ਨਗਰ ਕੌਂਸਲ ਦਾ ਜੇ.ਈ. ਲੱਖ ਰੁਪਏ ਦੀ ਰਿਸ਼ਵਤ ਲੈਂਦਾ ਵਿਜੀਲੈਂਸ ਬਿਊਰੋ ਵੱਲੋਂ ਰੰਗੇ ਹੱਥੀਂ ਕਾਬੂ

Wednesday, Jun 05, 2024 - 06:45 PM (IST)

ਚੰਡੀਗੜ੍ਹ (ਬਿਊਰੋ) : ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀ ਸਰਕਾਰ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਅਪਣਾਈ ਜੀਰੋ ਟਾਲਰੈਂਸ ਨੀਤੀ ਅਧੀਨ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤਖੋਰੀ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਵਿਜੀਲੈਂਸ ਬਿਊਰੋ ਨੇ ਬੀਤੀ ਰਾਤ ਨਗਰ ਕੌਂਸਲ ਮਾਨਸਾ ਵਿਖੇ ਤਾਇਨਾਤ ਜੇ.ਈ. ਜਤਿੰਦਰ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਹਾਸਲ ਕਰਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਜਤਿੰਦਰ ਸਿੰਘ ਜੇ.ਈ. ਵਿਰੁੱਧ ਇਹ ਮੁਕੱਦਮਾ ਦੀ ਪਿੰਡ ਖੀਵਾਂ ਕਲਾ ਕੋਆਪ੍ਰੇਟਿਵ ਕਿਰਤ ਸੁਸਾਇਟੀ ਅਤੇ ਉਸਾਰੀ ਸਭਾ ਦੇ ਪ੍ਰਧਾਨ ਸੁਰਿੰਦਰ ਗਰਗ ਦੀ ਸ਼ਿਕਾਇਤ ਉੱਪਰ ਦਰਜ ਕੀਤਾ ਗਿਆ ਹੈ। ਉੱਨ੍ਹਾਂ ਦੱਸਿਆ ਕਿ ਉਕਤ ਜੇ.ਈ. ਵੱਲੋਂ ਕਸਤੂਰਬਾ ਗਾਂਧੀ ਹੋਸਟਲ ਬਰੇਟਾ, ਜ਼ਿਲ੍ਹਾ ਮਾਨਸਾ ਦੇ ਉਸਾਰੀ ਕਾਰਜਾਂ ’ਚ ਘਪਲੇਬਾਜੀ ਕਰਨ ਦੇ ਦੋਸ਼ ਹੇਠ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਪਹਿਲਾਂ ਹੀ ਅਕਤੂਬਰ 2022 ’ਚ ਇੱਕ ਮੁਕੱਦਮੇ ’ਚ ਦੋਸ਼ੀ ਵਜੋਂ ਨਾਮਜ਼ਦ ਕੀਤਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਸੋਸਾਇਟੀ ਨੂੰ ਨਗਰ ਕੌਂਸਲ ਮਾਨਸਾ ਵੱਲੋਂ ਬਿਜਲੀ ਦੀ ਸਪਲਾਈ, ਗਲੀਆਂ ਦੀ ਉਸਾਰੀ ਦੇ ਕੰਮ ਅਤੇ ਹੋਰ ਕਈ ਕੰਮ ਅਲਾਟ ਹੋਏ ਸਨ। ਇਸ ਸਬੰਧੀ ਸੋਸਾਇਟੀ ਵੱਲੋਂ ਕੰਮ ਮੁਕੰਮਲ ਕਰਨ ਉਪਰੰਤ ਅਦਾਇਗੀ ਕਰਨ ਲਈ ਬਿੱਲ ਨਗਰ ਕੌਂਸਲ ਮਾਨਸਾ ਵਿਖੇ ਭੇਜੇ ਗਏ ਸਨ ਪਰ ਅਦਾਇਗੀ ਕਰਨ ਲਈ ਉਕਤ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ (ਈ.ਓ.), ਜੂਨੀਅਰ ਇੰਜੀਨੀਅਰ (ਜੇ.ਈ.), ਸਹਾਇਕ ਨਗਰ ਕੌਂਸਲ ਇੰਜੀਨੀਅਰ (ਏ.ਐੱਮ.ਈ.), ਲੇਖਾਕਾਰ, ਕਲਰਕ ਅਤੇ ਕੰਪਿਊਟਰ ਅਪਰੇਟਰ ਵੱਲੋ ਉਸ ਕੋਲੋਂ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਵਿਜੀਲੈਂਸ ਬਿਊਰੋ ਬਠਿੰਡਾ ਰੇਂਜ ਵੱਲੋਂ ਸ਼ਿਕਾਇਤ ’ਚ ਲਗਾਏ ਗਏ ਦੋਸ਼ਾਂ ਦੀ ਮੁੱਢਲੀ ਜਾਂਚ ਉਪਰੰਤ ਜਾਲ ਵਿਛਾਇਆ, ਜਿਸ ਦੌਰਾਨ ਮੁਲਜ਼ਮ ਜਤਿੰਦਰ ਸਿੰਘ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ’ਚ ਸ਼ਿਕਾਇਤਕਰਤਾ ਤੋਂ ਬਿੱਲ ਪਾਸ ਕਰਨ ਬਦਲੇ ਕਮਿਸ਼ਨ ਦੇ ਤੌਰ ਤੇ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਬੀਤੀ ਰਾਤ ਰੰਗੇ ਹੱਥੀਂ ਕਾਬੂ ਕੀਤਾ ਗਿਆ।

ਇਹ ਖ਼ਬਰ ਵੀ ਪੜ੍ਹੋ : ਕਾਂਗਰਸ ਵੱਲੋਂ ਸੂਬਾ ਪ੍ਰਧਾਨ ਵੜਿੰਗ ਤੇ ਸਾਬਕਾ ਉੱਪ-ਮੁੱਖ ਮੰਤਰੀ ਰੰਧਾਵਾ ਨੂੰ ਚੋਣ ਮੈਦਾਨ ’ਚ ਉਤਾਰਨਾ ਰਿਹਾ ਫਾਇਦੇਮੰਦ

ਵਿਜੀਲੈਂਸ ਟੀਮ ਨੇ ਮੌਕੇ ਤੇ ਹੀ ਮੁਲਜ਼ਮ ਦੇ ਕਬਜੇ ‘ਚੋਂ 1,00,000 ਰੁਪਏ ਦੀ ਰਿਸ਼ਵਤ ਦੀ ਰਕਮ ਵੀ ਬਰਾਮਦ ਕਰ ਲਈ। ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਹੋਰ ਵੇਰਵੇ ਦਿੰਦਿਆਂ ਦੱਸਿਆ ਕਿ ਇਸ ਸ਼ਿਕਾਇਤ ਦੇ ਆਧਾਰ ’ਤੇ ਨਗਰ ਕੌਂਸਲ ਮਾਨਸਾ ਦੇ ਈ.ਓ. ਅੰਮ੍ਰਿਤ ਲਾਲ, ਜੇ.ਈ. ਜਤਿੰਦਰ ਸਿੰਘ, ਏ.ਐੱਮ.ਈ. ਗਗਨਦੀਪ ਸਿੰਘ, ਕਲਰਕ ਅਕਾਊਂਟ ਬ੍ਰਾਂਚ ਅਮਨਦੀਪ ਸਿੰਘ, ਲੇਖਾਕਾਰ ਸ਼ਾਮ ਲਾਲ ਅਤੇ ਕੰਪਿਊਟਰ ਅਪਰੇਟਰ ਰਾਜਪਾਲ ਸਿੰਘ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਗ੍ਰਿਫਤਾਰ ਮੁਲਜ਼ਮ ਜਤਿੰਦਰ ਸਿੰਘ ਜੇ.ਈ. ਨੂੰ ਅੱਜ ਅਦਾਲਤ ’ਚ ਪੇਸ਼ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਾਕੀ ਮੁਲਜ਼ਮਾਂ ਦੀ ਭਾਲ ਲਈ ਵਿਜੀਲੈਂਸ ਟੀਮਾਂ ਵੱਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ। ਇੰਨਾਂ ਤੋਂ ਇਲਾਵਾ ਕਿਸੇ ਹੋਰ ਕਰਮਚਾਰੀ ਦੀ ਭੂਮਿਕਾ ਸਾਹਮਣੇ ਆਈ ਤਾਂ ਉਸ ਨੂੰ ਤਫਤੀਸ਼ ਦੌਰਾਨ ਵਿਚਾਰਿਆ ਜਾਵੇਗਾ।

ਇਹ ਖ਼ਬਰ ਵੀ ਪੜ੍ਹੋ : ਪੰਜਾਬ ’ਚ ‘ਗੱਠਜੋੜ’ ਤੋਂ ਬਿਨਾਂ ‘ਅਕਾਲੀ ਦਲ ਤੇ ਭਾਜਪਾ ਦੇ ਦੋਵੇਂ ਹੱਥ ਖਾਲੀ!, ਬਾਦਲਾਂ ਨੇ ‘ਗੜ੍ਹ’ ਹੀ ਬਚਾਇਆ 

‘ਜਗ ਬਾਣੀ’ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Anuradha

Content Editor

Related News