ਬ੍ਰਹਮ ਸ਼ੰਕਰ ਜਿੰਪਾ ਵੱਲੋਂ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਸਾਰੇ ਨਾਜਾਇਜ਼ ਨਹਿਰੀ ਮੋਘੇ ਬੰਦ ਕਰਨ ਦੇ ਹੁਕਮ

04/28/2022 1:15:36 AM

ਚੰਡੀਗੜ੍ਹ : ਸੂਬੇ 'ਚ ਟੇਲਾਂ ਵਾਲੇ ਖੇਤਾਂ ਤੱਕ ਨਹਿਰੀ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਪੰਜਾਬ ਦੇ ਜਲ ਸਰੋਤ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਅੱਜ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਨਹਿਰਾਂ ਤੇ ਮਾਈਨਰਾਂ ਵਿੱਚ ਕੁਝ ਕਿਸਾਨਾਂ ਵੱਲੋਂ ਬਣਾਏ ਗਏ ਨਾਜਾਇਜ਼ ਮੋਘੇ ਬੰਦ ਕਰਨ ਤੋਂ ਇਲਾਵਾ ਭੰਨੇ-ਤੋੜੇ ਮੋਘਿਆਂ ਦੀ ਤੁਰੰਤ ਮੁਰੰਮਤ ਕੀਤੀ ਜਾਵੇ। ਇਹ ਹਦਾਇਤਾਂ ਕੈਬਨਿਟ ਮੰਤਰੀ ਨੇ ਅੱਜ ਇੱਥੇ ਪੰਜਾਬ ਸਿਵਲ ਸਕੱਤਰੇਤ-1 ਵਿਖੇ ਉਨ੍ਹਾਂ ਖੇਤਰਾਂ ਦੇ ਵਿਧਾਇਕਾਂ ਨਾਲ ਮੀਟਿੰਗ ਦੌਰਾਨ ਦਿੱਤੀਆਂ, ਜਿਹੜੇ ਇਲਾਕਿਆਂ ਵਿੱਚ ਟੇਲਾਂ 'ਤੇ ਨਹਿਰੀ ਪਾਣੀ ਦੀ ਸਮੱਸਿਆ ਆਉਂਦੀ ਹੈ। ਉਨ੍ਹਾਂ ਅਧਿਕਾਰੀਆਂ ਨੂੰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਭੰਨੇ-ਤੋੜੇ ਮੋਘਿਆਂ ਦੀ ਮੁਰੰਮਤ ਕਰਨ ਅਤੇ ਮਾਈਨਰਾਂ/ਰਜਬਾਹਿਆਂ ਦੀ ਸਫ਼ਾਈ ਤੇ ਮੁਰੰਮਤ ਦੇ ਕੰਮ ਨੂੰ ਮੁਕੰਮਲ ਕਰਨ ਲਈ ਵੀ ਕਿਹਾ।

ਇਹ ਵੀ ਪੜ੍ਹੋ : ਭਾਜਪਾ ਨੇ ਕੈਪਟਨ ਅਮਰਿੰਦਰ ਤੋਂ ਕੀਤਾ ਕਿਨਾਰਾ, ਨਗਰ ਨਿਗਮ ਚੋਣਾਂ ਇਕੱਲੇ ਲੜਨ ਦੀ ਤਿਆਰੀ 'ਚ

ਜਿੰਪਾ ਨੇ ਅਧਿਕਾਰੀਆਂ ਨੂੰ ਅਰਨੀਵਾਲਾ, ਭਾਗਸਰ, ਲਾਧੂਕਾ, ਮਮਦੋਟ, ਲਕਸ਼ਮਣ, ਬਰਕਤਵਾਹ ਅਤੇ ਫੈਜ਼ਵਾਹ ਮਾਈਨਰ ਦੀ ਮੁਰੰਮਤ/ਸਫਾਈ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਨ ਦੇ ਆਦੇਸ਼ ਦਿੱਤੇ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਲਵਾਈ ਵਿੱਚ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ। ਨਹਿਰੀ ਪਾਣੀ ਦੀ ਚੋਰੀ ਸਬੰਧੀ ਰਿਪੋਰਟਾਂ ਦਾ ਸਖਤ ਨੋਟਿਸ ਲੈਂਦਿਆਂ ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਇਸ ਗੈਰ-ਕਾਨੂੰਨੀ ਵਰਤਾਰੇ ਨੂੰ ਰੋਕਣ ਲਈ ਅਚਨਚੇਤ ਨਿਰੀਖਣ ਕਰਨ ਤਾਂ ਜੋ ਟੇਲਾਂ ਵਾਲੇ ਕਿਸਾਨਾਂ ਨੂੰ ਵੀ ਨਹਿਰੀ ਪਾਣੀ ਦਾ ਬਣਦਾ ਹਿੱਸਾ ਮਿਲ ਸਕੇ। ਮੀਟਿੰਗ 'ਚ ਜਲਾਲਾਬਾਦ ਤੋਂ ਵਿਧਾਇਕ ਜਗਦੀਪ ਕੰਬੋਜ ਗੋਲਡੀ, ਖੇਮਕਰਨ ਤੋਂ ਵਿਧਾਇਕ ਸਰਵਣ ਸਿੰਘ ਧੁੰਨ ਅਤੇ ਫਾਜ਼ਿਲਕਾ ਤੋਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ, ਜਲ ਸਰੋਤ ਵਿਭਾਗ ਦੇ ਪ੍ਰਮੁੱਖ ਸਕੱਤਰ ਕ੍ਰਿਸ਼ਨ ਕੁਮਾਰ, ਮੁੱਖ ਇੰਜੀਨੀਅਰ ਨਹਿਰਾਂ ਈਸ਼ਵਰ ਗੋਇਲ ਤੇ ਵਿਭਾਗ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

ਇਹ ਵੀ ਪੜ੍ਹੋ : ਵੱਡੀ ਗਿਣਤੀ 'ਚ ਫੇਰਬਦਲ, ਪੰਜਾਬ-ਹਰਿਆਣਾ ਹਾਈ ਕੋਰਟ ਨੇ 120 ਜੱਜਾਂ ਦੇ ਕੀਤੇ ਤਬਾਦਲੇ, ਪੜ੍ਹੋ ਲਿਸਟ

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ


Anuradha

Content Editor

Related News