ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਨਵਨਿਯੁਕਤ ਜਥੇਦਾਰ ਗਿਆਨੀ ਕੁਲਦੀਪ ਸਿੰਘ ਭਲਕੇ ਸੰਭਾਲਣਗੇ ਸੇਵਾ
Saturday, Mar 08, 2025 - 11:59 PM (IST)

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਵੱਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਨਿਯੁਕਤ ਕੀਤੇ ਗਏ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ 10 ਮਾਰਚ ਨੂੰ ਸੇਵਾ ਸੰਭਾਲਣਗੇ। ਸ਼੍ਰੋਮਣੀ ਕਮੇਟੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਵਜੋਂ ਸੇਵਾ ਸੰਭਾਲਣ ਸਬੰਧੀ 10 ਮਾਰਚ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਸਵੇਰੇ 10 ਵਜੇ ਸਮਾਗਮ ਰੱਖਿਆ ਗਿਆ ਹੈ, ਜਿਸ ਵਿਚ ਸਮੂਹ ਪੰਥਕ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਸਿੱਖ ਸੰਪਰਦਾਵਾਂ, ਗੁਰਮਤਿ ਟਕਸਾਲਾਂ, ਸਿੱਖ ਸੰਸਥਾਵਾਂ ਦੇ ਨੁਮਾਇੰਦਿਆਂ ਸਣੇ ਪੰਥਕ ਆਗੂ, ਸੰਤ-ਮਹਾਪੁਰਸ਼ ਤੇ ਸੰਗਤ ਸ਼ਾਮਲ ਹੋਵੇਗੀ। ਪ੍ਰਤਾਪ ਸਿੰਘ ਨੇ ਪੰਥਕ ਸ਼ਖਸੀਅਤਾਂ ਨੂੰ ਸਮਾਗਮ ਵਿੱਚ ਪਹੁੰਚਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੇਵਾ ਸੰਭਾਲ ਸਮਾਗਮ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ, ਜਿਸ ਸਬੰਧ ਵਿੱਚ ਸਮੂਹ ਤਖ਼ਤ ਸਾਹਿਬਾਨ ਦੇ ਸਿੰਘ ਸਾਹਿਬ ਅਤੇ ਪੰਥਕ ਜਥੇਬੰਦੀਆਂ ਨੂੰ ਸੱਦੇ ਪੱਤਰ ਭੇਜੇ ਜਾ ਚੁੱਕੇ ਹਨ।