ਡੇਰਾ ਮੁਖੀ ਨੂੰ ਮੁਆਫੀ ਦੇਣ ''ਤੇ ਰਿਸ਼ਤਿਆਂ ''ਚ ਆਈ ਤਲਖੀ, ਸਿੰਘ ਸਾਹਿਬ ਦੀ ਧੀ ਦੇ ਵਿਆਹ ''ਚ ਜੱਥੇਦਾਰਾਂ ਦਾ ਬਾਈਕਾਟ

02/16/2017 11:18:29 AM

 ਅੰਮ੍ਰਿਤਸਰ (ਬਿਊਰੋ) : ਸ੍ਰੀ ਅਕਾਲ ਤਖਤ ਸਾਹਿਬ ਵੱਲੋਂ 24 ਸਤੰਬਰ, 2015 ਨੂੰ ਡੇਰਾ ਸੱਚਾ ਸੌਦਾ ਦੇ ਮੁਖੀ ਰਾਮ ਰਹੀਮ ਨੂੰ ਮੁਆਫੀ ਦੇਣ ਵਿਚ ਸ਼ਾਮਲ ਤਖਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਗੁਰਮੁੱਖ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੇ ਪਰਿਵਾਰ ਨੇ ਅਜੇ ਤੱਕ ਮੁਆਫ ਨਹੀਂ ਕੀਤਾ। ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੀ ਪਤਨੀ ਤਖਤ ਸ੍ਰੀ ਦਮਦਮਾ ਸਾਹਿਬ ਦੇ ਸਿੰਘ ਸਾਹਿਬ ਗਿਆਨੀ ਗੁਰਮੁੱਖ ਸਿੰਘ ਦੀ ਸਕੀ ਭੈਣ ਹੈ। ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫੀ ਦੇਣ ਦੇ ਮਾਮਲੇ ''ਚ ਰਿਸ਼ਤਿਆਂ ''ਚ ਪਈਆਂ ਤੇੜਾਂ ਉਦੋਂ ਸਾਹਮਣੇ ਆਈਆਂ, ਜਦੋਂ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਆਪਣੀ ਧੀ ਦੇ ਵਿਆਹ ''ਤੇ ਗਿਆਨੀ ਗੁਰਮੁੱਖ ਸਿੰਘ ਸਮੇਤ ਸ੍ਰੀ ਅਕਾਲ ਤਖਤ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਬਚਨ ਸਿੰਘ ਅਤੇ ਹੋਰ ਕਿਸੇ ਤਖਤ ਦੇ ਜੱਥੇਦਾਰ ਨੂੰ ਸੱਦਾ ਨਹੀਂ ਦਿੱਤਾ। ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਨੇ ਆਪਣੀ ਬੇਟੀ ਦਾ ਵਿਆਹ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਅਸਥਾਨ ਗੁਰਦੁਆਰਾ ਟਾਹਲਾ ਸਾਹਿਬ ਅੰਮ੍ਰਿਤਸਰ ਵਿਖੇ ਪੂਰਨ ਗੁਰ ਮਰਿਆਦਾ ਨਾਲ ਕੀਤਾ। ਇਸ ਸਮੇਂ ਪੰਥ ਦੀਆਂ ਕਈ ਸਿਰਮੌਰ ਹਸਤੀਆਂ ਹਾਜ਼ਰ ਸਨ। ਇਹ ਵੀ ਜ਼ਿਕਰਯੋਗ ਹੈ ਕਿ ਗਿਆਨੀ ਗੁਰਮੁੱਖ ਸਿੰਘ ਅਤੇ ਸਿੰਘ ਸਾਹਿਬ ਗਿਆਨੀ ਸੁਖਜਿੰਦਰ ਸਿੰਘ ਦੀ ਸ੍ਰੀ ਦਰਬਾਰ ਸਾਹਿਬ ਕੰਪਲੈਕਸ ''ਚ ਰਿਹਾਇਸ਼ ਹੈ ਪਰ ਫਿਰ ਵੀ ਉਨ੍ਹਾਂ ਦਾ ਆਪਸ ਵਿਚ ਕੋਈ ਵੀ ਮਿਲਵਰਤਣ ਨਹੀਂ ਹੈ। ਭੈਣ ਵੱਲੋਂ ਹੀ ਭਰਾ ਦੇ ਵਿਰੁੱਧ ਇਹ ਫੈਸਲਾ ਲਿਆ ਗਿਆ ਹੈ, ਕਿਉਂਕਿ ਡੇਰਾ ਸੱਚਾ ਸੌਦਾ ਦੇ ਮੁਖੀ ਨੂੰ ਮੁਆਫੀ ਦੇਣ ਵਾਲਿਆਂ ਵਿਚ ਤਖਤ ਸ੍ਰੀ ਦਮਦਮਾ ਸਾਹਿਬ ਦੇ ਜੱਥੇਦਾਰ ਗਿਆਨੀ ਗੁਰਮੁੱਖ ਸਿੰਘ ਸ਼ਾਮਲ ਹਨ। ਪਰਿਵਾਰਿਕ ਸਬੰਧਾਂ ਨਾਲੋਂ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿਚ ਰੱਖਿਆ ਗਿਆ ਹੈ।


Babita Marhas

News Editor

Related News