ਦਸਤਾਰਬੰਦੀ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ
Saturday, Oct 25, 2025 - 11:40 AM (IST)
ਸ੍ਰੀ ਅਨੰਦਪੁਰ ਸਾਹਿਬ (ਦਲਜੀਤ ਸਿੰਘ)-ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦਾ ਦੂਜੀ ਵਾਰ ਸੇਵਾ ਸੰਭਾਲ ਸਮਾਗਮ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਹੋਣ ਜਾ ਰਿਹਾ ਹੈ। ਦਸਤਾਰਬੰਦੀ ਤੋਂ ਪਹਿਲਾਂ ਗਿਆਨੀ ਕੁਲਦੀਪ ਸਿੰਘ ਗੜਗੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਏ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਥਾਪੇ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਉਪਰੰਤ ਖ਼ਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਤਸਾਰ ਹੋਏ ਸੇਵਾ ਸੰਭਾਲ ਸਮਾਗਮ ਨਾਲ ਉਸ ਸਮੇਂ ਪੈਦਾ ਹੋਇਆ ਵਿਵਾਦ ਅਜੇ ਵੀ ਖ਼ਤਮ ਹੁੰਦਾ ਨਜ਼ਰ ਨਹੀਂ ਆ ਰਿਹਾ।

ਇਹ ਵੀ ਪੜ੍ਹੋ: ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਸਕੂਲ-ਕਾਲਜ ਤੇ ਦਫ਼ਤਰ
ਜ਼ਿਕਰਯੋਗ ਹੈ ਕਿ ਨਿਹੰਗ ਸਿੰਘ ਜਥੇਬੰਦੀਆਂ ਅਤੇ ਸੰਤ ਸਮਾਜ ਵੱਲੋਂ ਵਿਰੋਧ ਕੀਤੇ ਜਾਣ ਦੇ ਡਰ ਤੋਂ ਬੀਤੇ ਮਾਰਚ ਮਹੀਨੇ ਹੋਲਾ ਮਹੱਲਾ ਦੇ ਦਿਨਾਂ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਬੜੀ ਹੀ ਕਾਹਲੀ ’ਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਤੜਕਸਾਰ ਤਾਜਪੋਸ਼ੀ ਕੀਤੀ ਗਈ ਸੀ, ਜਿਸ ਨੂੰ ਸਿੱਖ ਪੰਥ ਦੀਆਂ ਸਮੂਹ ਨਿਹੰਗ ਜਥੇਬੰਦੀਆਂ, ਟਕਸਾਲਾਂ, ਸੰਪਰਾਇਵਾਂ, ਸਭਾ ਸੋਸਾਇਟੀਆਂ ਵੱਲੋਂ ਮਰਿਆਦਾ ਦੀ ਉਲੰਘਣਾ ਕਰਾਰ ਦੇ ਕੇ ਸਹਿਮਤੀ ਦੇਣ ਤੋਂ ਲਗਾਤਾਰ ਇਨਕਾਰ ਕਰਦਿਆਂ ਜਥੇਦਾਰ ਦਾ ਵਿਰੋਧ ਕੀਤਾ ਜਾ ਰਿਹਾ ਸੀ। ਨਿਹੰਗ ਸਿੰਘ ਜਥੇਬੰਦੀਆਂ ਅਤੇ ਦਮਦਮੀ ਟਕਸਾਲ ਕਈ ਮਹੱਤਤਪੂਰਨ ਮੌਕਿਆਂ ਤੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਕੋਲੋ ਸਨਮਾਨ ਲੈਣਾ ਵੀ ਬੰਦ ਕੀਤਾ ਹੋਇਆ ਸੀ। ਜਿਸ ਕਰ ਕੇ ਸ਼੍ਰੋਮਣੀ ਕਮੇਟੀ ਨੂੰ ਅਜਿਹੇ ਪੈਦਾ ਹੋਏ ਹਾਲਾਤ ਕਰ ਕੇ ਨਮੋਸ਼ੀਜਨਕ ਸਥਿਤੀਆਂ ਦਾ ਸਾਹਮਣਾ ਕਰਨ ਲਈ ਮਜ਼ਬੂਰ ਹੋਣਾ ਪੈ ਰਿਹਾ ਸੀ ਪਰ ਇਨ੍ਹਾਂ ਹਲਾਤਾਂ ਨੂੰ ਮੋੜਾ ਦੇਣ ਲਈ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਲਗਾਤਾਰ ਯਤਨਸ਼ੀਲ ਸਨ।

ਇਹ ਵੀ ਪੜ੍ਹੋ: ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਭਾਜਪਾ ਦਾ ਸੀਨੀਅਰ ਆਗੂ 'ਆਪ' 'ਚ ਸ਼ਾਮਲ
ਮਿਲੀ ਜਾਣਕਾਰੀ ਮੁਤਾਬਕ ਐਡਵੋਕੇਟ ਧਾਮੀ ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਸੰਪਰਾਦਿ, ਸਭਾ ਸੋਸਾਇਟੀਆਂ ਦੇ ਨੁਮਾਇੰਦਿਆਂ ਨੂੰ ਪੰਥਕ ਹਲਾਤ ਦਾ ਵਾਸਤਾ ਅਤੇ ਸ਼ਹੀਦੀ ਸ਼ਤਾਬਦੀ ਸਮਾਗਮਾਂ ਦਾ ਹਵਾਲਾ ਦਿੰਦਿਆਂ ਸਿੰਘ ਸਾਹਿਬ ਦੀ ਨਿਯੁਕਤੀ ਨੂੰ ਪ੍ਰਵਾਨਗੀ ਦੇਣ ਲਈ ਰਾਜੀ ਕਰਨ ’ਚ ਸਫ਼ਲ ਹੋਏ ਹਨ। ਜਿਨ੍ਹਾਂ ਦੀ ਸਹਿਮਤੀ ਤੋਂ ਬਾਅਦ ਸ਼੍ਰੋਮਣੀ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਅੱਜ 25 ਅਕਤੂਬਰ ਨੂੰ ਸਿੰਘ ਸਾਹਿਬ ਦੀ ਤਾਜਪੋਸ਼ੀ ਲਈ ਸਮਾਗਮ ਰੱਖਿਆ ਗਿਆ ਹੈ ਪਰ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਹਾਲੇ ਵੀ ਸਿੱਖ ਪੰਥ ਦੀਆਂ ਕਰੀਬ ਦਰਜਨ ਤੋਂ ਵੱਧ ਜਥੇਬੰਦੀਆਂ, ਕਾਰ ਸੇਵਾ ਸੰਪਰਾਦਿ ਅਤੇ ਸਭਾ ਸੋਸਾਇਟੀਆਂ ਜਿਨ੍ਹਾਂ ’ਚ ਦਮਦਮੀ ਟਕਸਾਲ ਦੇ ਮੁਖੀ ਗਿਆਨੀ ਹਰਨਾਮ ਸਿੰਘ ਖ਼ਾਲਸਾ ਤੋਂ ਇਲਾਵਾ ਦਮਦਮੀ ਟਕਸਾਲ ਅਜਨਾਲਾ ਧੜਾ, ਰਤਵਾੜਾ ਸਾਹਿਬ, ਰਾਮਪੁਰ ਖੇੜਾ ਸੰਪਰਾਦਾ, ਬਾਬਾ ਬੁੱਧ ਸਿੰਘ ਨਿੱਕੇਘੁੰਮਣਾ ਵਾਲੇ, ਜਥਾ ਰੰਧਾਵਾ ਵਾਲੇ, ਡੇਰਾ ਅਲਹੋਰਾ ਵਾਲਿਆਂ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ: ਦਰਿਆ ਬਿਆਸ ਦੇ ਬਦਲਵੇਂ ਰੁੱਖ ਨੇ ਕੀਤਾ ਉਜਾੜਾ! 30 ਲੱਖ ਖ਼ਰਚ ਕੇ ਹੱਥੀਂ ਬਣਾਇਆ ਘਰ ਕਰਨਾ ਪੈ ਰਿਹੈ ਢਹਿ-ਢੇਰੀ
ਸੂਤਰਾਂ ਦਾ ਕਹਿਣਾ ਹੈ ਕਿ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਅੱਜ ਹੋਣ ਵਾਲੇ ਸੇਵਾ ਸੰਭਾਲ ਸਮਾਗਮ ’ਚ ਉਕਤ ਜਥੇਬੰਦੀਆਂ ਦੇ ਮੁਖੀ ਜਾਂ ਉਨ੍ਹਾਂ ਦੇ ਕਿਸੇ ਨੁਮਾਇੰਦੇ ਦੇ ਸ਼ਾਮਲ ਹੋਣ ਦੀਆਂ ਹਾਲੇ ਤੱਕ ਕੋਈ ਸੰਭਾਵਨਾਵਾਂ ਨਹੀਂ ਹਨ, ਜਿਸ ਕਰਕੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਨਿਯੁਕਤੀ ਹਾਲੇ ਵੀ ਸਵਾਲਾਂ ਦੇ ਘੇਰੇ ’ਚ ਉਲਝੀ ਦਿਖਾਈ ਦਿੰਦੀ ਹੈ। ਬਾਕੀ ਦੀ ਸਥਿਤੀ ਤਖ਼ਤ ਸਾਹਿਬ ਵਿਖੇ ਅੱਜ ਹੋਣ ਵਾਲੇ ਤਾਜਪੋਸ਼ੀ ਸਮਾਗਮ ਤੋਂ ਸਪਸ਼ਟ ਹੋ ਜਾਵੇਗੀ।
ਇਹ ਵੀ ਪੜ੍ਹੋ: ਪੰਜਾਬ 'ਚ ਸਸਪੈਂਡ SHO ਦੀਆਂ ਵਧੀਆਂ ਮੁਸ਼ਕਿਲਾਂ! ਹੁਣ ਕੀਤੀ ਗਈ ਇਹ ਵੱਡੀ ਕਾਰਵਾਈ, ਮਚੀ ਤੜਥੱਲੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
