ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ''ਚ ਗੁਰਦੁਆਰਾ ਢਾਹੁਣ ਦੀ ਸਖ਼ਤ ਨਿੰਦਾ, ਮੁੜ ਉਸਾਰੀ ਦੀ ਆਖੀ ਗੱਲ

Monday, Aug 31, 2026 - 08:38 AM (IST)

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਵੱਲੋਂ ਕੋਇਟਾ ''ਚ ਗੁਰਦੁਆਰਾ ਢਾਹੁਣ ਦੀ ਸਖ਼ਤ ਨਿੰਦਾ, ਮੁੜ ਉਸਾਰੀ ਦੀ ਆਖੀ ਗੱਲ

ਅੰਮ੍ਰਿਤਸਰ (ਸਰਬਜੀਤ) : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪਾਕਿਸਤਾਨ ਦੇ ਬਲੋਚਿਸਤਾਨ ਦੇ ਕੋਇਟਾ ਵਿਖੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੀ ਇਮਾਰਤ ਢਾਹੁਣ ਦੀ ਸਖ਼ਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਇਸ ਕਾਰਵਾਈ ਲਈ ਜ਼ਿੰਮੇਵਾਰ ਲੋਕਾਂ ਵਿਰੁੱਧ ਕਾਰਵਾਈ ਦੀ ਗੱਲ ਆਖੀ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕਿ ਗੁਰਦੁਆਰਾ ਸਾਹਿਬ ਵਾਲੀ ਥਾਂ ਉੱਤੇ ਸਕੂਲ ਚੱਲ ਰਿਹਾ ਸੀ ਪਰ ਇਸਦਾ ਮਤਲਬ ਇਹ ਨਹੀਂ ਕਿ ਸਿੱਖ ਆਪਣੀ ਵਿਰਾਸਤ ਨੂੰ ਭੁੱਲੇ ਹਨ। ਉਨ੍ਹਾਂ ਕਿਹਾ ਕਿ ਬਲੋਚਿਸਤਾਨ ਵਿੱਚ ਸਿੱਖ ਬਹੁਤ ਹੀ ਘੱਟ ਗਿਣਤੀ ਵਿੱਚ ਹਨ, ਇਸ ਲਈ ਪਾਕਿਸਤਾਨ ਸਰਕਾਰ ਦੀ ਇਹ ਮੁੱਢਲੀ ਜ਼ਿੰਮੇਵਾਰੀ ਹੈ ਕਿ ਉਹ ਸਿੱਖ ਵਿਰਾਸਤ ਦੀ ਸਾਂਭ ਸੰਭਾਲ ਯਕੀਨੀ ਬਣਾਵੇ।

ਇਹ ਵੀ ਪੜ੍ਹੋ : CM ਮਾਨ ਖ਼ਿਲਾਫ਼ ਚੋਣ ਲੜਣਗੇ ਰਾਜਾ ਵੜਿੰਗ! ਹਾਈਕਮਾਂਡ ਨੂੰ ਕੀਤੀ ਅਪੀਲ 

ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਤੋਂ ਇਹ ਸਾਹਮਣੇ ਆਇਆ ਹੈ ਕਿ ਗੁਰਦੁਆਰਾ ਸਾਹਿਬ ਨੂੰ ਬਿਨਾਂ ਕੋਈ ਜਾਣਕਾਰੀ ਦਿੱਤੇ ਹੀ ਢਾਹ ਦਿੱਤਾ ਗਿਆ ਹੈ ਅਤੇ ਇਸ ਦੀ ਜ਼ਮੀਨ ਕਿਸੇ ਨਿੱਜੀ ਕੰਪਨੀ ਨੂੰ ਸ਼ਾਪਿੰਗ ਪਲਾਜ਼ਾ ਬਣਾਉਣ ਲਈ ਸੌਂਪੀ ਗਈ ਹੈ, ਜਿਸ ਦੀ ਗੰਭੀਰਤਾ ਨਾਲ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਬਹੁਤ ਹੀ ਮੰਦਭਾਗਾ ਵਰਤਾਰਾ ਹੈ ਕਿ ਇੱਕ ਘੱਟ-ਗਿਣਤੀ ਕੌਮ ਦੇ ਧਾਰਮਿਕ ਅਸਥਾਨ ਨੂੰ ਢਾਹ ਕੇ ਉਸ ਦੀ ਜਗ੍ਹਾ ਕਿਸੇ ਕੰਪਨੀ ਦੇ ਨਿੱਜੀ ਹਿੱਤਾਂ ਦੀ ਪੂਰਤੀ ਲਈ ਜਬਰੀ ਦੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਅਜਿਹੀਆਂ ਕਾਰਵਾਈਆਂ ਘੱਟ ਗਿਣਤੀ ਭਾਈਚਾਰਿਆਂ ਨਾਲ ਘੋਰ ਅਨਿਆਂ ਹਨ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਨੂੰ ਇਸ ਮਾਮਲੇ ਦਾ ਤੁਰੰਤ ਸਖ਼ਤ ਨੋਟਿਸ ਲੈਂਦਿਆਂ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਗੁਰਦੁਆਰਾ ਸਾਹਿਬ ਦੀ ਉਸੇ ਥਾਂ ਉੱਤੇ ਮੁੜ ਉਸਾਰੀ ਕਰਵਾਉਣ ਲਈ ਸਿੱਖਾਂ ਨੂੰ ਭਰੋਸੇ ਵਿੱਚ ਲੈਣਾ ਚਾਹੀਦਾ ਹੈ। ਉਨ੍ਹਾਂ ਭਾਰਤ ਸਰਕਾਰ ਦੇ ਵਿਦੇਸ਼ ਮੰਤਰਾਲੇ ਨੂੰ ਵੀ ਆਖਿਆ ਕਿ ਉਹ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਇਹ ਮਾਮਲਾ ਉਠਾਉਣ ਅਤੇ ਇਸਦੇ ਹੱਲ ਲਈ ਗੰਭੀਰਤਾ ਨਾਲ ਯਤਨ ਕਰਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

Sandeep Kumar

Content Editor

Related News