ਕੋਰੋਨਾ ਦੌਰਾਨ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਨ ਵਾਲੇ ਜਤਿੰਦਰ ਸਿੰਘ ਸ਼ੰਟੀ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ
Tuesday, Nov 09, 2021 - 03:15 AM (IST)
ਚੰਡੀਗੜ੍ਹ,ਨਵੀਂ ਦਿੱਲੀ: ਰਾਸ਼ਟਰਪਤੀ ਰਾਮ ਨਾਥ ਕੋਵਿੰਦ ਵੱਲੋਂ ਅੱਜ ਕਈ ਹਸਤੀਆਂ ਨੂੰ ਪਦਮਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ ਹੈ। ਇਸ ਵਿਚਕਾਰ ਕੋਰੋਨਾ ਕਾਲ ਦੌਰਾਨ ਹਜ਼ਾਰਾਂ ਦੀ ਗਿਣਤੀ ਵਿਚ ਲਾਵਾਰਿਸ ਲਾਸ਼ਾਂ ਦਾ ਅੰਤਿਮ ਸੰਸਕਾਰ ਕਰਨ ਵਾਲੇ ਸ਼ਹੀਦ ਭਗਤ ਸਿੰਘ ਸੇਵਾ ਦਲ ਦੇ ਸੰਸਥਾਪਕ ਜਤਿੰਦਰ ਸਿੰਘ ਸ਼ੰਟੀ ਨੂੰ ਸਮਾਜ ਸੇਵਾ ਲਈ ਰਾਸ਼ਟਰਪਤੀ ਵਲੋਂ ਪਦਮਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ ਹੈ। ਪੁਰਸਕਾਰ ਮਿਲਣ ਤੋਂ ਬਾਅਦ ਉਨ੍ਹਾਂ ਕਿਹਾ ਕਿ ਭਗਤ ਸਿੰਘ ਨੇ 23 ਸਾਲ ਦੀ ਉਮਰ ਵਿਚ ਦੇਸ਼ ਲਈ ਫਾਂਸੀ ਦਾ ਰੱਸਾ ਚੁੰਮਿਆ ਸੀ ਅਤੇ ਮੈਂ ਉਨ੍ਹਾਂ ਤੋਂ ਪ੍ਰੇਰਿਤ ਹੋ ਕੇ ਕੰਮ ਕਰ ਰਿਹਾ ਹਾਂ।
ਇਸ ਐਵਾਰਡ ਨਾਲ ਸਨਮਾਨਿਤ ਹੋਣ ਬਾਅਦ ਜਤਿੰਦਰ ਸਿੰਘ ਸ਼ੰਟੀ ਨੇ ਕਿਹਾ ਕਿ ਇਹ ਐਵਾਰਡ ਸਿਰਫ ਉਨ੍ਹਾਂ ਦਾ ਨਹੀਂ ਹੈ, ਬਲਕਿ ਉਨ੍ਹਾਂ ਸਭ ਲੋਕਾਂ ਦਾ ਵੀ ਹੈ ਜਿਨ੍ਹਾਂ ਨੇ ਇਸ ਮਹਾਮਾਰੀ ਦੌਰਾਨ ਉਨ੍ਹਾਂ ਦੀ ਮਦਦ ਕੀਤੀ। ਸ਼ੰਟੀ ਨੇ ਅੱਗੇ ਕਿਹਾ ਉਨ੍ਹਾਂ ਦੀ ਸੰਸਥਾ ਵਲੋਂ ਮੁਫ਼ਤ ਐਂਬੂਲੈਂਸ ਸੇਵਾ ਵੀ ਪ੍ਰਦਾਨ ਕੀਤੀ ਜਾਂਦੀ ਹੈ। ਕੋਰੋਨਾ ਦੀ ਪਹਿਲੀ ਲਹਿਰ ਤੋਂ ਹੁਣ ਤੱਕ ਅਸੀਂ 4 ਹਜ਼ਾਰ ਤੋਂ ਜ਼ਿਆਦਾ ਲੋਕਾਂ ਦਾ ਅੰਤਿਮ ਸੰਸਕਾਰ ਕਰ ਚੁੱਕੇ ਹਾਂ। ਕਰੀਬ 19 ਹਜ਼ਾਰ ਤੋਂ ਜ਼ਿਆਦਾ ਮਰੀਜ਼ਾਂ ਲਈ ਉਨ੍ਹਾਂ ਦੀ ਐਂਬੂਲੈਂਸ ਸੇਵਾ ਹਰ ਸਮੇਂ ਤਿਆਰ ਰਹੀ ਅਤੇ ਮਰੀਜ਼ਾਂ ਨੂੰ ਹਸਪਤਾਲ ਪਹੁੰਚਾਇਆ।