ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਜਥੇਦਾਰ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ
Monday, Jan 24, 2022 - 10:59 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ)-ਪੰਜਾਬ ’ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਇਸ ਦਰਮਿਆਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਇਹ ਬੇਅਦਬੀਆਂ ਕੌਣ ਕਰਵਾ ਰਿਹਾ ਹੈ ਤੇ ਇਨ੍ਹਾਂ ਦੇ ਪਿੱਛੇ ਕੌਣ ਸਾਜ਼ਿਸ਼ਕਰਤਾ ਹੈ, ਇਹ ਖੋਜ ਕਰਨ ’ਚ ਸਰਕਾਰ ਬੁਰੀ ਤਰ੍ਹਾਂ ਅਸਫਲ ਹੋਈ ਹੈ। ਉਨ੍ਹਾਂ ਕਿਹਾ ਕਿ ਭਾਰਤ ਸਰਕਾਰ ਦੀਆਂ ਏਜੰਸੀਆਂ ਬੁਰੀ ਤਰ੍ਹਾਂ ਫੇਲ੍ਹ ਹੋ ਗਈਆਂ ਹਨ। ਉਨ੍ਹਾਂ ਕਿਹਾ ਕਿ ਜਿਹੜਾ ਵੀ ਦੋਸ਼ੀ ਮੌਕੇ ’ਤੇ ਫੜਿਆ ਜਾਂਦਾ ਹੈ, ਉਸ ਨੂੰ ਪ੍ਰਸ਼ਾਸਨ ਵੱਲੋਂ ਪਾਗਲ ਕਰਾਰ ਦੇ ਦਿੱਤਾ ਜਾਂਦਾ ਹੈ। ਭਾਰਤ ਸਰਕਾਰ ਤੇ ਪੰਜਾਬ ਸਰਕਾਰ ਦਾ ਤੰਤਰ ਬੁਰੀ ਤਰ੍ਹਾਂ ਫੇਲ੍ਹ ਹੋਇਆ ਹੈ। ਉਨ੍ਹਾਂ ਕਿਹਾ ਕਿ ਜੇ ਵੱਡੇ-ਵੱਡੇ ਘਪਲਿਆਂ ਦਾ ਪਰਦਾਫਾਸ਼ ਹੋ ਜਾਂਦਾ ਹੈ ਤਾਂ ਸਿੱਖਾਂ ਦੇ ਮਾਮਲੇ ’ਚ ਦੋਸ਼ੀਆਂ ਨੂੰ ਏਜੰਸੀਆਂ ਕਿਉਂ ਨਹੀਂ ਫੜ ਰਹੀਆਂ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਚਿੰਤਾ ਦਾ ਵਿਸ਼ਾ ਹੈ। ਇਸ ਤਰ੍ਹਾਂ ਲੱਗ ਰਿਹਾ ਹੈ, ਜਿਵੇਂ ਜਾਣਬੁੱਝ ਕੇ ਸਿੱਖ ਮਨਾਂ ਨੂੰ ਠੇਸ ਪਹੁੰਚਾਉਣ ਲਈ ਇਹ ਸਭ ਕੀਤਾ ਜਾ ਰਿਹਾ ਹੈ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪਟਿਆਲਾ ਦੇ ਸ਼੍ਰੀ ਕਾਲੀ ਮਾਤਾ ਮੰਦਰ ’ਚ ਬੇਅਦਬੀ ਦੀ ਕੋਸ਼ਿਸ਼ (ਵੀਡੀੇਓ)
ਉਨ੍ਹਾਂ ਕਿਹਾ ਕਿ ਸਿੱਖਾਂ ਨੂੰ ਧਾਰਮਿਕ, ਸਮਾਜਿਕ ਤੇ ਆਰਥਿਕ ਤੌਰ ’ਤੇ ਖ਼ਤਮ ਕਰਨ ਲਈ ਇਸ ਤਰ੍ਹਾਂ ਦੀਆਂ ਘਿਨੌਣੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਅਸੀਂ ਭਾਰਤ ਸਰਕਾਰ ਨੂੰ ਇਹੀ ਕਹਿਣਾ ਚਾਹੁੰਦੇ ਹਾਂ ਕਿ ਆਪਣੀ ਸਾਰੀਆਂ ਏਜੰਸੀਆਂ ਤੇ ਸਾਰੀ ਤਾਕਤ ਦੋਸ਼ੀਆਂ ਦਾ ਖੁਰਾ ਖੋਜ ਲੱਭਣ ਲਈ ਤੇ ਖਾਸ ਤੌਰ ’ਤੇ ਇਨ੍ਹਾਂ ਦੋਸ਼ੀਆਂ ਦੇ ਪਿੱਛੇ ਜਿਹੜੇ ਸਾਜ਼ਿਸ਼ਕਰਤਾ ਆਪਣਾ ਘਿਨੌਣਾ ਚਿਹਰਾ ਲੁਕੋ ਕੇ ਬੈਠੇ ਹਨ, ਨੂੰ ਸਾਹਮਣੇ ਲਿਆਂਦਾ ਜਾਵੇ। ਉਨ੍ਹਾਂ ਗੁਰਦੁਆਰਾ ਕਮੇਟੀਆਂ ਤੇ ਸਿੱਖ ਸੰਗਤਾਂ ਨੂੰ ਅਪੀਲ ਕੀਤੀ ਕਿ ਸਾਵਧਾਨੀ ਵਰਤਣ ਤੇ ਸੀ. ਸੀ. ਟੀ. ਵੀ. ਕੈਮਰੇ ਲਗਵਾਏ ਜਾਣ ਤਾਂ ਕਿ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਨਮਾਨ ਨੂੰ ਢਾਅ ਲਾਉਣ ਦੀ ਕੋਈ ਕੋਸ਼ਿਸ਼ ਨਾ ਕਰ ਸਕੇ। ਜ਼ਿਕਰਯੋਗ ਹੈ ਕਿ ਬੀਤੇ ਦਿਨ ਅਜਨਾਲਾ ਦੇ ਇਕ ਪਿੰਡ ’ਚ ਵੀ ਬੇਅਦਬੀ ਦੀ ਮੰਦਭਾਗੀ ਘਟਨਾ ਵਾਪਰੀ ਸੀ।
ਇਹ ਵੀ ਪੜ੍ਹੋ : ਪ੍ਰਤਾਪ ਬਾਜਵਾ ਦੇ ਕੈਪਟਨ ’ਤੇ ਤਿੱਖੇ ਨਿਸ਼ਾਨੇ, ਕਿਹਾ-ਭਾਜਪਾ ਨਾਲ ਜਾ ਕੇ ਹੋਇਆ ‘ਸਟੈਂਡਲੈੱਸ’ (ਵੀਡੀਓ)