ਵਿਸਾਖੀ ਜੋੜ ਮੇਲਾ : ਵੀਡੀਓ ਕਾਨਫਰੈਂਸ ਰਾਹੀਂ ਸਿੰਘ ਸਾਹਿਬਾਨ ਭਲਕੇ ਲੈਣਗੇ ਅਹਿਮ ਫੈਸਲਾ
Thursday, Apr 02, 2020 - 07:07 PM (IST)
ਤਲਵੰਡੀ ਸਾਬੋ ( ਮੁਨੀਸ਼ ਗਰਗ ) - ਕੋਰੋਨਾ ਵਾਇਰਸ ਦਾ ਕਹਿਰ ਦੇਸ਼ ’ਚ ਹੀ ਨਹੀਂ ਸਗੋਂ ਪੂਰੀ ਦੁਨੀਆਂ ’ਚ ਦੇਖਣ ਨੂੰ ਮਿਲ ਰਿਹਾ ਹੈ। ਇਸ ਮਹਾਮਾਰੀ ਦੇ ਕਾਰਨ ਖਾਲਸਾ ਸਾਜਨਾ ਦਿਵਸ ਵਿਸਾਖੀ ਮੌਕੇ ਹੋਣ ਵਾਲਾ ਜੋੜ ਮੇਲਾ ਕਰਵਾਉਣ ਨੂੰ ਲੈ ਕੇ ਸ਼ੁੱਕਰਵਾਰ ਨੂੰ ਅਹਿਮ ਮੀਟਿੰਗ ਕੀਤੀ ਜਾ ਰਹੀ ਹੈ। ਉਕਤ ਸਾਰੀ ਜਾਣਕਾਰੀ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰੀ ਗਿਆਨੀ ਹਰਪ੍ਰੀਤ ਸਿੰਘ ਵਲੋਂ ਦਿੱਤੀ ਗਈ ਹੈ। ਮਿਲੀ ਜਾਣਕਾਰੀ ਅਨੁਸਾਰ ਪੰਜ ਸਿੰਘ ਸਾਹਿਬਾਨਾਂ ਵਲੋਂ ਕੀਤੀ ਜਾਣ ਵਾਲੀ ਇਹ ਮੀਟਿੰਗ ਵੀਡੀਓ ਕਾਨਫਰੈਂਸ ਰਾਹੀਂ ਹੋਵੇਗੀ, ਜਿਸ ਦੌਰਾਨ ਵਿਸਾਖੀ ਜੋੜ ਮੇਲੇ ਦੇ ਬਾਰੇ ਫ਼ੈਸਲਾ ਲਿਆ ਜਾਵੇਗਾ।
ਜ਼ਿਕਰਯੋਗ ਹੈ ਕਿ ਕੋਰੋਨਾ ਵਾਇਰਸ ਦੇ ਕਾਰਨ ਅੱਜ ਸਵੇਰੇ ਤੜਕਸਾਰ ਗੁਰੂ ਘਰ ਦੇ ਮਹਾਨ ਕੀਰਤਨੀਏ ਅਤੇ ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹਜ਼ੂਰੀ ਰਾਗੀ ਪਦਮ ਸ੍ਰੀ ਭਾਈ ਨਿਰਮਲ ਸਿੰਘ ਖਾਲਸਾ ਜੀ ਇਸ ਸੰਸਾਰ ਨੂੰ ਅਲਵਿਦਾ ਕਹਿ ਗਏ ਸਨ। ਭਾਈ ਨਿਰਮਲ ਸਿੰਘ ਜੀ ਦੇ ਅਕਾਲ ਚਲਾਣੇ ’ਤੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਉਨ੍ਹਾਂ ਦੁੱਖ ਪ੍ਰਗਟ ਕਰਦੇ ਹੋਏ ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਕੀਤੀ ਅਤੇ ਉਨ੍ਹਾਂ ਦੇ ਪਰਿਵਾਰ ਵਾਲਿਆਂ ਨੂੰ ਭਾਣਾ ਮੰਨਣ ਦਾ ਬੱਲ ਬਖਸ਼ਣ ਲਈ ਕਿਹਾ। ਇਸ ਦੇ ਨਾਲ ਹੀ ਗਿ. ਹਰਪ੍ਰੀਤ ਸਿੰਘ ਨੇ ਸਿੱਖ ਕੌਮ ਨੂੰ ਸੰਦੇਸ਼ ਦਿੱਤਾ ਕਿ ਸਿੱਖ ਬੇਪ੍ਰਵਾਹ ਤਾਂ ਹੋ ਸਕਦਾ ਹੈ ਪਰ ਉਹ ਕਦੇ ਵੀ ਲਾ-ਪ੍ਰਵਾਹ ਨਾ ਹੋਵੇ। ਇਸ ਮੌਕੇ ਉਨ੍ਹਾਂ ਨੇ ਦੇਸ਼ ਦੇ ਸਾਰੇ ਲੋਕਾਂ ਨੂੰ ਸਿਹਤ ਮਹਿਕਮੇ ਵਲੋਂ ਜਾਰੀ ਕੀਤੇ ਨਿਰਦੇਸ਼ਾਂ ਦਾ ਪਾਲਣਾ ਕਰਨ ਦੀ ਅਪੀਲ ਕੀਤੀ। ਦੱਸ ਦੇਈਏ ਕਿ ਦੇਸ਼ ਭਰ ’ਚ ਕੋਰੋਨਾ ਵਾਇਰਸ ਦਾ ਕਹਿਰ ਦੇਖਣ ਨੂੰ ਮਿਲ ਰਿਹਾ ਹੈ, ਜਿਸ ਦੀ ਲਪੇਟ ’ਚ ਬਹੁਤ ਸਾਰੇ ਲੋਕ ਆ ਚੁੱਕੇ ਹਨ। ਕੋਰੋਨਾ ਕਾਰਨ ਪੰਜਾਬ ’ਚ ਹੁਣ ਤੱਕ 5 ਮੌਤਾਂ ਹੋ ਚੁੱਕੀਆਂ ਹਨ।