ਨਗਰ ਕੀਰਤਨ ਦਾ ਉਦੇਸ਼ ਆਉਣ ਵਾਲੀ ਪੀੜ੍ਹੀ ਨੂੰ ਗੁਰੂ ਨਾਲ ਜੋੜਨਾ: ਜਥੇਦਾਰ ਗੜਗੱਜ
Wednesday, Sep 02, 2026 - 04:26 PM (IST)
ਮਾਛੀਵਾੜਾ ਸਾਹਿਬ (ਟੱਕਰ): ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਦੇ ਦਿਵਸ ਨੂੰ ਸਮਰਪਿਤ ਮੀਰੀ ਪੀਰੀ ਖਾਲਸਾ ਮਾਰਚ ਜੋ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਤੋਂ ਸ਼ੁਰੂ ਹੋਇਆ ਸੀ, ਉਹ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਧਰਤੀ ਮਾਛੀਵਾੜਾ ਸਾਹਿਬ ਵਿਖੇ ਪੁੱਜਾ। ਇਸ ਖਾਲਸਾ ਮਾਰਚ ਵਿਚ ਵਿਸ਼ੇਸ਼ ਤੌਰ ’ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਹੋਰ ਧਾਰਮਿਕ ਸਖ਼ਸ਼ੀਅਤਾਂ ਸ਼ਾਮਲ ਸਨ।
ਜਿਉਂ ਹੀ ਖਾਲਸਾ ਮਾਰਚ ਮਾਛੀਵਾੜਾ ਸਾਹਿਬ ਪੁੱਜਾ ਤਾਂ ਆੜ੍ਹਤੀ ਐਸੋਸ਼ੀਏਸ਼ਨ ਵਲੋਂ ਭਰਵਾਂ ਸਵਾਗਤ ਕੀਤਾ ਗਿਆ। ਇਸ ਤੋਂ ਇਲਾਵਾ ਮਾਛੀਵਾੜਾ ਪੁਲਸ ਥਾਣਾ ਵਿਖੇ ਡੀ.ਐੱਸ.ਪੀ. ਪ੍ਰਿਤਪਾਲ ਸਿੰਘ ਅਤੇ ਥਾਣਾ ਮੁਖੀ ਕਰਮਜੀਤ ਸਿੰਘ ਨੇ ਸਵਾਗਤ ਕੀਤਾ ਅਤੇ ਪੁਲਸ ਪਾਰਟੀ ਵਲੋਂ ਸਲਾਮੀ ਦਿੱਤੀ ਗਈ। ਇਤਿਹਾਸਕ ਗੁਰਦੁਆਰਾ ਗਨੀ ਖਾਂ ਨਬੀ ਖਾਂ ਸਾਹਿਬ ਪੁੱਜਣ ’ਤੇ ਸੰਗਤਾਂ ਵੱਲੋਂ ਬਾਬਾ ਲਖਵੀਰ ਸਿੰਘ ਲੱਖਾ ਕਾਰ ਸੇਵਾ ਵਾਲਿਆਂ ਨੇ ਪੰਜ ਪਿਆਰਿਆਂ ਨੂੰ ਸਿਰੋਪਾਓ ਪਾ ਕੇ ਸਵਾਗਤ ਕੀਤਾ। ਚਰਨ ਕੰਵਲ ਸਾਹਿਬ ਚੌਂਕ ਵਿਖੇ ਸਮੂਹ ਦੁਕਾਨਦਾਰਾਂ ਨੇ ਖਾਲਸਾ ਮਾਰਚ ਦਾ ਸਵਾਗਤ ਕੀਤਾ ਅਤੇ ਜਥੇਦਾਰ ਗੜਗੱਜ ਅਤੇ ਪੰਜ ਪਿਆਰਿਆਂ ਨੂੰ ਸਿਰੋਪਾਓ ਭੇਟ ਕੀਤੇ। ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਪੁੱਜਣ ’ਤੇ ਅਕਾਲੀ ਦਲ ਦੇ ਮੁੱਖ ਸੇਵਾਦਾਰ ਪਰਮਜੀਤ ਸਿੰਘ ਢਿੱਲੋਂ, ਹਰਜਤਿੰਦਰ ਸਿੰਘ ਬਾਜਵਾ, ਰਣਜੀਤ ਸਿੰਘ ਮੰਗਲੀ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ) ਨੇ ਖਾਲਸਾ ਮਾਰਚ ਦਾ ਸਵਾਗਤ ਕੀਤਾ। ਇਤਿਹਾਸਕ ਗੁਰਦੁਆਰਾ ਸ੍ਰੀ ਚਰਨ ਕੰਵਲ ਸਾਹਿਬ ਵਿਖੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਅਤੇ ਖਾਲਸਾ ਮਾਰਚ ’ਚ ਸ਼ਾਮਲ ਸੰਗਤ ਨਤਮਸਤਕ ਹੋਈ ਅਤੇ ਇੱਥੇ ਸ਼੍ਰੋਮਣੀ ਕਮੇਟੀ ਵਲੋਂ ਸੰਗਤ ਲਈ ਵਿਸ਼ੇਸ਼ ਤੌਰ ’ਤੇ ਲੰਗਰ ਦੇ ਪ੍ਰਬੰਧ ਕੀਤੇ ਗਏ ਸਨ। ਸਾਰੇ ਰਸਤੇ ਵਿਚ ਮਾਛੀਵਾੜਾ ਸਾਹਿਬ ਦੀਆਂ ਸੰਗਤਾਂ ਵੱਲੋਂ ਫੁੱਲਾਂ ਦੀ ਵਰਖਾ ਕਰਕੇ ਪਾਲਕੀ ਸਾਹਿਬ ’ਚ ਸੁਸ਼ੋਭਿਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਸੀਸ ਝੁਕਾਇਆ। ਇਹ ਖਾਲਸਾ ਮਾਰਚ ਅਗਲੇ ਪੜਾਅ ਲਈ ਰਵਾਨਾ ਹੋ ਗਿਆ।
ਇਸ ਮੌਕੇ ਸੰਗਤਾਂ ਨੂੰ ਸੰਬੋਧਨ ਕਰਦਿਆਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਇਹ ਨਗਰ ਕੀਰਤਨ ਦਾ ਮੁੱਖ ਉਦੇਸ਼ ਸਾਡੀ ਆਉਣ ਵਾਲੀ ਪੀੜ੍ਹੀ ਜਿਸ ਵਿਚ ਨੌਜਵਾਨ ਤੇ ਬੱਚੇ ਸ਼ਾਮਲ ਹਨ ਉਨ੍ਹਾਂ ਨੂੰ ਬਾਣੀ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ਅੱਜ ਪੰਜਾਬ ਵਿਚ ਵਧ ਰਿਹਾ ਨਸ਼ਿਆਂ ਦਾ ਪ੍ਰਕੋਪ ਚਿੰਤਾ ਦਾ ਵਿਸ਼ਾ ਹੈ ਜਿਸ ਦੀ ਰੋਕਥਾਮ ਲਈ ਧਾਰਮਿਕ ਸੰਸਥਾਵਾਂ ਵੱਲੋਂ ਗੁਰੂ ਸਾਹਿਬਾਨਾਂ ਨੂੰ ਸਮਰਪਿਤ ਅਜਿਹੇ ਖਾਲਸਾ ਮਾਰਚ ਸਜਾ ਕੇ ਉਪਰਾਲੇ ਕੀਤੇ ਜਾ ਰਹੇ ਹਨ ਉੱਥੇ ਸਰਕਾਰਾਂ ਨੂੰ ਨਸ਼ਾ ਤਸਕਰੀ ਰੋਕਣ ਲਈ ਸਖ਼ਤ ਕਦਮ ਉਠਾਉਣ ਦੀ ਲੋੜ ਹੈ। ਜਥੇਦਾਰ ਗੜਗੱਜ ਨੇ ਕਿਹਾ ਕਿ ਉਹ ਸਿੱਖ, ਹਿੰਦੂ ਸਮੂਹ ਭਾਈਚਾਰੇ ਦੀ ਚੜ੍ਹਦੀਕਲਾ ਲਈ ਹਮੇਸ਼ਾ ਅਰਦਾਸ ਕਰਦੇ ਹਨ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਜਾਤੀਵਾਲ, ਮੈਨੇਜਰ ਜਸਵੀਰ ਸਿੰਘ ਮੰਗਲੀ, ਸਾਬਕਾ ਪ੍ਰਧਾਨ ਹਰਜਿੰਦਰ ਸਿੰਘ ਖੇੜਾ, ਟਹਿਲ ਸਿੰਘ ਔਜਲਾ, ਅਰਵਿੰਦਰਪਾਲ ਸਿੰਘ ਵਿੱਕੀ, ਜਸਪਾਲ ਸਿੰਘ ਜੱਜ, ਹਰਦੀਪ ਸਿੰਘ ਬਹਿਲੋਲਪੁਰ, ਮਨਜੀਤ ਸਿੰਘ ਮੱਕੜ, ਹਰਜਿੰਦਰ ਸਿੰਘ ਗਿੱਲ, ਜਸਵੀਰ ਸਿੰਘ ਗਿੱਲ, ਉਪਜਿੰਦਰ ਸਿੰਘ ਔਜਲਾ ਵੀ ਹਾਜ਼ਰ ਸਨ।
ਸਿੱਖੀ ਸਰੂਪ ਵਿਚ ਸਜੇ ਬੱਚਿਆਂ ਨੂੰ ਜਥੇਦਾਰ ਗੜਗੱਜ ਨੇ ਸਿਰੋਪਾਓ ਭੇਟ ਕੀਤੇ
ਮੀਰੀ ਪੀਰੀ ਖ਼ਾਲਸਾ ਮਾਰਚ ’ਚ ਸ਼ਾਮਲ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਮਾਛੀਵਾੜਾ ਸਾਹਿਬ ਵਿਚ ਸਵਾਗਤ ਦੌਰਾਨ ਕਈ ਥਾਵਾਂ ’ਤੇ ਸੰਗਤਾਂ ਨੂੰ ਗੁਰਬਾਣੀ ਅਤੇ ਸਿੱਖੀ ਸਵਰੂਪ ਵਿਚ ਸਜਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਜਿਹੜੇ ਬੱਚੇ ਸਿੱਖੀ ਸਵਰੂਪ ਵਿਚ ਸਜੇ ਸਨ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਸਿਰੋਪੇ ਭੇਟ ਕੀਤੇ ਅਤੇ ਉਨ੍ਹਾਂ ਨੂੰ ਬਾਣੀ ਪੜ੍ਹਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਬੱਚਿਆਂ ਦੇ ਮਾਪਿਆਂ ਨੂੰ ਵੀ ਅਪੀਲ ਕੀਤੀ ਕਿ ਉਹ ਪਤਿਤਪੁਣੇ ਦਾ ਸ਼ਿਕਾਰ ਹੋ ਰਹੇ ਬੱਚਿਆਂ ਨੂੰ ਸਿੱਖੀ ਨਾਲ ਜੋੜਨ।
