ਜਥੇਦਾਰ ਗੜਗੱਜ ਨੇ ਕਰਤਾਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
Thursday, Jun 26, 2025 - 11:59 PM (IST)

ਅੰਮ੍ਰਿਤਸਰ (ਸਰਬਜੀਤ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਬੀਤੇ ਦਿਨੀਂ ਭੇਤ ਭਰੇ ਹਾਲਾਤ ਵਿੱਚ ਚਲਾਣਾ ਕਰ ਗਏ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਦੇ ਇੰਚਾਰਜ ਵਜੋਂ ਸੇਵਾਵਾਂ ਨਿਭਾਅ ਰਹੇ ਕਰਤਾਰ ਸਿੰਘ ਦੇ ਪਰਿਵਾਰ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਪੁੱਜ ਦੁੱਖ ਸਾਂਝਾ ਕੀਤਾ। ਜਥੇਦਾਰ ਗੜਗੱਜ ਨੇ ਕਿਹਾ ਕਿ ਕਰਤਾਰ ਸਿੰਘ ਸ਼ਹੀਦ ਪਰਿਵਾਰ ਵਿੱਚੋਂ ਸਨ, ਜਿਨ੍ਹਾਂ ਦੇ ਪਿਤਾ ਅਤੇ ਦੋ ਭਰਾ ਸਿੱਖ ਸੰਘਰਸ਼ ਦੌਰਾਨ ਸ਼ਹੀਦ ਹੋਏ। ਉਨ੍ਹਾਂ ਕਿਹਾ ਕਿ ਕਰਤਾਰ ਸਿੰਘ ਪੰਥਕ ਭਾਵਨਾ ਵਾਲੇ ਸਿੰਘ ਸਨ, ਜਿਨ੍ਹਾਂ ਨੇ ਸਿੱਖ ਸੰਸਥਾ ਵੱਲੋਂ ਲੱਗੀਆਂ ਸੇਵਾਵਾਂ ਹਮੇਸ਼ਾ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਈਆਂ।
ਜਥੇਦਾਰ ਗੜਗੱਜ ਨੇ ਅਕਾਲ ਪੁਰਖ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ। ਇਸ ਸਬੰਧੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਨੂੰ ਇਸ ਮਾਮਲੇ ਵਿੱਚ ਡੂੰਘਾਈ ਨਾਲ ਜਾਂਚ ਕਰਕੇ ਦੋਸ਼ੀਆਂ ਦੇ ਖਿਲਾਫ਼ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਇਸ ਦੌਰਾਨ ਸ਼੍ਰੋਮਣੀ ਕਮੇਟੀ ਦੇ ਹਲਕਾ ਮੈਂਬਰ ਗੁਰਬਚਨ ਸਿੰਘ ਕਰਮੂਵਾਲਾ, ਗਿਆਨੀ ਮਲਕੀਤ ਸਿੰਘ, ਭਾਈ ਸਰਬਜੀਤ ਸਿੰਘ ਢੋਟੀਆਂ ਵੀ ਹਾਜ਼ਰ ਸਨ।