਿਖੇ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ਦੇ ਦੂਜੇ ਪੜਾਅ ਨੂੰ 6 ਮਾਰਚ ਨੂੰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਲੋਕ ਅਰਪਣ ਕਰਨਗੇ। ਇਹ ਪ੍ਰਗਟਾਵਾ ਸ਼ਨੀਵਾਰ ਪੰਜਾਬ ਦੇ ਸੱਭਿਆਚਾਰਕ ਅਤੇ ਸੈਰ ਸਪਾਟਾ ਵਿਭਾਗ ਦੇ ਸਕੱਤਰ ਵਿਕਾਸ ਪ੍ਰਤਾਪ ਨੇ ਸਮਾਗਮ ਵਾਲੀ ਥਾਂ ਦਾ ਦੌਰਾ ਕਰਨ ਉਪਰੰਤ ਕੀਤਾ। ਉਨ੍ਹਾਂ ਇਸ ਮੌਕੇ ਮੈਮੋਰੀਅਲ ਕੰਪਲੈਕਸ ਵਿਖੇ ਇਸ ਸਮਾਗਮ ਦੇ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਇਹ ਦਿਨ ਪੰਜਾਬ ਲਈ ਇਕ ਇਤਿਹਾਸਕ ਦਿਨ ਹੋਵੇਗਾ, ਇਸ ਨਾਲ ਸੂਬੇ ਵਿਚ ਸੈਰ ਸਪਾਟੇ ਨੂੰ ਵੱਡਾ ਹੁਲਾਰਾ ਮਿਲੇਗਾ। 
ਇਸ ਮੌਕੇ ਜਲੰਧਰ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਨੇ ਸਕੱਤਰ ਨੂੰ ਜ਼ਿਲਾ ਪ੍ਰਸ਼ਾਸਨ ਵੱਲੋਂ ਇਸ ਸਮਾਗਮ ਲਈ ਕੀਤੇ ਪ੍ਰਬੰਧਾਂ ਬਾਰੇ ਜਾਣੂ ਕਰਵਾਇਆ। ਉਨ੍ਹਾਂ ਦੱਸਿਆ ਕਿ ਇਸ ਸਮਾਗਮ ਲਈ ਜ਼ਿਲਾ ਪ੍ਰਸ਼ਾਸਨ ਵੱਲੋਂ ਸੀਨੀਅਰ ਅਧਿਕਾਰੀਆਂ ਦੀ ਅਗਵਾਈ ਹੇਠ ਵਿਸ਼ੇਸ਼ ਕਮੇਟੀਆਂ ਦਾ ਗਠਨ ਕੀਤਾ ਜਾ ਚੁੱਕਾ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਲੋਕਾਂ ਲਈ ਖਾਣ-ਪੀਣ, ਟ੍ਰੈਫਿਕ, ਸੁਰੱਖਿਆ, ਟਰਾਂਸਪੋਰਟ ਅਤੇ ਹੋਰ ਪ੍ਰਬੰਧਾਂ ਨੂੰ ਵੀ ਜ਼ਿਲਾ ਪ੍ਰਸ਼ਾਸਨ ਨੇ ਅੰਤਿਮ ਰੂਪ ਦੇ ਦਿੱਤਾ ਹੈ। 
ਇਸ ਸਮੇਂ ਕਾਂਗਰਸੀ ਆਗੂ ਤਜਿੰਦਰ ਸਿੰਘ ਬਿੱਟੂ, ਹਲਕਾ ਵਿਧਾਇਕ ਚੌਧਰੀ ਸੁਰਿੰਦਰ ਸਿੰਘ, ਡਾਇਰੈਕਟਰ ਸੈਰ ਸਪਾਟਾ ਸ਼ਿਵ ਦੁਲਾਲ ਸਿੰਘ, ਜੰਗ-ਏ-ਆਜ਼ਾਦੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਵਿਨੈ ਬੁਬਲਾਨੀ, ਜਲੰਧਰ ਦੇ ਵਧੀਕ ਡਿਪਟੀ ਕਮਿਸ਼ਨਰ ਜਸਬੀਰ ਸਿੰਘ, ਐੱਸ. ਪੀ. ਆਰ. ਐੱਸ. ਚੀਮਾ, ਉੁਪ ਮੰਡਲ ਮੈਜਿਸਟਰੇਟ ਪਰਮਵੀਰ ਸਿੰਘ, ਵਰਿੰਦਰ ਪਾਲ ਸਿੰਘ ਬਾਜਵਾ ਅਤੇ ਰਾਜੀਵ ਵਰਮਾ, ਸੈਕਟਰੀ ਆਰ. ਟੀ. ਏ. ਦਰਬਾਰਾ ਸਿੰਘ, ਡੀ. ਐੱਸ. ਪੀ. ਸਰਬਜੀਤ ਰਾਏ, ਸਹਾਇਕ ਕਮਿਸ਼ਨਰ ਦੀਪਕ ਭਾਟੀਆ, ਏ. ਈ. ਟੀ. ਸੀ. ਹਰਦੀਪ ਭਵਰਾਂ ਆਦਿ ਹਾਜ਼ਰ ਸਨ।


Related News