ਜੰਤਰ-ਮੰਤਰ ''ਤੇ ਲੋਕਤੰਤਰ ਦੀ ਗੱਲ, ਪੰਜਾਬ ''ਚ ਲਾਠੀਚਾਰਜ, ''ਆਪ'' ਦਾ ਦੋਹਰਾ ਚਿਹਰਾ : ਬਾਜਵਾ

Saturday, Jul 25, 2026 - 01:31 PM (IST)

ਜੰਤਰ-ਮੰਤਰ ''ਤੇ ਲੋਕਤੰਤਰ ਦੀ ਗੱਲ, ਪੰਜਾਬ ''ਚ ਲਾਠੀਚਾਰਜ, ''ਆਪ'' ਦਾ ਦੋਹਰਾ ਚਿਹਰਾ : ਬਾਜਵਾ

ਭਵਾਨੀਗੜ੍ਹ (ਵਿਕਾਸ ਮਿੱਤਲ) : ਪੰਜਾਬ ਦੇ ਸੀਨੀਅਰ ਕਾਂਗਰਸੀ ਆਗੂ ਤੇ ਪੰਜਾਬ ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਭਵਾਨੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਸਰਕਾਰ ਵੱਲੋਂ ਸਫਾਈ ਮੁਲਾਜ਼ਮਾਂ ਤੇ ਮਨਰੇਗਾ ਵਰਕਰਾਂ 'ਤੇ ਕੀਤੇ ਗਏ ਕਥਿਤ ਲਾਠੀਚਾਰਜ ਅਤੇ ਸਖ਼ਤ ਕਾਰਵਾਈ ਦੀ ਤਿੱਖੇ ਸ਼ਬਦਾਂ ਵਿਚ ਨਿਖੇਧੀ ਕੀਤੀ। ਬਾਜਵਾ ਬਰਨਾਲਾ ਜਾਣ ਸਮੇਂ ਰਾਹ ਵਿਚ ਇੱਥੇ ਰੁਕੇ ਸਨ। ਇਸ ਦੌਰਾਨ ਕਾਂਗਰਸੀ ਵਰਕਰਾਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ। ਬਾਜਵਾ ਨੇ ਕਿਹਾ ਕਿ ਇਕ ਪਾਸੇ 'ਆਪ' ਪਾਰਟੀ ਤੇ ਇਸ ਦੇ ਆਗੂ ਦਿੱਲੀ ਦੇ ਜੰਤਰ-ਮੰਤਰ ਵਿਖੇ ਕੇਂਦਰ ਸਰਕਾਰ 'ਤੇ ਲੋਕਤੰਤਰ ਦੇ ਦਮਨ ਦੇ ਦੋਸ਼ ਲਗਾਉਂਦੇ ਹਨ ਜਦਕਿ ਦੂਜੇ ਪਾਸੇ ਪੰਜਾਬ ਵਿਚ ਮਾਨ ਸਰਕਾਰ ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫਾਈ ਮੁਲਾਜ਼ਮਾਂ, ਮਨਰੇਗਾ ਵਰਕਰਾਂ ਤੇ ਹੋਰ ਵਰਗਾਂ ਦੇ ਲੋਕਾਂ ਨਾਲ ਸਖ਼ਤੀ ਨਾਲ ਪੇਸ਼ ਆ ਰਹੀ ਹੈ। 

ਉਨ੍ਹਾਂ ਕਿਹਾ ਕਿ ਇਸ ਨਾਲ ਆਮ ਆਦਮੀ ਪਾਰਟੀ ਦਾ ਦੋਹਰਾ ਮਾਪਦੰਡ ਲੋਕਾਂ ਸਾਹਮਣੇ ਆ ਗਿਆ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਸੀ.ਐਮ. ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਦੀ ਬਜਾਏ ਵਿਰੋਧ ਕਰਨ ਵਾਲਿਆਂ 'ਤੇ ਪੁਲਸ ਬਲ ਦੀ ਵਰਤੋਂ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸੰਗਰੂਰ ਵਿਖੇ ਮੁੱਖ ਮੰਤਰੀ ਦੀ ਰਿਹਾਇਸ਼ ਵੱਲ ਆਪਣੀਆਂ ਮੰਗਾਂ ਦੇ ਹੱਕ ਵਿਚ ਜਾਣ ਵਾਲੇ ਮੁਲਾਜ਼ਮਾਂ ਅਤੇ ਵੱਖ-ਵੱਖ ਵਰਗਾਂ ਦੇ ਲੋਕਾਂ ਨੂੰ ਸਰਕਾਰ ਵੱਲੋਂ ਡਾਂਗਾਂ ਨਾਲ ਜਵਾਬ ਦਿੱਤਾ ਜਾ ਰਿਹਾ ਹੈ। ਬਾਜਵਾ ਨੇ ਕਿਹਾ ਕਿ ਕਾਂਗਰਸ ਪਾਰਟੀ ਮਾਨ ਸਰਕਾਰ ਦੇ ਇਸ ਕਥਿਤ ਦਮਨਕਾਰੀ ਰਵੱਈਏ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦੀ ਹੈ ਤੇ ਸਰਕਾਰ ਨੂੰ ਲੋਕਤੰਤਰੀ ਕਦਰਾਂ-ਕੀਮਤਾਂ ਦਾ ਸਤਿਕਾਰ ਕਰਦਿਆਂ ਸੰਘਰਸ਼ ਕਰ ਰਹੇ ਮੁਲਾਜ਼ਮਾਂ ਨਾਲ ਗੱਲਬਾਤ ਰਾਹੀਂ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕੱਢਣਾ ਚਾਹੀਦਾ ਹੈ। ਇਸ ਮੌਕੇ ਸਾਬਕਾ ਚੇਅਰਮੈਨ ਵਰਿੰਦਰ ਪੰਨਵਾ, ਸਰਪੰਚ ਅਮਰ ਸਿੰਘ ਫਤਿਹਗੜ੍ਹ ਭਾਦਸੋਂ, ਸੁਖਵਿੰਦਰ ਸਿੰਘ ਆਲੋਅਰਖ, ਗੁਰਦੀਪ ਸਿੰਘ ਦਿੱਤੂਪੁਰ, ਪ੍ਰੇਮ ਸਿੰਘ ਦਿਆਲਗੜ੍ਹ, ਭੋਲਾ ਸਿੰਘ ਬਲਿਆਲ ਪ੍ਰਧਾਨ, ਕਾਕਾ ਰਾਮ ਬੰਮਣੇ ਵਾਲੇ ਤੇ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਹਾਜ਼ਰ ਸੀ।


author

Gurminder Singh

Content Editor

Related News