''ਜਥੇਦਾਰ ਵੇਦਾਂਤੀ ਨੂੰ ਪੰਥਕ ਸਨਮਾਨ ਲਈ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਲਵਾਂਗੇ ਫੈਸਲਾ''
Tuesday, May 25, 2021 - 01:07 AM (IST)
ਅੰਮ੍ਰਿਤਸਰ(ਦੀਪਕ ਸ਼ਰਮਾ)- ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ ਨਮਿੱਤ ਅੰਤਿਮ ਅਰਦਾਸ ਸਮਾਗਮ ਗੁਰਦੁਆਰਾ ਸੰਗਰਾਣਾ ਸਾਹਿਬ ਵਿਖੇ ਹੋਇਆ, ਜਿਸ ’ਚ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਨਾਲ ਜੋੜਿਆ ਅਤੇ ਸਿੱਖ ਕੌਮ ਦੀਆਂ ਪ੍ਰਮੁੱਖ ਸ਼ਖਸੀਅਤਾਂ ਜਥੇਦਾਰ ਵੇਦਾਂਤੀ ਨੂੰ ਸ਼ਰਧਾਂਜਲੀ ਭੇਟ ਕੀਤੀ।
ਇਹ ਵੀ ਪੜ੍ਹੋ: 26 ਨੂੰ ਆਪਣੇ ਘਰਾਂ ’ਤੇ ਕਾਲੇ ਝੰਡੇ ਲਹਿਰਾਉਣ ਅਕਾਲੀ ਵਰਕਰ : ਸੁਖਬੀਰ
ਅਰਦਾਸ ਭਾਈ ਰਾਜਦੀਪ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ ਨੇ ਸਰਵਣ ਕਰਵਾਇਆ। ਅਰਦਾਸ ਸਮਾਗਮ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਜਥੇਦਾਰ ਜੋਗਿੰਦਰ ਸਿੰਘ ਵੇਦਾਂਤੀ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਪੰਥਕ ਸਨਮਾਨ ਦੇਣ ਲਈ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ’ਚ ਵਿਚਾਰ ਕਰਨ ਦਾ ਪ੍ਰਗਟਾਵਾ ਕੀਤਾ, ਉਥੇ ਹੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਬੀਬੀ ਜਗੀਰ ਕੌਰ ਨੇ ਜਥੇਦਾਰ ਵੇਦਾਂਤੀ ਦੀ ਤਸਵੀਰ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਸਥਿਤ ਕੇਂਦਰੀ ਸਿੱਖ ਅਜਾਇਬ ਘਰ ਲਾਉਣ ਦਾ ਐਲਾਨ ਕੀਤਾ।
ਇਹ ਵੀ ਪੜ੍ਹੋ: ਦੁਕਾਨਾਂ ਖੋਲ੍ਹਣ ਨੂੰ ਲੈ ਕੇ ਕਪੂਰਥਲਾ ਮੈਜਿਸਟ੍ਰੇਟ ਵੱਲੋਂ ਨਵੀਆਂ ਹਦਾਇਤਾਂ ਜਾਰੀ
ਇਸ ਦੌਰਾਨ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਆਖਿਆ ਕਿ ਜਥੇਦਾਰ ਵੇਦਾਂਤੀ ਦੇ ਚਲਾਣੇ ਨਾਲ ਸਿੱਖ ਪੰਥ ਨੂੰ ਵੱਡਾ ਘਾਟਾ ਪਿਆ ਹੈ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਸਿੰਘ ਸਾਹਿਬ ਗਿਆਨੀ ਜਗਤਾਰ ਸਿੰਘ, ਤਖਤ ਸ੍ਰੀ ਕੇਸਗਡ਼੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਤਖਤ ਸ੍ਰੀ ਪਟਨਾ ਸਾਹਿਬ ਦੇ ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਆਦਿ ਨੇ ਵੀ ਜਥੇਦਾਰ ਵੇਦਾਂਤੀ ਨੂੰ ਸ਼ਰਧਾ ਅਤੇ ਸਤਿਕਾਰ ਭੇਟ ਕੀਤਾ।