ਜਥੇਦਾਰ ਦਾਦੂਵਾਲ ਦੇ ਅਕਾਲੀ ਦਲ 'ਤੇ ਰਗੜੇ, ਕਿਹਾ-ਸਿੱਖਾਂ ਦੀ ਆਵਾਜ਼ ਚੁੱਕਣ ਲਈ ਬਣਾਵਾਂਗੇ 'ਅਕਾਲੀ ਦਲ ਹਰਿਆਣਾ'
Friday, Apr 01, 2022 - 06:26 PM (IST)
ਅੰਮ੍ਰਿਤਸਰ (ਗੁਰਿੰਦਰ ਸਾਗਰ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪਿਛਲੇ ਦਿਨੀਂ ਦਿੱਤੇ ਬਿਆਨ ਕਿ ਸ੍ਰੀ ਦਰਬਾਰ ਸਾਹਿਬ ’ਚ ਇਕ ਪ੍ਰਾਈਵੇਟ ਚੈਨਲ ਵੱਲੋਂ ਪ੍ਰਸਾਰਣ ਬੰਦ ਕਰ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਆਪਣਾ ਸੈਟੇਲਾਈਟ ਚੈਨਲ ਬਣਵਾਉਣਾ ਚਾਹੀਦਾ ਹੈ। ਇਸ ਤੋਂ ਬਾਅਦ ਹੀ ਇਸ ’ਤੇ ਸਿਆਸਤ ਗਰਮਾਈ ਹੋਈ ਨਜ਼ਰ ਆ ਰਹੀ ਹੈ। ਅੱਜ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਚ. ਜੀ. ਪੀ. ਸੀ.) ਦੇ ਪ੍ਰਧਾਨ ਬਲਜੀਤ ਸਿੰਘ ਦਾਦੂਵਾਲ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਪੁੱਜੇ। ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਦਿੱਤੇ ਬਿਆਨ ਦਾ ਸਵਾਗਤ ਕੀਤਾ। ਦਾਦੂਵਾਲ ਨੇ ਕਿਹਾ ਕਿ ਇਹ ਬਿਆਨ ਜਿਥੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਬਹੁਤ ਪਹਿਲਾਂ ਦੇ ਦੇਣਾ ਚਾਹੀਦਾ ਹੈ।
ਇਹ ਵੀ ਪੜ੍ਹੋ : ਪੰਜਾਬ ਸਰਕਾਰ ਦੀ ਬਿਜਲੀ ਖ਼ਪਤਕਾਰਾਂ ਨੂੰ ਵੱਡੀ ਰਾਹਤ, ਪੁਰਾਣੀਆਂ ਦਰਾਂ ਹੀ ਰਹਿਣਗੀਆਂ ਲਾਗੂ
ਉਨ੍ਹਾਂ ਕਿਹਾ ਕਿ ਪੰਜ ਵਾਰ ਦੇ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਦੇ ਇਸ ਵਾਰ ਹਾਰ ਜਾਣ ਤੋਂ ਬਾਅਦ ਉਨ੍ਹਾਂ ਨੂੰ ਆਪਣਾ ਪੰਥ ਰਤਨ ਫ਼ਖ਼ਰ-ਏ-ਕੌਮ ਐਵਾਰਡ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਆਪ ਹੀ ਵਾਪਸ ਕਰ ਦੇਣਾ ਚਾਹੀਦਾ ਹੈ ਅਤੇ ਸ਼੍ਰੋਮਣੀ ਕਮੇਟੀ ਦੀਆਂ ਸੰਸਥਾਵਾਂ ਨੂੰ ਛੱਡ ਕੇ ਘਰ ਬੈਠ ਕੇ ਵਾਹਿਗੁਰੂ ਦਾ ਜਾਪ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਕਦੀ ਵੀ ਸ਼੍ਰੋਮਣੀ ਅਕਾਲੀ ਦਲ ਦੀ ਅਜਿਹੀ ਹਾਰ ਨਹੀਂ ਹੋਈ, ਜਿਸ ਤਰ੍ਹਾਂ ਇਸ ਵਾਰ ਹੋਈ ਹੈ। ਉਨ੍ਹਾਂ ਕਿਹਾ ਕਿ ਜਾਂ ਤਾਂ ਸ਼੍ਰੋਮਣੀ ਅਕਾਲੀ ਦਲ ਜਿੱਤਦੀ ਸੀ ਜਾਂ ਫਿਰ ਵਿਰੋਧੀ ਧਿਰ ’ਚ ਆਉਂਦੀ ਸੀ ਪਰ ਇਸ ਵਾਰ ਤਾਂ ਬਾਦਲ ਪਰਿਵਾਰ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਬਹੁਤ ਸਾਦੀ ਹਾਰ ਦਾ ਸਾਹਮਣਾ ਕਰਨਾ ਪਿਆ। ਦਾਦੂਵਾਲ ਨੇ ਅੱਗੇ ਬੋਲਦਿਆਂ ਕਿਹਾ ਕਿ ਇਸ ਦਾ ਕਾਰਨ ਇਹ ਬਣਿਆ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੇ ਜਿੱਤੇ ਹੋਏ ਵਿਧਾਇਕ ਇਕ ਸਕੂਟਰੀ ’ਤੇ ਬੈਠ ਕੇ ਹੀ ਵਿਧਾਨ ਸਭਾ ਪਹੁੰਚ ਸਕਦੇ ਹਨ। ਜਥੇਦਾਰ ਬਲਜੀਤ ਦਾਦੂਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ’ਚ ਦਿੱਲੀ ਦੀ ਤਰਜ਼ ’ਤੇ ਅਕਾਲੀ ਦਲ ਹਰਿਆਣਾ ਵੀ ਸਥਾਪਿਤ ਕੀਤਾ ਜਾਵੇਗਾ, ਜੋ ਹਰਿਆਣਾ ਦੇ ਸਿੱਖਾਂ ਦੀ ਆਵਾਜ਼ ਬੁਲੰਦ ਕਰੇਗਾ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਪੰਜਾਬ ਸਰਕਾਰ ਨੇ 13 ਐੱਸ. ਐੱਸ. ਪੀਜ਼ ਅਤੇ 12 ਡੀ. ਸੀਜ਼ ਦੇ ਕੀਤੇ ਤਬਾਦਲੇ
ਇਸ ਦੇ ਨਾਲ ਹੀ ਉਨ੍ਹਾਂ ਗੱਲਬਾਤ ਕਰਦਿਆਂ ਕਿਹਾ ਕਿ ਇਸ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਪਣਾ ਬਜਟ ਪਾਸ ਕੀਤਾ ਤੇ ਪੰਜ ਅਰਬ ਦਾ ਘਾਟਾ ਦੱਸਿਆ। ਉਨ੍ਹਾਂ ਦੱਸਿਆ ਕਿ ਇਸ ਦਾ ਵੀ ਇਕ ਕਾਰਨ ਬਾਦਲ ਪਰਿਵਾਰ ਹੀ ਹੈ, ਜਿਸ ਕਰਕੇ ਸੰਗਤਾਂ ਦੀ ਆਸਥਾ ਘਟਦੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਅਜੇ ਗੁਰਦੁਆਰਿਆਂ ਦਾ ਬਜਟ ਬਹੁਤ ਘੱਟ ਹੈ ਪਰ ਫਿਰ ਵੀ ਇਸ ਵਾਰ ਅਸੀਂ ਬਜਟ ਪਾਸ ਕੀਤਾ ਤਾਂ ਪਹਿਲਾਂ ਨਾਲੋਂ 25 ਫੀਸਦੀ ਵਾਧਾ ਹੋਇਆ। ਉਨ੍ਹਾਂ ਕਿਹਾ ਕਿ ਐੱਸ.ਜੀ.ਪੀ.ਸੀ. ਨੂੰ ਪੰਜ ਅਰਬ ਦਾ ਘਾਟਾ ਕਿਉਂ ਪਿਆ, ਇਸ ਦਾ ਜਵਾਬ ਦੇਣਾ ਚਾਹੀਦਾ ਹੈ।