ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

Tuesday, Aug 13, 2024 - 06:30 PM (IST)

ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਵੱਲੋਂ ਰਾਜੋਆਣਾ ਨਾਲ ਮੁਲਾਕਾਤ

ਪਟਿਆਲਾ : ਕੇਂਦਰੀ ਜੇਲ੍ਹ ਪਟਿਆਲਾ ’ਚ ਸਜ਼ਾਯਾਫਤਾ ਬਲਵੰਤ ਸਿੰਘ ਰਾਜੋਆਣਾ ਨਾਲ ਅੱਜ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਮੁਲਾਕਾਤ ਕੀਤੀ। ਮੁਲਾਕਾਤ ਦੌਰਾਨ ਬਲਵੰਤ ਸਿੰਘ ਰਾਜੋਆਣਾ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਲਿਆਂਦੀ ਗਈ ਕੜ੍ਹਾਹ ਪ੍ਰਸ਼ਾਦ ਦੀ ਦੇਗ ਅਤੇ ਪਵਿੱਤਰ ਸਰੋਵਰ ਦਾ ਜਲ ਭੇਂਟ ਕੀਤਾ ਗਿਆ। ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਨਾਲ ਕੀਤੀ ਗਈ ਮੁਲਾਕਾਤ ਉਨ੍ਹਾਂ ਦੀ ਸਿਹਤਯਾਬੀ ਅਤੇ ਪਰਿਵਾਰਕ ਮਿਲਣੀ ਸੀ ਇਸ ਨੂੰ ਹੋਰ ਪੱਖ ਤੋਂ ਨਹੀਂ ਲਿਆ ਜਾਣਾ ਚਾਹੀਦਾ। ਮੁਲਾਕਾਤ ਤੋਂ ਪਹਿਲਾਂ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਅਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਗੁਰਦੁਆਰਾ ਸ੍ਰੀ ਦੂਖਨਿਵਾਰਨ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਭਾਈ ਗੋਬਿੰਦ ਸਿੰਘ ਲੌਂਗੋਵਾਲ, ਅਤ੍ਰਿੰਗ ਕਮੇਟੀ ਮੈਂਬਰ ਜਥੇਦਾਰ ਜਸਮੇਰ ਸਿੰਘ ਲਾਛੜੂ, ਜਥੇਦਾਰ ਸੁਰਜੀਤ ਸਿੰਘ ਗੜ੍ਹੀ, ਐਡਵੋਕੇਟ ਭਗਵੰਤ ਸਿੰਘ ਸਿਆਲਕਾ ਵੀ ਮੌਜੂਦ ਸਨ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡਾ ਬਲਾਸਟ, ਹਿਲ ਗਿਆ ਪੂਰਾ ਇਲਾਕਾ

ਮੁਲਾਕਾਤ ਉਪਰੰਤ ਜੇਲ੍ਹ ਤੋਂ ਬਾਹਰ ਗੱਲਬਾਤ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਰੋਹਤਕ ਜੇਲ੍ਹ ’ਚ ਸੰਗੀਨ ਦੋਸ਼ਾਂ ਤਹਿਤ ਸਜ਼ਾ ਭੁਗਤ ਰਹੇ ਰਾਮ ਰਹੀਮ ਨੂੰ ਵਾਰ-ਵਾਰ ਪੈਰੋਲ ਦੇਣ ਪਿੱਛੇ ਹਰਿਆਣਾ ਸਰਕਾਰ ਦਾ ਸਿਆਸੀ ਏਜੰਡਾ ਵਿਖਾਈ ਦੇ ਰਿਹਾ ਹੈ। ਉਨ੍ਹਾਂ ਕਿਹਾ ਕਿ ਰਾਮ ਰਹੀਮ ਨੂੰ ਦਿੱਤੀ ਜਾ ਰਹੀ ਪੈਰੋਲ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਮੇਤ ਸਿੱਖ ਸੰਗਤਾਂ ਆਪਣਾ ਸਖ਼ਤ ਇਤਰਾਜ਼ ਦਰਜ ਕਰ ਰਹੀਆਂ ਹਨ ਪਰ ਹਰਿਆਣਾ ਸਰਕਾਰ ਕਾਨੂੰਨ ’ਚ ਤਰਮੀਮ ਲਿਆ ਕੇ ਪੈਰੋਲ ਵਰਗੀ ਰਾਹਤ ਰਾਮ ਰਹੀਮ ਨੂੰ ਦਿਵਾ ਰਹੀ ਹੈ ਅਜਿਹਾ ਕਦਮ ਮੰਦਭਾਗਾ ਵਰਤਾਰਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਕਿਹਾ ਕਿ ਹਰਿਆਣਾ ਦੀ ਭਾਜਪਾ ਸ਼ਾਸਤ ਸਰਕਾਰ ਰਾਮ ਰਹੀਮ ਨੂੰ ਰਾਹਤ ਦੇ ਕੇ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨਾਲ ਖਿਲਵਾੜ ਕਰਨ ਤੋਂ ਇਲਾਵਾ ਸਰਵ ਉਚ ਅਦਾਲਤ ਤੱਕ ਨੂੰ ਗੁੰਮਰਾਹ ਕਰਨ ਦਾ ਕੰਮ ਕਰ ਰਹੀ ਹੈ ਤਾਂ ਕਿ ਹਰਿਆਣਾ ਦੀਆਂ ਭਵਿੱਖੀ ਚੋਣਾਂ ਦੌਰਾਨ ਸਰਕਾਰ ਆਪਣਾ ਸਿਆਸੀ ਲਾਹਾ ਪੂਰਾ ਕਰ ਸਕੇ।

ਐਡਵੋਕੇਟ ਧਾਮੀ ਨੇ ਇਕ ਸਵਾਲ ਦੇ ਜਵਾਬ ’ਚ ਕਿਹਾ ਕਿ ਜੇਲ੍ਹਾਂ ’ਚ ਨਜ਼ਰਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਲੈ ਕੇ ਸਰਕਾਰਾਂ ਦੋਹਰੇ ਮਾਪਦੰਡ ਅਪਨਾ ਰਹੀਆਂ, ਇਥੋਂ ਤੱਕ ਕਿ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਮਸਲੇ ਸਮੇਤ ਪੰਥਕ ਮਸਲਿਆਂ ਨੂੰ ਲੈ ਕੇ ਸਿੱਖਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਕਮੇਟੀ ਦਾ ਇਕ ਵਫ਼ਦ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਨਾ ਚਾਹੁੰਦਾ ਪਰ ਵਾਰ ਵਾਰ ਭੇਜੇ ਜਾ ਰਹੇ ਚਿੱਠੀ ਪੱਤਰਾਂ ’ਤੇ ਕੋਈ ਜਵਾਬ ਨਾ ਆਉਣਾ ਮੰਦਭਾਗਾ ਹੈ। ਉਨ੍ਹਾਂ ਕਿਹਾ ਕਿ ਦੇਸ਼ ਭਰ ’ਚ ਘੱਟ ਗਿਣਤੀਆਂ ਪ੍ਰਤੀ, ਸਿੱਖ ਕੌਮ ਨਾਲ ਕੀਤੇ ਜਾ ਰਹੇ ਵਿਤਕਰੇ ਅਤੇ ਜੇਲ੍ਹਾਂ ’ਚ ਨਜ਼ਰਬੰਦ ਬੰਦੀ ਸਿੰਘਾਂ ਪ੍ਰਤੀ ਕੇਂਦਰ ’ਚ ਬੈਠੀ ਸਰਕਾਰ ਦਾ ਚਿਹਰਾ ਵੀ ਬੇਨਕਾਬ ਹੋ ਗਿਆ ਹੈ। ਇਸ ਦੌਰਾਨ ਹੋਰਨਾਂ ਤੋਂ ਇਲਾਵਾ ਮੈਨੇਜਰ ਨਿਸ਼ਾਨ ਸਿੰਘ ਜੱਫਰਵਾਲ, ਬਾਬਾ ਇੰਦਰ ਸਿੰਘ ਕਾਰ ਸੇਵਾ ਵਾਲੇ, ਮੀਤ ਮੈਨੇਜਰ ਭਾਗ ਸਿੰਘ ਚੌਹਾਨ, ਸੁਰਜੀਤ ਸਿੰਘ ਕੌਲੀ, ਆਤਮ ਪ੍ਰਕਾਸ਼ ਸਿੰਘ ਬੇਦੀ, ਹਲਕਾ ਇੰਚਾਰਜ ਅਮਰਿੰਦਰ ਸਿੰਘ ਬਜਾਜ, ਸਾਬਕਾ ਚੇਅਰਮੈਨ ਇੰਦਰਮੋਹਨ ਬਜਾਜ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਅਧਿਕਾਰੀ ਤੇ ਸਟਾਫ ਮੈਂਬਰ ਆਦਿ ਸ਼ਾਮਲ ਸਨ। 

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Gurminder Singh

Content Editor

Related News