ਬਰਗਾੜੀ ਦੇ ਅਸਲ ਦੋਸ਼ੀਆਂ ਨੂੰ ਸਜ਼ਾ ਦਿਵਾ ਕੇ ਹੀ ਸੰਗਤ ਨੂੰ ਮਿਲੇਗੀ ਸ਼ਾਂਤੀ: ਜਥੇਦਾਰ ਮੰਡ

02/24/2019 6:46:38 PM

ਸ੍ਰੀ ਆਨੰਦਪੁਰ ਸਾਹਿਬ (ਦਲਜੀਤ)— ਬਰਗਾੜੀ ਕਾਂਡ ਦੇ ਅਸਲ ਦੋਸ਼ੀਆਂ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ਪੁਲਸ ਮੁਖੀ ਸੁਮੇਧ ਸੈਣੀ ਨੂੰ ਸਲਾਖਾਂ ਪਿੱਛੇ ਬੰਦ ਕਰਵਾ ਕੇ ਹੀ ਸੰਗਤਾਂ ਦੇ ਹਿਰਦੇ ਸ਼ਾਂਤ ਹੋਣਗੇ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮੁਤਵਾਜ਼ੀ ਜਥੇਦਾਰ ਧਿਆਨ ਸਿੰਘ ਮੰਡ ਨੇ ਇਥੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਕੀਤਾ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਮੌਜੂਦਾ ਕੈਪਟਨ ਸਰਕਾਰ ਵੀ ਬਰਗਾੜੀ ਮੋਰਚੇ ਦੇ ਅਸਲ ਦੋਸ਼ੀਆਂ ਨੂੰ ਬਚਾਉਣ 'ਚ ਲੱਗੀ ਹੋਈ ਹੈ, ਜਿਸ ਲਈ ਪੰਜਾਬ ਦੇ ਲੋਕ ਕੈਪਟਨ ਅਮਰਿੰਦਰ ਸਿੰਘ ਨੂੰ ਕਦੇ ਮੁਆਫ ਨਹੀਂ ਕਰਨਗੇ। ਜਥੇਦਾਰ ਮੰਡ ਨੇ ਦੱਸਿਆ ਕਿ ਮੋਰਚੇ ਦਾ ਲੋਕ ਸਭਾ ਚੋਣਾਂ ਲੜਨ ਦਾ ਫੈਸਲਾ ਮੀਰੀ-ਪੀਰੀ ਦੇ ਸਿਧਾਂਤ ਅਨੁਸਾਰ ਹੈ, ਇਸ ਕਰਕੇ ਹੋਣ ਵਾਲੀਆਂ ਲੋਕ ਸਭਾ ਚੋਣਾਂ ਲਈ ਮੋਰਚੇ ਵੱਲੋਂ ਹੋਰ ਹਮਖਿਆਲੀ ਪਾਰਟੀਆਂ ਨਾਲ ਮਿਲ ਕੇ ਵੱਖ-ਵੱਖ ਲੋਕ ਸਭਾ ਹਲਕਿਆਂ ਤੋਂ 4 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ ਅਤੇ ਲੋਕ ਸਭਾ ਸੀਟਾਂ ਦੀ ਵੰਡ ਦਾ ਮਸਲਾ ਜਲਦ ਸੁਲਝਾ ਲਿਆ ਜਾਵੇਗਾ। ਜਿਸ ਸਬੰਧੀ ਗੱਲਬਾਤ ਕਾਫੀ ਹੱਦ ਤੱਕ ਤਹਿ ਕਰ ਲਈ ਗਈ ਹੈ।

ਮੋਰਚੇ ਦੇ ਸ੍ਰੀ ਆਨੰਦਪੁਰ ਸਾਹਿਬ ਹਲਕੇ ਤੋਂ ਉਮੀਦਵਾਰ ਵਿਕਰਮ ਸਿੰਘ ਸੋਢੀ ਵੱਲੋਂ ਬਸਪਾ 'ਚ ਸ਼ਾਮਲ ਹੋ ਜਾਣ ਸਬੰਧੀ ਉਨ੍ਹਾਂ ਸਪੱਸ਼ਟ ਕਰਦੇ ਕਿਹਾ ਕਿ ਉਹ ਬਸਪਾ 'ਚ ਸ਼ਾਮਲ ਨਹੀਂ ਹੋਏ ਬਲਕਿ ਬਸਪਾ ਨੇ ਸੋਢੀ ਨੂੰ ਹਮਾਇਤ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਬਰਗਾੜੀ ਮੋਰਚੇ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਆਗਾਮੀ ਚੋਣਾਂ 'ਚ ਸਾਰੀਆਂ ਧਿਰਾਂ ਨੂੰ ਇਕ ਮੰਚ 'ਤੇ ਇਕੱਠਾ ਕਰਕੇ ਬਾਦਲਾਂ ਖਿਲਾਫ ਚੋਣ ਲੜੀ ਜਾਵੇਗੀ। ਇਸ ਮੌਕੇ ਉਨ੍ਹਾਂ ਦੇ ਨਾਲ ਸੋਢੀ ਵਿਕਰਮ ਸਿੰਘ, ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੇ ਜਥੇਦਾਰ ਫੌਜਾ ਸਿੰਘ ਧਨੌਰੀ, ਰਣਜੀਤ ਸਿੰਘ ਸੰਤੋਖਗੜ੍ਹ, ਜੋਗਿੰਦਰ ਸਿੰਘ, ਹਰਜੀਤ ਸਿੰਘ ਮੋਰਿੰਡਾ ਸਰਕਲ, ਜ਼ੈਲਦਾਰ ਗੁਰਚਰਨ ਸਿੰਘ, ਸੁਖਵਿੰਦਰ ਸਿੰਘ, ਹਰਜੀਤ ਸਿੰਘ ਸੋਢੀ ਆਦਿ ਤੋਂ ਇਲਾਵਾ ਵੱਡੀ ਗਿਣਤੀ 'ਚ ਵਰਕਰ ਹਾਜ਼ਰ ਸਨ।

shivani attri

This news is Content Editor shivani attri