ਬਹਿਰਾਮਪੁਰ ਵਿਖੇ ਹੋਈ ਬੇਅਦਬੀ ’ਤੇ ਜਥੇਦਾਰ ਰਘਬੀਰ ਸਿੰਘ ਨੇ ਦਿੱਤੀ ਤਿੱਖੀ ਪ੍ਰਤੀਕਿਰਿਆ
Tuesday, Jul 18, 2023 - 05:57 AM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ) : ਕਸਬਾ ਬਹਿਰਾਮਪੁਰ ਵਿਖੇ ਹੋਈ ਬੇਅਦਬੀ ਦੀ ਘਟਨਾ ਸਬੰਧੀ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ‘ਜਗ ਬਾਣੀ’ ਨੂੰ ਲਿਖਤੀ ਪ੍ਰੈੱਸ ਨੋਟ ਰਾਹੀਂ ਕਿਹਾ ਕਿ ਜੋ ਪਿੰਡ ਬਹਿਰਾਮਪੁਰ (ਗੁਰਦਾਸਪੁਰ) ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੀ ਬੇਅਦਬੀ ਦੀ ਘਟਨਾ ਵਾਪਰੀ ਹੈ, ਦੀ ਸਖ਼ਤ ਸ਼ਬਦਾਂ ’ਚ ਨਿਖੇਧੀ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੇਅਦਬੀ ਦੀਆਂ ਘਟਨਾਵਾਂ ਇਕ ਬਹੁਤ ਹੀ ਚਿੰਤਾ ਦਾ ਵਿਸ਼ਾ ਬਣਦਾ ਜਾ ਰਿਹਾ ਹੈ। ਆਏ ਦਿਨ ਕੋਈ ਨਾ ਕੋਈ ਬੇਅਦਬੀ ਦੀ ਘਟਨਾ ਵਾਪਰ ਜਾਂਦੀ ਹੈ, ਜਿਸ ਕਾਰਨ ਸਿੱਖ ਸੰਗਤਾਂ ਦੇ ਹਿਰਦੇ ਵਲੂੰਧਰੇ ਜਾਂਦੇ ਹਨ। ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀਆਂ ਵਧ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਦਮ ਚੁੱਕਣੇ ਚਾਹੀਦੇ ਹਨ, ਇਹ ਕੋਈ ਸੋਚੀ ਸਮਝੀ ਸਾਜ਼ਿਸ਼ ਦਾ ਹਿੱਸਾ ਹੈ। ਇਨ੍ਹਾਂ ਘਟਨਾਵਾਂ ਨੂੰ ਸੋਚੀ-ਸਮਝੀ ਸਾਜ਼ਿਸ਼ ਤਹਿਤ ਹੀ ਪੰਥ ਦੋਖੀਆਂ ਵੱਲੋਂ ਅੰਜਾਮ ਦਿੱਤਾ ਜਾ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ : ਮੁੱਖ ਮੰਤਰੀ ਭਗਵੰਤ ਮਾਨ ਨੇ ਸੁਖਬੀਰ ਬਾਦਲ ’ਤੇ ਵਿੰਨ੍ਹੇ ਤਿੱਖੇ ਨਿਸ਼ਾਨੇ, ਜਾਣੋ ਪੂਰਾ ਮਾਮਲਾ
ਜਥੇਦਾਰ ਨੇ ਕਿਹਾ ਕਿ ਸਰਕਾਰ ਅਤੇ ਪ੍ਰਸ਼ਾਸਨ ਸਖ਼ਤ ਕਾਰਵਾਈ ਕਰਦਿਆਂ ਅਜਿਹੇ ਸਾਜ਼ਿਸ਼ਕਰਤਾਵਾਂ ਅਤੇ ਘਿਨੌਣੀਆਂ ਘਟਨਾਵਾਂ ਨੂੰ ਅੰਜਾਮ ਦੇਣ ਵਾਲਿਆਂ ਨੂੰ ਬੇਪਰਦ ਕਰੇ ਤਾਂ ਜੋ ਕੋਈ ਅਜਿਹੀਆਂ ਹਰਕਤਾਂ ਦੁਬਾਰਾ ਕਰਨ ਦੀ ਕੋਈ ਹਿੰਮਤ ਨਾ ਕਰੇ। ਸਿੰਘ ਸਾਹਿਬ ਨੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਵੀ ਸਖ਼ਤ ਹਦਾਇਤ ਕਰਦਿਆਂ ਕਿਹਾ ਕਿ ਉਹ ਸੁਚੇਤ ਹੋ ਕੇ ਸੇਵਾ ਸੰਭਾਲ ਕਰਨ ਅਤੇ ਹਰ ਵੇਲੇ ਇਕ ਸਿੰਘ ਗੁਰੂ ਸਾਹਿਬ ਜੀ ਦੀ ਹਜ਼ੂਰੀ ਵਿਚ ਤਾਇਨਾਤ ਰਹੇ।