ਸਿਹਤ ਮੰਤਰੀ ਜੌੜਾਮਾਜਰਾ ਨੇ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰ ਸੁਵਿਧਾਵਾਂ ਦੀ ਕੀਤੀ ਸਮੀਖਿਆ

07/28/2022 7:49:30 PM

ਸੰਗਰੂਰ (ਵਿਜੈ ਕੁਮਾਰ ਸਿੰਗਲਾ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ, ਮੈਡੀਕਲ ਸਿੱਖਿਆ ਤੇ ਖੋਜ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਅੱਜ ਸਿਵਲ ਹਸਪਤਾਲ ਸੰਗਰੂਰ ਦਾ ਦੌਰਾ ਕਰਕੇ ਇੱਥੇ ਮਰੀਜ਼ਾਂ ਨੂੰ ਮਿਲਣ ਵਾਲੀਆਂ ਸੁਵਿਧਾਵਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕੈਬਨਿਟ ਮੰਤਰੀ ਨੂੰ ਸੰਗਰੂਰ ਪੁਲਸ ਦੇ ਜਵਾਨਾਂ ਵੱਲੋਂ ਸਲਾਮੀ ਵੀ ਦਿੱਤੀ ਗਈ। ਉਨ੍ਹਾਂ ਨਾਲ ਹਲਕਾ ਵਿਧਾਇਕ ਨਰਿੰਦਰ ਕੌਰ ਭਰਾਜ ਤੇ ਆਗੂ ਗੁਰਮੇਲ ਸਿੰਘ ਘਰਾਚੋਂ ਸਮੇਤ ਵੱਡੀ ਗਿਣਤੀ 'ਚ ਸਥਾਨਕ ਆਗੂ ਵੀ ਹਾਜ਼ਰ ਸਨ। ਮੰਤਰੀ ਜੌੜਾਮਾਜਰਾ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦੇ ਖੇਤਰ ’ਚ ਸੁਧਾਰ ਕਰਨਾ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਪਹਿਲ ਹੈ ਅਤੇ ਇਸ ਲਈ ਲੋੜੀਂਦੀ ਕਾਰਵਾਈ ਸ਼ੁਰੂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਅੱਜ ਦਾ ਇਹ ਦੌਰਾ ਵੀ ਸੰਗਰੂਰ ਸਿਵਲ ਹਸਪਤਾਲ ‘ਚ ਲੋੜੀਂਦੇ ਉਪਕਰਨਾਂ ਤੇ ਬੁਨਿਆਦੀ ਢਾਂਚੇ ਦਾ ਸਮੀਖਿਆ ਕਰਨਾ ਹੈ ਤਾਂ ਜੋ ਆਉਣ ਵਾਲੇ ਸਮੇਂ ‘ਚ ਇਨ੍ਹਾਂ ਲੋੜਾਂ ਨੂੰ ਪੂਰਾ ਕੀਤਾ ਜਾ ਸਕੇ।

ਇਹ ਵੀ ਪੜ੍ਹੋ : ਅਮਨ ਅਰੋੜਾ ਵੱਲੋਂ ਅਧਿਕਾਰੀਆਂ ਨੂੰ ਸਰਕਾਰ ਤੇ ਜਨਤਾ ਵਿਚਾਲੇ ਮਜ਼ਬੂਤ ਕੜੀ ਵਜੋਂ ਕੰਮ ਕਰਨ ਦੀ ਹਦਾਇਤ

ਉਨ੍ਹਾਂ ਦੱਸਿਆ ਕਿ ਆਗਾਮੀ 15 ਅਗਸਤ ਨੂੰ ਪੰਜਾਬ ਸਰਕਾਰ ਸਿਹਤ ਦੇ ਖੇਤਰ ’ਚ ਵੱਡੀ ਕ੍ਰਾਂਤੀ ਲਿਆਉਣ ਜਾ ਰਹੀ ਹੈ, ਜਿਸ ਤਹਿਤ ਪੂਰੇ ਸੂਬੇ ’ਚ 75 ਆਮ ਆਦਮੀ ਕਲੀਨਿਕ ਖੋਲ੍ਹੇ ਜਾ ਰਹੇ ਹਨ, ਜਿਨ੍ਹਾਂ ’ਚ ਡਾਕਟਰ ਤੋਂ ਲੈ ਕੇ ਸਵੀਪਰ ਤੱਕ ਲੋੜੀਂਦਾ ਪੂਰਾ ਸਟਾਫ਼ ਹੋਵੇਗਾ। ਉਨ੍ਹਾਂ ਕਿਹਾ ਕਿ ਮੁੱਢਲੀਆਂ ਸਿਹਤ ਸੁਵਿਧਾਵਾਂ ਦੇ ਨਾਲ-ਨਾਲ ਜ਼ਰੂਰੀ ਦਵਾਈਆਂ ਅਤੇ ਟੈਸਟ ਵੀ ਇੱਥੇ ਕਰਵਾਏ ਜਾ ਸਕਣਗੇ। ਇਹ ਕਲੀਨਿਕ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਤੱਕ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਮੁੱਢਲੀ ਸਿਹਤ ਸੰਭਾਲ ਨੂੰ ਮਜ਼ਬੂਤ ਕਰਨ ’ਚ ਸਹਾਈ ਹੋਣਗੇ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵੱਲੋਂ ਇਨ੍ਹਾਂ ਕਲੀਨਿਕਾਂ ਰਾਹੀਂ ਸਿਹਤ ਸੇਵਾਵਾਂ ਦੀ ਹਰ ਇਕ ਵਰਗ ਤੱਕ ਪਹੁੰਚ, ਸਿਹਤ ਨਾਲ ਸਬੰਧਿਤ ਖਰਚੇ ਘਟਾਉਣ, ਰੋਗਾਂ ਦੀ ਜਲਦ ਪਛਾਣ ਅਤੇ ਵਿੱਤੀ ਤੌਰ ’ਤੇ ਕਮਜ਼ੋਰ ਵਰਗਾਂ ਲਈ ਸਰਕਾਰੀ ਸਿਹਤ ਪ੍ਰਣਾਲੀ ਨੂੰ ਮਜ਼ਬੂਤ ਕਰਨ ’ਚ ਸਹਾਇਤਾ ਮਿਲੇਗੀ।

ਇਹ ਵੀ ਪੜ੍ਹੋ : ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ, 2 ਕਾਰਾਂ 'ਚੋਂ 20 ਪੇਟੀਆਂ ਨਾਜਾਇਜ਼ ਸ਼ਰਾਬ ਫੜੀ, 2 ਕਾਬੂ

ਆਪਣੇ ਦੌਰੇ ਦੌਰਾਨ ਜੌੜਾਮਾਜਰਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰੀ ਸਿਹਤ ਸੰਸਥਾਵਾਂ ’ਚ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣੀ ਚਾਹੀਦੀ। ਉਨ੍ਹਾਂ ਕਿਹਾ ਕਿ ਵੇਲੇ ਸਿਰ ਸਿਹਤ ਸੁਵਿਧਾਵਾਂ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਿਹਤ ਸੰਸਥਾਵਾਂ ਦੀ ਸਾਫ਼-ਸਫ਼ਾਈ ਦਾ ਵੀ ਖ਼ਾਸ ਖਿਆਲ ਰੱਖਿਆ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਵਰਜੀਤ ਵਾਲੀਆ, ਐੱਸ.ਡੀ.ਐੱਮ. ਸੰਗਰੂਰ ਚਰਨਜੋਤ ਸਿੰਘ ਵਾਲੀਆ, ਸਹਾਇਕ ਕਮਿਸ਼ਨਰ ਦੇਵਦਰਸ਼ਦੀਪ ਸਿੰਘ, ਸਿਵਲ ਸਰਜਨ ਸੰਗਰੂਰ ਡਾ. ਪਰਮਿੰਦਰ ਕੌਰ, ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਕਾਸ ਧੀਰ, ਐੱਸ.ਐੱਮ.ਓ. ਡਾ. ਬਲਜੀਤ ਸਿੰਘ ਤੇ ਜ਼ਿਲ੍ਹਾ ਪਰਿਵਾਰ ਤੇ ਭਲਾਈ ਅਫ਼ਸਰ ਡਾ. ਇੰਦਰਜੀਤ ਸਿੰਗਲਾ ਹਾਜ਼ਰ ਸਨ।

ਨੋਟ - ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿਚ ਜ਼ਰੂਰ ਸਾਂਝੇ ਕਰੋ।


Mukesh

Content Editor

Related News