ਬਿਜਲੀ ਬੋਰਡ ਦਾ ਜੇ.ਈ. ਵਿਜੀਲੈਂਸ ਵੱਲੋਂ ਗ੍ਰਿਫ਼ਤਾਰ, ਖੇਤਾਂ ਤੋਂ ਲੰਘਦੀਆਂ ਤਾਰਾਂ ਹਟਾਉਣ ਲਈ ਲੈ ਰਿਹਾ ਸੀ ਰਿਸ਼ਵਤ
Tuesday, Jan 24, 2023 - 07:06 PM (IST)
ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ਅਨੁਸਾਰ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਇੱਕ ਜੂਨੀਅਰ ਇੰਜੀਨੀਅਰ (ਜੇ.ਈ.) ਮਨਜੀਤ ਸਿੰਘ ਨੂੰ 2000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।
ਇਹ ਖ਼ਬਰ ਵੀ ਪੜ੍ਹੋ - ਵਿਆਹ ਵਾਲੇ ਘਰ ਵਿਛ ਗਏ ਸੱਥਰ, ਲਾੜੇ ਨੇ ਚੁੱਕ ਲਿਆ ਖ਼ੌਫ਼ਨਾਕ ਕਦਮ
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਪੀ.ਐਸ.ਪੀ.ਸੀ.ਐਲ. ਸਬ-ਸਟੇਸ਼ਨ ਸਰਨਾ, ਜ਼ਿਲ੍ਹਾ ਪਠਾਨਕੋਟ ਵਿਖੇ ਤਾਇਨਾਤ ਜੇ.ਈ. ਮਨਜੀਤ ਸਿੰਘ ਨੂੰ ਰਾਜੀਵ ਸਿੰਘ ਵਾਸੀ ਪਿੰਡ ਜਮਾਲਪੁਰ ਜ਼ਿਲ੍ਹਾ ਪਠਾਨਕੋਟ ਦੀ ਸ਼ਿਕਾਇਤ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਗਾਇਆ ਹੈ ਕਿ ਉਪਰੋਕਤ ਜੇ.ਈ. ਉਸ ਦੇ ਖੇਤਾਂ ਉਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਨੂੰ ਪਾਸੇ ਹਟਾਉਣ ਬਦਲੇ 2,000 ਰੁਪਏ ਦੀ ਰਿਸ਼ਵਤ ਦੀ ਮੰਗ ਕਰ ਰਿਹਾ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਦੇ ਮਾਲ ਅਫ਼ਸਰਾਂ ਤੇ ਵਿਜੀਲੈਂਸ ਵਿਚਾਲੇ ਟਕਰਾਅ ! "ਰਿਕਾਰਡ ਨਹੀਂ ਕੀਤਾ ਜਾਵੇਗਾ ਸਾਂਝਾ"
ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਤਸਦੀਕ ਕਰਨ ਤੋਂ ਬਾਅਦ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਅਤੇ ਦੋਸ਼ੀ ਜੇ.ਈ. ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 2,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ ਗਿਆ। ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਮੁਕੱਦਮਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।