ਜਥੇਦਾਰ ਗੜਗੱਜ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਪਰਿਕਰਮਾ ''ਚ ਨਿਭਾਈ ਛਬੀਲ ਦੀ ਸੇਵਾ
Wednesday, Oct 07, 2026 - 08:33 PM (IST)
ਅੰਮ੍ਰਿਤਸਰ (ਸਰਬਜੀਤ): ਸੱਚਖੰਡ ਸ੍ਰੀ ਦਰਬਾਰ ਸਾਹਿਬ, ਸ੍ਰੀ ਹਰਿਮੰਦਰ ਸਾਹਿਬ ਵਿਖੇ ਛਬੀਲ ਦੀ ਸੇਵਾ ਕਰਨ ਦਾ ਸੁਭਾਗ ਪ੍ਰਾਪਤ ਹੋਣ ’ਤੇ ਕਾਰਜਕਾਰੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਨੂੰ ਜਲ ਛਕਾਉਣ ਦੀ ਸੇਵਾ ਕੀਤੀ।
ਸੇਵਾ ਦੌਰਾਨ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਸੰਗਤ ਦੇ ਦਰਸ਼ਨ ਕਰਦੇ ਹੋਏ ਵਿਸ਼ੇਸ਼ ਤੌਰ ’ਤੇ ਬੱਚਿਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਸਿੱਖੀ ਸਰੂਪ ਕਾਇਮ ਰੱਖਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਨੂੰ ਸਰਬ ਲੋਹ ਦੇ ਕੜੇ ਪਹਿਨਣ ਅਤੇ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਸਿੱਖੀ ਸਰੂਪ ਦੀ ਸੰਭਾਲ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਆਪਣੀ ਸਿੱਖ ਵਿਰਾਸਤ, ਰਹਿਤ-ਮਰਿਆਦਾ ਅਤੇ ਗੁਰੂ ਸਾਹਿਬਾਨ ਵੱਲੋਂ ਦਿੱਤੀਆਂ ਸਿੱਖਿਆਵਾਂ ਨਾਲ ਜੋੜਨਾ ਸਮੇਂ ਦੀ ਲੋੜ ਹੈ। ਇਸ ਦੌਰਾਨ ਉਨ੍ਹਾਂ ਨੇ ਸੰਗਤ ਨੂੰ ਸੇਵਾ, ਸਿਮਰਨ ਅਤੇ ਗੁਰਬਾਣੀ ਨਾਲ ਜੁੜ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰਨ ਲਈ ਵੀ ਪ੍ਰੇਰਿਆ।
ਛਬੀਲ ਦੀ ਸੇਵਾ ਦੌਰਾਨ ਸੰਗਤ ਵੱਲੋਂ ਵੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਵੱਲੋਂ ਬੱਚਿਆਂ ਨੂੰ ਸਿੱਖੀ ਸਰੂਪ ਨਾਲ ਜੋੜਨ ਦੇ ਸੰਦੇਸ਼ ਦੀ ਸ਼ਲਾਘਾ ਕੀਤੀ ਗਈ।
